ਭਾਰਤ- ਪਾਕਿ ਤਣਾਅ ਕਾਰਨ ਸਿੱਖ ਸ਼ਰਧਾਲੂ ਨਹੀਂ ਜਾ ਸਕਣਗੇ ਪਾਕਿਸਤਾਨ

ਭਾਰਤ- ਪਾਕਿ ਤਣਾਅ ਕਾਰਨ ਸਿੱਖ ਸ਼ਰਧਾਲੂ ਨਹੀਂ ਜਾ ਸਕਣਗੇ ਪਾਕਿਸਤਾਨ

ਅੰਮ੍ਰਿਤਸਰ/ਬਿਊਰੋ ਨਿਊਜ਼ :
ਭਾਰਤ ਅਤੇ ਪਾਕਿਸਤਾਨ ਵਿਚਾਲੇ ਚਲ ਰਹੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪ੍ਰਵਾਨਗੀ ਨਾ ਦਿੱਤੇ ਜਾਣ ਕਾਰਨ ਇਸ ਵਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਨਹੀਂ ਜਾ ਸਕੇਗਾ। ਸਿੱਖ ਸ਼ਰਧਾਲੂਆਂ ਦਾ ਇਹ ਜੱਥਾ 21-22 ਜੂਨ ਨੂੰ ਇਥੋਂ ਪਾਕਿਸਤਾਨ ਜਾਣਾ ਸੀ, ਜਿਸ ਨੇ 15 ਹਾੜ ਭਾਵ 29 ਜੂਨ  ਨੂੰ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ‘ਤੇ ਬਰਸੀ ਸਮਾਗਮ ਮਨਾਉਣ ਮਗਰੋਂ ਦੇਸ਼ ਪਰਤਣਾ ਸੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦੀ ਇਕ ਸੂਚੀ ਅਤੇ ਪਾਸਪੋਰਟ ਕੇਂਦਰ ਸਰਕਾਰ ਕੋਲ ਭੇਜੇ ਸਨ। ਪਰ ਮੌਜੂਦਾ ਤਣਾਅ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਨਹੀਂ ਦਿੱਤੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੇਂਦਰ ਦੇ ਵਿਦੇਸ਼ ਮਾਮਲਿਆਂ ਬਾਰੇ ਵਿਭਾਗ ਨਾਲ ਸੰਪਰਕ ਕੀਤਾ ਸੀ, ਜਿਨ੍ਹਾਂ ਨੇ ਖੁਲਾਸਾ ਕੀਤਾ ਕਿ ਸੁਰੱਖਿਆ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਥੇ ਨੂੰ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ ਵਿਚ ਆਪਣਾ ਰੋਸ ਦਰਜ ਕਰਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਪੰਜਵੇਂ ਗੁਰੂ ਦੇ ਸ਼ਹੀਦੀ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਸਤੇ ਵੀਜ਼ੇ ਨਹੀਂ ਦਿੱਤੇ ਗਏ ਸਨ ਅਤੇ ਹੁਣ ਦੂਜੀ ਵਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮ ਵਾਸਤੇ ਵੀ ਵੀਜ਼ੇ ਦੇਣ ਤੋਂ ਨਾਂਹ ਕੀਤੀ ਗਈ ਹੈ। ਇਸ ਫੈਸਲੇ ਨਾਲ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।