ਰਾਹੁਲ ਗਾਧੀ ਨੇ ਕੈਪਟਨ ਨੂੰ ਦਿੱਤਾ ਸੁਨੇਹਾ ‘ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ’

ਰਾਹੁਲ ਗਾਧੀ ਨੇ ਕੈਪਟਨ ਨੂੰ ਦਿੱਤਾ ਸੁਨੇਹਾ ‘ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ’

ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੀਤੇ ਦਿਨ ਨਵੀਂ ਦਿੱਲੀ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਮੇਤ ਪੰਜਾਬ ਦੇ ਹੋਰਨਾਂ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਪੰਜਾਬ ਵਜ਼ਾਰਤ ਵਿੱਚ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਨੂੰ ਪ੍ਰਵਾਨਗੀ  ਦੇਣ ਦੇ ਨਾਲ  ਹੀ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਪੰਜਾਬ ਸਰਕਾਰ ਨੂੰ ਸਾਫ਼ ਕਰ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਇਸ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕੇ ਜਾਣ। ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ‘ਤੇ ਨਿਗ੍ਹਾ ਲਾਈ ਬੈਠੇ ਰਾਹੁਲ ਨੇ ਕੈਪਟਨ ਸਮੇਤ ਹੋਰਨਾਂ ਨੂੰ ਕਿਹਾ ਕਿ ਉਹ ਵਿਰੋਧੀ ਪਾਰਟੀਆਂ ਤੇ ਖਾਸ ਕਰਕੇ ਭਾਜਪਾ ਦੇ ਪ੍ਰਚਾਰ ਦੀ ਕਾਟ ਕਰਨ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਭ੍ਰਿਸ਼ਟਾਚਾਰ ਮੁਕਤ ਦੇਖਣਾ ਚਾਹੁੰਦੇ ਹਨ।
ਇਕ ਸੀਨੀਅਰ ਆਗੂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਨੇ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਅਤੇ ਚੰਗਾ ਪ੍ਰਸ਼ਾਸਨ ਦੇਣ ਲਈ ਕੰਮ ਕੀਤੇ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ। ਰਾਹੁਲ ਨੇ ਪੰਜਾਬ ਕੈਬਨਿਟ ਵਿੱਚ ਫੇਰਬਦਲ ਤੇ ਵਾਧੇ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ, ਪਰ ਇਹ ਵਾਧਾ ਨਿਗਮ ਚੋਣਾਂ ਮਗਰੋਂ ਹੋਵੇਗਾ ਜਾਂ ਬਜਟ ਸੈਸ਼ਨ ਮਗਰੋਂ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਮੁਨੱਸਰ ਕਰੇਗਾ।  ਇਸ ਦੌਰਾਨ ਮੁੱਖ ਮੰਤਰੀ ਨੇ ਦਿੱਲੀ ਤੋਂ ਪਰਤਣ ਮਗਰੋਂ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਬੀਤੇ ਦਿਨ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕੀਤੇ ਜਾਣ ਅਤੇ ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਦੇ ਅਸਤੀਫੇ ਨੂੰ ਪ੍ਰਵਾਨ ਕੀਤੇ ਜਾਣ ਬਾਅਦ ਪੈਦਾ ਹੋਏ ਹਾਲਾਤ ਦਾ ਸੀਨੀਅਰ ਅਧਿਕਾਰੀਆਂ ਨਾਲ ਗੈਰਰਸਮੀ ਮੀਟਿੰਗਾਂ ਕਰਕੇ ਜਾਇਜ਼ਾ ਲਿਆ। ਕੈਪਟਨ ਨੇ ਵਿਵਾਦ ਤੋਂ ਬਚਣ ਤੇ ਅਹਿਤਿਆਤ ਵਜੋਂ ਬਿਜਲੀ ਅਤੇ ਸਿੰਜਾਈ ਵਿਭਾਗ ਫ਼ਿਲਹਾਲ ਆਪਣੇ ਕੋਲ ਰੱਖ ਲਏ ਹਨ। ਇਹੀ ਨਹੀਂ ਮੁੱਖ ਪ੍ਰਮੁੱਖ ਸਕੱਤਰ ਨੂੰ ਜਾਂਦੀਆਂ ਫਾਈਲਾਂ ਵੀ ਫਿਲਹਾਲ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਬੀਰ ਸਿੰਘ ਦੇਖਣਗੇ।