ਸ਼੍ਰੋਮਣੀ ਕਮੇਟੀ ਵਲੋਂ ਬੰਗਲਾਦੇਸ਼ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਥੇ ਭੇਜਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਵਲੋਂ ਬੰਗਲਾਦੇਸ਼ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਥੇ ਭੇਜਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ।
ਪਟਿਆਲਾ/ਬਿਊਰੋ ਨਿਊਜ਼:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਗਲਾਦੇਸ਼ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਥੇ ਭੇਜਣ ਦਾ ਫ਼ੈਸਲਾ ਲਿਆ ਹੈ? ਇਹ ਫ਼ੈਸਲਾ ਅੱਜ ਇਥੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ। ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਗਲਾਦੇਸ਼ ਵਿਖੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਥੇ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਾਲ 101 ਸ਼ਰਧਾਲੂਆਂ ਦਾ ਪਹਿਲਾ ਜਥਾ ਉਥੇ ਜਾਵੇਗਾ ਅਤੇ ਇਸ ਦੀ ਅਗਵਾਈ ਅੰਤ੍ਰਿੰਗ ਕਮੇਟੀ ਮੈਂਬਰ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਅਤੇ ਹਰਦੇਵ ਸਿੰਘ ਰੋਗਲਾ ਕਰਨਗੇ? ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਤਿਆਰ ਕੀਤੇ ਜਾਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਲਈ ਆਨਲਾਈਨ ਕੈਮਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਰਾਹੀਂ ਗੋਲਕ ਦੀ ਗਿਣਤੀ ਅਤੇ ਸਟੋਰ ਆਦਿ ਦੀ ਆਨਲਾਈਨ ਨਿਗਰਾਨੀ ਕੀਤੀ ਜਾਵੇਗੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਿਆਂ ਦੇ ਮੈਨੇਜਰਾਂ, ਅਕਾਊਂਟੈਂਟਾਂ ਅਤੇ ਸਟੋਰ ਕੀਪਰਾਂ ਨੂੰ ਤਿੰਨ ਸਾਲ ਤੋਂ ਵਧ ਇਕੋ ਸਥਾਨ ‘ਤੇ ਤਾਇਨਾਤ ਨਹੀਂ ਕੀਤਾ ਜਾਵੇਗਾ ਅਤੇ ਤਿੰਨ ਸਾਲ ਤੋਂ ਵਧ ਸੇਵਾ ਵਾਲਿਆਂ ਦੇ ਤਬਾਦਲੇ ਯਕੀਨੀ ਬਣਾਏ ਜਾਣਗੇ। ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਿਆਂ ਲਈ ਰਸਦਾਂ ਅਤੇ ਹੋਰ ਖ਼ਰੀਦ ਸਬੰਧੀ ਤਿੰਨ ਕੇਂਦਰੀ ਸਟੋਰ ਸਥਾਪਤ ਕੀਤੇ ਜਾਣਗੇ ਜਿਥੋਂ ਹਰੇਕ ਗੁਰਦੁਆਰੇ ਲਈ ਖ਼ਰੀਦ ਕੀਤੀ ਜਾ ਸਕੇਗੀ। ਇਹ ਤਿੰਨ ਸਟੋਰ ਅੰਮ੍ਰਿਤਸਰ, ਆਨੰਦਪੁਰ ਸਾਹਿਬ ਅਤੇ ਤਖ਼ਤ ਦਮਦਮਾ ਸਾਹਿਬ ਵਿਖੇ ਬਣਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਮੁੱਚੇ ਰਿਕਾਰਡ ਦਾ ਕੰਪਿਊਟਰੀਕਰਨ ਕੀਤੇ ਜਾਣ ਦਾ ਵੀ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਗੁਰੂ ਘਰਾਂ ਦੀਆਂ ਜ਼ਮੀਨਾਂ ਤੇ ਜਾਇਦਾਦਾਂ ਦੇ ਮੁਕੰਮਲ ਵੇਰਵੇ ਵੀ ਕੰਪਿਊਟਰਾਂ ਰਾਹੀਂ ਸੰਭਾਲੇ ਜਾਣਗੇ।  ਭਾਈ ਲੌਂਗੋਵਾਲ ਨੇ ਮੀਡੀਆ ਦੀ ਸਮਾਜ ਅੰਦਰ ਭੂਮਿਕਾ ਦੀ ਸ਼ਲਾਘਾ ਕਰਦਿਆਂ ਇਕ ਟੀਵੀ ਚੈਨਲ ਵੱਲੋਂ ਜਾਣ ਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਜੇਕਰ ਇਸ ਚੈਨਲ ਨੇ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਇਹ ਸਰਗਰਮੀਆਂ ਨਾ ਰੋਕੀਆਂ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬੈਠਕ ‘ਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਨਵਤੇਜ ਸਿੰਘ ਕਾਉਣੀ, ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਬੂਹ, ਗੁਰਤੇਜ ਸਿੰਘ ਢੱਡੇ, ਰਵਿੰਦਰ ਸਿੰਘ ਚੱਕ, ਸੱਜਣ ਸਿੰਘ ਬੱਜੂਮਾਨ, ਹਰਦੇਵ ਸਿੰਘ ਰੋਗਲਾ, ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਗੁਰਪ੍ਰੀਤ ਕੌਰ ਰੂਹੀ, ਅਮਰੀਕ ਸਿੰਘ ਸ਼ਾਹਪੁਰ, ਮੁੱਖ ਸਕੱਤਰ ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਚੀਮਾ ਅਤੇ ਅਵਤਾਰ ਸਿੰਘ ਸੈਂਪਲਾ, ਪਰਮਜੀਤ ਸਿੰਘ ਸਰੋਆ ਤੇ ਬਿਜੈ ਸਿੰਘ, ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਪੀਏ ਦਰਸ਼ਨ ਸਿੰਘ ਅਤੇ ਹੋਰ ਹਾਜ਼ਰ ਸਨ।