ਸਿੱਖਾਂ ਦੇ ਕਾਤਲਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ : ਅਫ਼ਗ਼ਾਨ ਸਦਰ

ਸਿੱਖਾਂ ਦੇ ਕਾਤਲਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ : ਅਫ਼ਗ਼ਾਨ ਸਦਰ

ਕਾਬੁਲ/ਬਿਊਰੋ ਨਿਊਜ਼ :

ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨੇ ਕਿਹਾ ਕਿ ਮੁਲਕ ਦੇ ਪੂਰਬੀ ਸ਼ਹਿਰ ਜਲਾਲਾਬਾਦ ਵਿਚ ਸਿੱਖਾਂ ਤੇ ਹਿੰਦੂਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਹ ਗੱਲ ਇਥੋਂ ਦੇ ਗੁਰਦੁਆਰੇ ਵਿੱਚ ਪੁੱਜ ਕੇ ਘਟਨਾ ਲਈ ਘੱਟਗਿਣਤੀ ਭਾਈਚਾਰੇ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਹਰਗਿਜ਼ ਬਖ਼ਸ਼ਿਆ ਨਹੀਂ ਜਾਵੇਗਾ। ਮੁਲਕ ਦੇ ਰਾਸ਼ਟਰਪਤੀ ਭਵਨ ਏਆਰਜੀ ਮਹਿਲ ਵੱਲੋਂ ਜਾਰੀ ਬਿਆਨ ਮੁਤਾਬਕ ਸ੍ਰੀ ਗ਼ਨੀ ਨੇ ਕਾਬੁਲ ਦੇ ਕਾਰਤ-ਏ-ਪਰਵਾਨ ਇਲਾਕੇ ਵਿੱਚ ਸਥਿਤ ਗੁਰਦੁਆਰੇ ਵਿਚ ਨਤਮਸਤਕ ਹੋਣ ਤੋਂ ਬਾਅਦ ਭਾਈਚਾਰੇ ਨਾਲ ਮੁਲਾਕਾਤ ਕੀਤੀ।
ਗ਼ੌਰਤਲਬ ਹੈ ਕਿ ਬੀਤੇ ਐਤਵਾਰ ਨੂੰ ਇਹ ਹਮਲਾ ਉਦੋਂ ਹੋਇਆ ਸੀ ਜਦੋਂ ਆਈਐਸਆਈਐਸ ਦੇ ਇਕ ਫਿਦਾਈਨ ਨੇ ਅਫ਼ਗਾਨ ਸਦਰ ਨੂੰ ਮਿਲਣ ਜਾ ਰਹੇ ਸਿੱਖਾਂ ਤੇ ਹਿੰਦੂਆਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾ ਕੇ ਖ਼ੁਦ ਨੂੰ ਬੰਬ ਨਾਲ ਉਡਾ ਦਿੱਤਾ ਸੀ। ਹਮਲੇ ਵਿਚ 17 ਸਿੱਖਾਂ ਸਮੇਤ 20 ਵਿਅਕਤੀ ਮਾਰੇ ਗਏ ਸਨ, ਜਿਨ੍ਹਾਂ ਵਿੱਚ ਸਿੱਖ ਭਾਈਚਾਰੇ ਦੇ ਸੀਨੀਅਰ ਆਗੂ ਅਵਤਾਰ ਸਿੰਘ ਖ਼ਾਲਸਾ ਵੀ ਸ਼ਾਮਲ ਸਨ। ਬਿਆਨ ਵਿਚ ਕਿਹਾ ਗਿਆ ਹੈ, ”ਸਦਰ ਨੇ ਹਮਲੇ ਨੂੰ ਭਿਆਨਕ ਕਰਾਰ ਦਿੰਦਿਆਂ ਭਰੋਸਾ ਦਿੱਤਾ ਕਿ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।” ਉਨ੍ਹਾਂ ਸਿੱਖ ਤੇ ਹਿੰਦੂ ਭਾਈਚਾਰਿਆਂ ਨੂੰ ਦੇਸ਼ ਦਾ ਮਾਣ ਕਰਾਰ ਦਿੱਤਾ। ਗੁਰਦੁਆਰੇ ਵਿਚ ਸੁਰਪਾਲ ਸਿੰਘ ਨੇ ਸਿੱਖ ਭਾਈਚਾਰੇ ਵੱਲੋਂ ਸ੍ਰੀ ਗ਼ਨੀ ਦਾ ਧੰਨਵਾਦ ਕੀਤਾ। ਇਸ ਮੌਕੇ ਨਰਿੰਦਰ ਸਿੰਘ ਨੂੰ ਅਫ਼ਗ਼ਾਨ ਸਿੱਖਾਂ ਤੇ ਹਿੰਦੂਆਂ ਦਾ ਨਵਾਂ ਨੁਮਾਇੰਦਾ ਨਿਯੁਕਤ ਕੀਤਾ ਗਿਆ। ਜਾਣਕਾਰੀ ਮੁਤਾਬਕ ਸਾਬਕਾ ਸਦਰ ਹਾਮਿਦ ਕਰਜ਼ਈ ਨੇ ਵੀ ਗੁਰਦੁਆਰੇ ਵਿੱਚ ਪੁੱਜ ਦੇ ਭਾਈਚਾਰੇ ਨਾਲ ਦੁੱਖ ਜ਼ਾਹਰ ਕੀਤਾ।