ਅਮਰਿੰਦਰ ਵੱਲੋਂ ਸਿੱਖ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਦਾ ਆਰਜ਼ੀ ਲਾਂਘਾ ਦਿਵਾਉਣ ਲਈ ਵਿਦੇਸ਼ ਮੰਤਰੀ ਨੂੰ ਅਪੀਲ

ਅਮਰਿੰਦਰ ਵੱਲੋਂ ਸਿੱਖ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਦਾ ਆਰਜ਼ੀ ਲਾਂਘਾ ਦਿਵਾਉਣ ਲਈ ਵਿਦੇਸ਼ ਮੰਤਰੀ ਨੂੰ ਅਪੀਲ

ਚੰਡੀਗੜ੍ਹ/ਬਿਊਰੋ ਨਿਊਜ਼ :

ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਲਿਖੇ ਪੱਤਰ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਸ਼ੇਸ਼ ਨਿੱਜੀ ਯਤਨ ਕਰਨ ਦੀ ਅਪੀਲ ਕੀਤੀ ਹੈ। ਨਿੱਜੀ ਤੌਰ ‘ਤੇ ਦਖ਼ਲ ਦੇਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਬੀਬੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਉਹ ਇਹ ਮਾਮਲਾ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਉਠਾਉਣ ਅਤੇ ਜਨਮ ਦਿਵਸ ਸਮਾਰੋਹਾਂ ਮੌਕੇ ਕੌਮਾਂਤਰੀ ਸਰਹੱਦ ਤੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਤਕ ਗਲਿਆਰਾ ਖੁਲ੍ਹਵਾਉਣ ਤਾਂ ਜੋ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋ ਸਕਣ।
ਕੈਪਟਨ ਨੇ ਕਿਹਾ ਕਿ ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਕੌਮਾਂਤਰੀ ਸਰਹੱਦ ਤੋਂ 4 ਕਿਲੋਮੀਟਰ ਦੂਰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਕੋਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਗੁਰੂ ਨਾਨਕ ਦੇਵ ਨੇ ਕਰਤਾਰਪੁਰ ਵਿਖੇ ਅੰਤਿਮ ਸਵਾਸ ਲਏ ਸਨ ਅਤੇ ਉਨ੍ਹਾਂ ਦਾ 550ਵਾਂ ਜਨਮ ਦਿਹਾੜਾ ਨਵੰਬਰ 2019 ਵਿੱਚ ਮਨਾਇਆ ਜਾਣਾ ਹੈ। ਸਿੱਖ ਭਾਈਚਾਰੇ ਦੀ ਕਰਤਾਰਪੁਰ ਦੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਯਕੀਨੀ ਬਣਾਏ ਜਾਣ ਦੀ ਇਤਿਹਾਸਕ ਮੰਗ ਰਹੀ ਹੈ। ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਕੇ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ।
ਕੈਪਟਨ ਨੇ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਹਿਲੀ ਸਤੰਬਰ, 2004 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਅੰਮ੍ਰਿਤਸਰ ਵਿਖੇ ਇਸ ਸਬੰਧੀ ਐਲਾਨ ਕੀਤਾ ਸੀ। ਉਨ੍ਹਾਂ ਸਾਲ 2005 ਅਤੇ 2006 ‘ਚ ਸੂਬੇ ਦੇ ਦੌਰੇ ਦੌਰਾਨ ਵੀ ਇਹ ਗੱਲ ਦੁਹਰਾਈ ਸੀ ਪਰ ਕੋਸ਼ਿਸ਼ਾਂ ਦੇ ਬਾਵਜੂਦ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ। ਉਨ੍ਹਾਂ ਨੇ ਵਿਦੇਸ਼ ਮੰਤਰੀ ਨੂੰ ਇਸ ਸਬੰਧੀ ਨਿੱਜੀ ਕੋਸ਼ਿਸ਼ਾਂ ਕਰਨ ਦੀ ਅਪੀਲ ਕੀਤੀ ਹੈ।