ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘਦਾ ਅਕਾਲ ਚਲਾਣਾ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘਦਾ ਅਕਾਲ ਚਲਾਣਾ

ਚੰਡੀਗੜ੍ਹ/ਬਿਊਰੋ ਨਿਊਜ਼:
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਕੁਝ ਸਮਾਂ ਬੀਮਾਰ ਰਹਿਣ ਬਾਅਦ ਮੰਗਲਵਾਰ ਨੂੰ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਇਕ ਮਹੀਨੇ ਤੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਹਸਪਤਾਲ ਸੋਹਾਣਾ ਵਿਖੇ ਜ਼ੇਰੇ ਇਲਾਜ ਸਨ ਜਿੱਥੇ ਉਨ੍ਹਾਂ ਨੇ ਮੰਗਲਵਾਰ ਬਾਅਦ ਦੁਪਹਿਰ 2:00 ਵਜੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿਚ ਹੀ ਮੌਜੂਦ ਹਨ।  ਉਹ ਸੰਗਰੂਰ ਜ਼ਿਲ੍ਹੇ ਦੇ ਪਿੰਡ ਤਾਜੋਕੇ ਦੇ ਸਨ।
ਜਥੇਦਾਰ ਗਿਆਨੀ ਮੱਲ ਸਿੰਘ ਦਾ ਅੰਤਮ ਸੰਸਕਾਰ ਬੁੱਧਵਾਰ ਸਵੇਰੇ 11:00 ਵਜੇ ਕਾਫ਼ੀ ਗਿਣਤੀ ਧਾਰਮਿਕ ਅਤੇ ਸਿਆਸੀ ਆਗੂਆਂ ਦੀ ਹਾਜ਼ਰੀ ਵਿੱਚ ਤਖ਼ਤ ਕੇਸਗੜ੍ਹ ਸਾਹਿਬ ਦੇ ਨੇੜਲੇ ਮੈਦਾਨ ‘ਚ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ਸੰਗਤਾਂ ਵੀ ਉਨ੍ਹਾਂ ਨੂੰ ਅੰਤਮ ਵਿਦਾਇਗੀ ਦੇਣ ਲਈ ਪੁੱਜੀਆਂ ਹੋਈਆਂ ਸਨ।
ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਗਿਆਨੀ ਮੱਲ ਸਿੰਘ ਦਾ ਡੇਢ ਸਾਲ ਪਹਿਲਾਂ ਦਿਮਾਗ ਦੇ ਟਿਊਮਰ ਦਾ ਆਪ੍ਰੇਸ਼ਨ ਹੋਇਆ ਸੀ। ਉਸ ਤੋਂ ਬਾਅਦ ਉਹ ਆਮ ਵਰਗੀ ਜ਼ਿੰਦਗੀ ਬਤੀਤ ਕਰ ਰਹੇ ਸਨ. ਪਰ ਕੁਝ ਸਮਾਂ ਪਹਿਲਾਂ ਟਿਊਮਰ ਦੁਬਾਰਾ ਹੋ ਗਿਆ ਅਤੇ ਪਿਛਲੇ ਇਕ ਮਹੀਨੇ ਤੋਂ ਉਨ੍ਹਾਂ ਦਾ ਇਲਾਜ ਚਲ ਰਿਹਾ ਸੀ। ਪਿਛਲੇ ਕੁਝ ਸਮੇਂ ਤੋਂ ਬੇਹੋਸ਼ੀ ਦੀ ਹਾਲਤ ਵਿਚ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਕਿਰਪਾਲ ਸਿੰਘ ਬਡੂੰਗਰ ਨੇ ਪਿਛਲੇ ਦਿਨੀਂ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।