ਕੁਲਦੀਪ ਨਈਅਰ ਦਾ ਸਨਮਾਨ ਵਾਪਸ ਲਿਆ ਜਾਵੇ : ਗਿਆਨੀ ਹਰਨਾਮ ਸਿੰਘ ਖ਼ਾਲਸਾ

ਕੁਲਦੀਪ ਨਈਅਰ ਦਾ ਸਨਮਾਨ ਵਾਪਸ ਲਿਆ ਜਾਵੇ : ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ/ਬਿਊਰੋ ਨਿਊਜ਼ :
ਦਮਦਮੀ ਟਕਸਾਲ ਨੇ ਉੱਘੇ ਕਾਲਮਨਵੀਸ ਕੁਲਦੀਪ ਨਈਅਰ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਨੂੰ ਉਸ ਨੂੰ ਦਿੱਤਾ ਹੋਇਆ ਸਨਮਾਨ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸ੍ਰੀ ਨਈਅਰ ਵੱਲੋਂ ਸਿੱਖ ਕੌਮ ਦੇ ਸ਼ਹੀਦਾਂ ਪ੍ਰਤੀ ਗਲਤ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਹਨ। ਸਿੱਖ ਭਾਵਨਾਵਾਂ ਅਤੇ ਧਾਰਮਿਕ ਵਿਸ਼ਵਾਸ ਨੂੰ ਵੱਡੀ ਸੱਟ ਮਾਰਨ ਕਾਰਨ ਉਹ ਕਿਸੇ ਵੀ ਸਿੱਖ ਸੰਸਥਾ ਤੋਂ ਸਨਮਾਨ ਦੇ ਹੱਕਦਾਰ ਨਹੀਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ 3 ਜੁਲਾਈ 2006 ਨੂੰ ਸ੍ਰੀ ਅਕਾਲ ਤਖ਼ਤ ਦੇ 400 ਸਾਲਾ ਸਥਾਪਨਾ ਦਿਵਸ ਮੌਕੇ ਸ੍ਰੀ ਨਈਅਰ ਨੂੰ ਦਿੱਤਾ ਗਿਆ ਸਨਮਾਨ ਵਾਪਸ ਲੈਣ ਲਈ ਉਚਿਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸ੍ਰੀ ਨਈਅਰ ਨੇ ਸੰਤ ਭਿੰਡਰਾਂਵਾਲਿਆਂ ਦੀ ਤੁਲਨਾ ਡੇਰਾ ਸਿਰਸਾ ਦੇ ਮੁਖੀ ਨਾਲ ਕੀਤੀ ਹੈ। ਇਸ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ।