ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਵਿਚਾਲੇ ਸੁਲਹ-ਸਫਾਈ

ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਵਿਚਾਲੇ ਸੁਲਹ-ਸਫਾਈ

ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਸਰਬੱਤ ਖ਼ਾਲਸਾ ਨਾਲ ਸਬੰਧਤ ਆਗੂ।
ਅੰਮ੍ਰਿਤਸਰ/ਬਿਊਰੋ ਨਿਊਜ਼
ਸਰਬੱਤ ਖ਼ਾਲਸਾ 2015 ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਚਾਲੇ ਪੈਦਾ ਹੋਈਆਂ ਗ਼ਲਤਫਹਿਮੀਆਂ ਦੂਰ ਹੋ ਗਈਆਂ ਹਨ ਤੇ ਭਵਿੱਖ ਵਿੱਚ ਉਹ ਇਕੱਠੇ ਹੋ ਕੇ ਕੌਮ ਲਈ ਕੰਮ ਕਰਨਗੇ।
ਇਸ ਸਬੰਧੀ ਸੱਦੀ ਮੀਟਿੰਗ ਵਿੱਚ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ, ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਮੀਟਿੰਗ ਵਿੱਚ ਜਥੇਦਾਰ ਅਮਰੀਕ ਸਿੰਘ ਅਜਨਾਲਾ ਸ਼ਾਮਲ ਨਹੀਂ ਹੋਏ। ਮੁਤਵਾਜ਼ੀ ਜਥੇਦਾਰਾਂ ਵਿਚਾਲੇ ਮਤਭੇਦਾਂ ਕਾਰਨ ਭਾਈ ਅਜਨਾਲਾ ਨੇ ਮੁਤਵਾਜ਼ੀ ਜਥੇਦਾਰ ਦੀ ਜ਼ਿੰਮੇਵਾਰੀ ਛੱਡ ਦਿੱਤੀ ਸੀ।
ਮੁਤਵਾਜ਼ੀ ਜਥੇਦਾਰ  ਭਾਈ ਬਲਜੀਤ ਸਿੰਘ ਦਾਦੂਵਾਲ ਨੇ ਦੱਸਿਆ ਕਿ ਪ੍ਰਬੰਧਕਾਂ ਵਿਚਾਲੇ ਆਪਸੀ ਗ਼ਲਤਫਹਿਮੀਆਂ ਦੂਰ ਹੋ ਗਈਆਂ ਹਨ। ਭਾਈ ਮੋਹਕਮ ਸਿੰਘ ਨੇ ਸਮੂਹ ਆਗੂਆਂ ਨੂੰ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਪੰਜਾਬ ਪੁਲੀਸ ਦੀ ਸਾਬਕਾ ਮੁਖੀ ਮਰਹੂਮ ਕੇ.ਪੀ.ਐਸ. ਗਿੱਲ ਨੂੰ ਕੋਈ ਸਿਰੋਪਾਓ ਨਹੀਂ ਦਿੱਤਾ ਅਤੇ ਨਾ ਹੀ ਕਦੇ ਕਾਂਗਰਸ ਨੂੰ ਸਹਿਯੋਗ ਦਿੱਤਾ ਹੈ। ਉਨ੍ਹਾਂ ਆਖਿਆ ਕਿ ਮੀਟਿੰਗ ਵਿੱਚ ਗ਼ਲਤਫਹਿਮੀਆਂ ਦੂਰ ਹੋਣ ਮਗਰੋਂ ਸਮੂਹਿਕ ਤੌਰ ‘ਤੇ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਕੇ.ਪੀ.ਐਸ. ਗਿੱਲ ਸਬੰਧੀ ਪੈਨਸ਼ਨ ਬੰਦ ਕੀਤੀ ਜਾਵੇ ਅਤੇ ਉਸ ਸਬੰਧੀ ਸਿੱਖ ਨਸਲਕੁਸ਼ੀ ਦਾ ਕੇਸ ਚਲਾਇਆ ਜਾਵੇ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਕੌਮੀ ਹਿੱਤਾਂ ਖਾਤਰ ਮੁੜ ਇਕੱਠੇ ਹੋ ਕੇ ਚੱਲਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਭਾਈ ਅਮਰੀਕ ਸਿੰਘ ਅਜਨਾਲਾ ਨਾਲ ਵੀ ਗੱਲਬਾਤ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਵੀ ਨਾਲ ਲੈ ਕੇ ਚੱਲਿਆ ਜਾਵੇਗਾ।
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਸਾਰੀਆਂ ਗ਼ਲਤਫਹਿਮੀਆਂ ਦੂਰ ਹੋ ਗਈਆਂ ਹਨ। ਸ੍ਰੀ ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵੇਲੇ ਸਿੱਖਾਂ ਨੇ ਕਾਂਗਰਸ ਨੂੰ ਵੋਟਾਂ ਪਾ ਕੇ ਇਕ ਵਾਰ ਮੁੜ ਗ਼ਲਤੀ ਕੀਤੀ ਹੈ। ਬੀਤੇ ਦਿਨੀਂ ਰਾਸ਼ਟਰਪਤੀ ਦੇ ਸ੍ਰੀ ਦਰਬਾਰ ਸਾਹਿਬ ਆਉਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਨੂੰ ਰਾਸ਼ਟਰਪਤੀ ਨੂੰ ਮੰਗ ਪੱਤਰ ਦੇਣਾ ਚਾਹੀਦਾ ਸੀ, ਜਿਸ ਰਾਹੀਂ ਭਾਰਤੀ ਫ਼ੌਜ ਵੱਲੋਂ ਚੁੱਕੀ ਸਿੱਖ ਰੈਫਰੈਂਸ ਲਾਇਬਰੇਰੀ ਦੀ ਵਾਪਸੀ ਦੀ ਮੰਗ ਕੀਤੀ ਜਾਣੀ ਚਾਹੀਦੀ ਸੀ।