ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀਆਂ ਤਸਵੀਰਾਂ ਗੈਲਰੀ ਵਿੱਚ ਹੋਣਗੀਆਂ ਸਥਾਪਤ

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀਆਂ ਤਸਵੀਰਾਂ ਗੈਲਰੀ ਵਿੱਚ ਹੋਣਗੀਆਂ ਸਥਾਪਤ

ਚੰਡੀਗੜ੍ਹ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀਆਂ ਤਸਵੀਰਾਂ ਦਰਬਾਰ ਸਾਹਿਬ ਵਿਖੇ ਬਣਾਈ ਯਾਦਗਾਰ ਦੀ ਬੇਸਮੇਂਟ ਵਿੱਚ ਫੋਟੋ ਗੈਲਰੀ ਬਣਾ ਕੇ ਲਾਈਆਂ ਜਾਣਗੀਆਂ। ਅੰਤ੍ਰਿੰਗ ਕਮੇਟੀ ਦੀ ਅੱਜ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਇਹ ਮੰਗ ਦਮਦਮੀ ਟਕਸਾਲ ਵਲੋਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਕੀਤੇ ਗਏ ਹਨ। ਮੀਟਿੰਗ ਦੌਰਾਨ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਮਹਾਰਾਸ਼ਟਰ ਵਿੱਚ ਵੱਸਦੇ ਸਿਕਲੀਗਰ ਸਿੱਖਾਂ ਦੀਆਂ ਬੁਨਿਆਦੀ ਲੋੜਾਂ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਿਕਲੀਗਰ ਪਰਿਵਾਰਾਂ ਦੇ 100 ਬੱਚਿਆਂ ਨੂੰ ਪੰਜਾਬ ਵਿੱਚ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਤਕਨੀਕੀ ਕਾਲਜਾਂ ਵਿੱਚ ਕਿੱਤਾਮੁਖੀ ਕੋਰਸਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਨ੍ਹਾਂ ਪਰਿਵਾਰਾਂ ਦੀਆਂ ਲੜਕੀਆਂ ਵਾਸਤੇ ਉਨ੍ਹਾਂ ਰਾਜਾਂ ਵਿੱਚ ਵੱਖ ਵੱਖ ਥਾਵਾਂ ‘ਤੇ 10 ਸਿਲਾਈ ਸੈਂਟਰ ਖੋਲ੍ਹੇ ਜਾਣਗੇ। ਪਿਛਲੇ ਦਿਨਾਂ ਵਿੱਚ ਜਿਨ੍ਹਾਂ ਸਿਕਲੀਗਰ ਸਿੱਖਾਂ ‘ਤੇ ਕੇਸ ਦਰਜ ਹੋਏ ਹਨ, ਉਨ੍ਹਾਂ ਦੇ ਕੇਸ ਸ਼੍ਰੋਮਣੀ ਕਮੇਟੀ ਵਲੋਂ ਲੜੇ ਜਾਣਗੇ। ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਤਿੰਨ ਦਿਨਾਂ ਧਾਰਮਿਕ ਸਮਾਗਮ ਵੀ ਕਰਵਾਇਆ ਜਾਵੇਗਾ ਅਤੇ ਰਾਏਪੁਰ ਵਿੱਚ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕਾਂਗਰਸ ਸਰਕਾਰ ਦੇ ਕੁਝ ਆਗੂਆਂ ਅਤੇ ਵਿਧਾਇਕਾਂ ਵਲੋਂ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਗੁਰਦੁਆਰਿਆਂ ਦੀਆਂ ਜ਼ਮੀਨਾਂ ਉਪਰ ਕਥਿਤ ਕਬਜ਼ਾ ਕਰਨ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਵਿੱਚ ਦਖ਼ਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਗੁਰਦੁਆਰਿਆਂ ਦੀਆਂ ਜ਼ਮੀਨਾਂ ‘ਤੇ ਕਬਜ਼ੇ ਕਰਨ ਵਾਲਿਆਂ ਵਿਰੁੱਧ 20 ਜੂਨ ਤੱਕ ਕਾਰਵਾਈ ਕਰਨ ਲਈ ਸਮਾਂ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਸਖ਼ਤ ਕਦਮ ਚੁੱਕੇਗੀ। ਉਨ੍ਹਾਂ ਦੱਸਿਆ ਕਿ 1994 ਵਿੱਚ ਪੀਲੀਭੀਤ ਜੇਲ੍ਹ ਕਾਂਡ ਵਿੱਚ ਮਾਰੇ ਸਿੱਖਾਂ ਦੇ ਵਾਰਸਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਹਰਿਆਣਾ ਦੇ ਪਿੰਡ ਹੋਦ ਚਿੱਲੜ ਦੀ ਸਿੱਖ ਨਸਲਕੁਸ਼ੀ ਦੇ ਮਾਮਲੇ ਨੂੰ ਜਨਤਕ ਕਰਨ ਵਾਲੇ ਮਨਵਿੰਦਰ ਸਿੰਘ ਗਿਆਸਪੁਰਾ ਦੇ ਬੱਚਿਆਂ ਦੀ 2017-2018 ਸੈਸ਼ਨ ਦੀ ਫ਼ੀਸ ਅਦਾ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਪਾਣੀਪਤ ਦੇ ਗੁਰਦੁਆਰੇ ਵਿੱਚ ਵਾਪਰੀ ਘਟਨਾ ਵਿੱਚ ਮਾਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਇਕ ਇਕ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਪੰਜਾਹ ਪੰਜਾਹ ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਸਾਬਕਾ ਡੀਜੀਪੀ ਕੇ.ਪੀ.ਐੱਸ. ਗਿੱਲ ਬਾਰੇ ਸ਼ਰਧਾਂਜਲੀ ਮਤਾ ਪਾਉਣ ‘ਤੇ ਕੈਪਟਨ ਸਰਕਾਰ ਦੀ ਨਿਖੇਧੀ ਕੀਤੀ।