ਗੁਰਦੁਆਰਾ ਛੋਟਾ ਘੱਲੂਘਾਰਾ ਪ੍ਰਬੰਧਕ ਕਮੇਟੀ ਮੈਂਬਰ ਵੱਲੋਂ ਕੀਤੀ ਬਦਇਖ਼ਲਾਕੀ ਦਾ ਮੁੱਦਾ ਭਖਿਆ

ਗੁਰਦੁਆਰਾ ਛੋਟਾ ਘੱਲੂਘਾਰਾ ਪ੍ਰਬੰਧਕ ਕਮੇਟੀ ਮੈਂਬਰ ਵੱਲੋਂ ਕੀਤੀ ਬਦਇਖ਼ਲਾਕੀ ਦਾ ਮੁੱਦਾ ਭਖਿਆ

ਕੈਪਸ਼ਨ- ਇਕੱਠ ਨੂੰ ਸੰਬੋਧਨ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਰਤਨ ਸਿੰਘ ਜ਼ਫਰਵਾਲ।
ਕਾਹਨੂੰਵਾਨ/ਬਿਊਰੋ ਨਿਊਜ਼ :
ਗੁਰਦੁਆਰਾ ਛੋਟਾ ਘੱਲੂਘਾਰਾ ਵਿਖੇ ਬੀਤੇ ਦਿਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵੱਲੋਂ ਕੀਤੀ ਬਦਇਖ਼ਲਾਕੀ ਦਾ ਮਾਮਲਾ ਹੋਰ ਗਰਮਾ ਗਿਆ ਹੈ। ਵਿਰੋਧੀ ਧਿਰ ਦੇ ਆਗੂਆਂ ਨੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ, ਪ੍ਰਚਾਰਕਾਂ ਅਤੇ ਇਲਾਕੇ ਦੀ ਸੰਗਤ ਦੀ ਹਾਜ਼ਰੀ ਵਿੱਚ ਗੁਰਦੁਆਰੇ ਦੇ ਦੀਵਾਨ ਹਾਲ ਵਿਖੇ ਸੰਗਤ ਦੀ ਹਾਜ਼ਰੀ ਵਿੱਚ ਲੜੀਵਾਰ ਅਖੰਡ ਪਾਠ ਅਰੰਭ ਕਰਵਾ ਦਿੱਤੇ ਜੋ ਅਗਲੇ ਐਤਵਾਰ 20 ਅਗਸਤ ਤੱਕ ਜਾਰੀ ਰਹਿਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੱਲੋਂ ਕੀਤੀ ਬਦ ਇਖ਼ਲਾਕੀ ਖ਼ਿਲਾਫ਼ ਦੀਵਾਨ ਹਾਲ ਵਿਖੇ ਵਿਰੋਧੀ ਧਿਰ ਦੇ ਆਗੂ ਕੰਵਲਪ੍ਰੀਤ ਸਿੰਘ ਕਾਕੀ, ਸਰਪੰਚ ਸੁਖਦੇਵ ਸਿੰਘ ਛਿੱਛਰਾ, ਦਿਲਬਾਗ ਸਿੰਘ ਖ਼ਾਲਸਾ, ਕੁਲਦੀਪ ਸਿੰਘ ਘੋਨਾ, ਸਰਪੰਚ ਹਰਪ੍ਰੀਤ ਸਿੰਘ ਲਾਲ, ਬਲਵਿੰਦਰ ਸਿੰਘ ਕਾਹਨੂੰਵਾਨ ਨੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਕੱਠ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖ਼ਤ ਅੰਮ੍ਰਿਤਸਰ ਦੇ ਜਥੇਦਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਗੁਰਦੁਆਰੇ ਹੋਈ ਘਟਨਾ ਦੀ ਬਰੀਕੀ ਨਾਲ ਜਾਂਚ ਕਰ ਕੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇ ਅਤੇ ਮੌਜੂਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਭੰਗ ਕਰ ਕੇ ਨਵੀਂ ਕਮੇਟੀ ਦਾ ਗਠਨ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਰਤਨ ਸਿੰਘ ਜ਼ਫਰਵਾਲ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਦੋਵਾਂ ਧਿਰਾਂ ਦੀ ਲਿਖਤੀ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਅਤੇ ਅਕਾਲ ਤਖ਼ਤ ਦੇ ਜਥੇਦਾਰ ਸਾਹਿਬ ਨੂੰ ਬਿਨਾਂ ਕਿਸੇ ਪੱਖ ਪਾਤ ਦੇ ਸੌਂਪ ਦਿੱਤੀ ਹੈ। ਕਮੇਟੀ ਵੱਲੋਂ ਇਸ ਮਾਮਲੇ ਨੂੰ ਘੋਖਣ ਤੋਂ ਬਾਅਦ ਜੋ ਵੀ ਹੁਕਮ ਜਾਰੀ ਹੋਵੇਗਾ ਉਹ ਅਗਲੇ ਐਤਵਾਰ ਸੰਗਤ ਦੀ ਹਾਜ਼ਰੀ ਵਿੱਚ ਅਖੰਡ ਪਾਠਾਂ ਦੀ ਲੜੀ ਦੇ ਭੋਗ ਪੈਣ ਉਪਰੰਤ ਦੱਸ ਦਿੱਤਾ ਜਾਵੇਗਾ। ਜੇਕਰ ਦੋਵਾਂ ਧਿਰਾਂ ਦੇ ਆਗੂ ਆਪਣਾ ਪੱਖ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਕਾਲ ਤਖ਼ਤ ਦੇ ਜਥੇਦਾਰ ਅੱਗੇ ਸਿੱਧੇ ਰੂਪ ਵਿੱਚ ਵੀ ਰੱਖਣਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਦੇ ਨਾਲ ਜਾ ਸਕਦੇ ਹਨ।
ਮੌਕੇ ਉੱਤੇ ਹਾਜ਼ਰ ਗੁਰਦੁਆਰਾ ਛੋਟਾ ਘੱਲੂਘਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਾਸਟਰ ਜੌਹਰ ਸਿੰਘ ਨੇ ਕਿਹਾ ਕਿ ਕੁੱਝ ਰਾਜਨੀਤਿਕ ਲੋਕਾਂ ਵੱਲੋਂ ਗੁਰਦੁਆਰੇ ਦੇ ਦੀਵਾਨ ਹਾਲ ਵਿਖੇ ਪ੍ਰੋਗਰਾਮ ਕਰ ਕੇ ਸੰਗਤ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ ਜੋ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਘਟਨਾ ਦੇ ਦੋਸ਼ੀ ਮੈਂਬਰ ਨੂੰ ਕਮੇਟੀ ਵਿਚੋਂ ਬਰਖ਼ਾਸਤ ਕਰ ਦਿੱਤਾ ਗਿਆ ਅਤੇ ਇਹ ਮਾਮਲਾ ਪੁਲੀਸ ਕੋਲ ਦਰਜ ਹੋ ਚੁੱਕਾ ਹੈ।