ਸੁਖਬੀਰ ਕਹਿੰਦਾ : ਨਵਜੋਤ ਸਿੱਧੂ ਨੈਤਿਕ ਆਧਾਰ ‘ਤੇ ਅਸਤੀਫ਼ਾ ਦੇਵੇ

ਸੁਖਬੀਰ ਕਹਿੰਦਾ : ਨਵਜੋਤ ਸਿੱਧੂ ਨੈਤਿਕ ਆਧਾਰ ‘ਤੇ ਅਸਤੀਫ਼ਾ ਦੇਵੇ
ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਸੁਖਬੀਰ ਸਿੰਘ ਬਾਦਲ।

ਅੰਮ੍ਰਿਤਸਰ/ਬਿਊਰੋ ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ  ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਦਾਲਤੀ ਮਾਮਲਿਆਂ ਦੇ ਮੱਦੇਨਜ਼ਰ ਨੈਤਿਕ ਆਧਾਰ ‘ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਸ੍ਰੀ ਬਾਦਲ ਐਤਵਾਰ ਨੂੰ ਇੱਥੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਏ ਸਨ।
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਸ਼ਾਹਕੋਟ ਜ਼ਿਮਨੀ ਚੋਣ ਦੀ ਪ੍ਰਚਾਰ ਮੁਹਿੰਮ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪੁੱਛੇ ਸਵਾਲ ਦੇ ਜਵਾਬ ‘ਚ ਸ੍ਰੀ ਬਾਦਲ ਨੇ ਕਿਹਾ ਕਿ ਹੁਣ ਤਾਂ ਮੰਤਰੀ ਦੀ ਆਪਣੀ ਸਰਕਾਰ ਵੱਲੋਂ ਹੀ ਉਨ੍ਹਾਂ ਖ਼ਿਲਾਫ਼ ਕਾਰਵਾਈ ਲਈ ਕਿਹਾ ਗਿਆ ਹੈ। ਇਸ ਲਈ ਉਨ੍ਹਾਂ ਨੂੰ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ। ਸਾਬਕਾ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਸਿੱਧੂ ਦੇ ਵਿਭਾਗ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ‘ਹੈਰੀਟੇਜ ਸਟਰੀਟ’ ਦੀ ਸਾਫ਼-ਸਫ਼ਾਈ ਤੇ ਸਾਂਭ ਸੰਭਾਲ ਕਰੇ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਣੇ ਪਲਾਜ਼ਾ ਦੇ ਜ਼ਮੀਨਦੋਜ਼ ਹਿੱਸੇ ਵਿੱਚ ਸਥਾਪਿਤ ਵਿਆਖਿਆ ਕੇਂਦਰ ਵੀ ਅਣਦੇਖੀ ਦਾ ਸ਼ਿਕਾਰ ਹੋ ਰਹੇ ਹਨ। ਉੱਥੇ ਤਾਇਨਾਤ ਅਮਲਾ ਤਨਖ਼ਾਹਾਂ ਲਈ ਤਰਸ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਬਣਾਈਆਂ ਗਈਆਂ ਯਾਦਗਾਰਾਂ ਵੱਲ ਮੌਜੂਦਾ ਕਾਂਗਰਸ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਬੀਆਰਟੀਐਸ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਬਹੁ-ਕਰੋੜੀ ਯੋਜਨਾ ਹੁਣ ਤੱਕ ਚਾਲੂ ਨਹੀਂ ਹੋ ਸਕੀ ਹੈ। ਬੱਸਾਂ ਇਕ ਸਾਲ ਤੋਂ ਖੜ੍ਹੀਆਂ ਹਨ ਅਤੇ ਹੁਣ ਤਾਂ ਉਨ੍ਹਾਂ ਦੇ ਇੰਜਣ ਵੀ ਜਾਮ ਹੋਣ ਕੰਢੇ ਹਨ। ਮੰਡੀਆਂ ਵਿੱਚ ਫ਼ਸਲ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਬਾਰੇ ਵੀ ਸਾਬਕਾ ਉੱਪ ਮੁੱਖ ਮੰਤਰੀ ਨੇ ਕੈਪਟਨ ਸਰਕਾਰ ਨੂੰ ਲੰਮੇ ਹੱਥੀਂ  ਲਿਆ। ਉਨ੍ਹਾਂ ਕਿਹਾ ਕਿ ਫ਼ਸਲ ਦੀ ਖ਼ਰੀਦ ਠੀਕ ਢੰਗ ਨਾਲ ਨਹੀਂ ਹੋ   ਰਹੀ ਤੇ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਸ਼ਾਹਕੋਟ ਉੱਪ ਚੋਣ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਤੇ ਭਲਕੇ ਮੀਟਿੰਗ ਵੀ ਸੱਦੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ  ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ।

ਸਿੱਖ ਭਾਵਨਾਵਾਂ ਦੀ ਕਦਰ ਨਹੀਂ ਕਰਦੀ ਕਾਂਗਰਸ’
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਰ੍ਹਵੀਂ ਦੀ ਇਤਿਹਾਸ ਦੀ ਪੁਸਤਕ ਦੇ ਸਿਲੇਬਸ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨਾਸਤਿਕ ਕਿਹਾ ਹੈ। ਸ੍ਰੀ ਬਾਦਲ ਨੇ ਆਖਿਆ ਕਿ ਇਸ ਕਾਰਵਾਈ ਨਾਲ ਸਰਕਾਰ ਦਾ ਨਾਸਤਿਕ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੇ ਇਸ ਤੋਂ ਪਹਿਲਾਂ ਵਿਸਾਖੀ ਦੀ ਛੁੱਟੀ ਵੀ ਬੰਦ ਕਰ ਦਿੱਤੀ ਸੀ, ਜੋ ਰੌਲਾ ਰੱਪਾ ਪੈਣ ‘ਤੇ ਕੀਤੀ ਗਈ ਹੈ। ਹੁਣ ਕਿਤਾਬ ਵਿੱਚੋਂ ਸਿੱਖ ਇਤਿਹਾਸ ਨੂੰ ਮਨਫੀ ਕਰਨਾ ਇਕ ਬੱਜਰ ਗ਼ਲਤੀ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਸਪਸ਼ਟ ਹੈ ਕਿ ਸਰਕਾਰ ਸਿੱਖ ਭਾਵਨਾਵਾਂ ਦੀ ਕਦਰ ਨਹੀਂ ਕਰਦੀ। ਸ੍ਰੀ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਗਿਆਰਵੀਂ ਦੀ ਇਤਿਹਾਸ ਦੀ ਕਿਤਾਬ ਮੀਡੀਆ ਸਾਹਮਣੇ ਪੇਸ਼ ਕਰਨ ਤਾਂ ਜੋ ਉਨ੍ਹਾਂ ਵੱਲੋਂ ਕੀਤੇ ਇਸ ਦਾਅਵੇ ਦੀ ਪੁਸ਼ਟੀ ਹੋ ਸਕੇ ਕਿ ਬਾਰ੍ਹਵੀਂ ਦੀ ਇਤਿਹਾਸ ਦੀ ਕਿਤਾਬ ਵਿੱਚੋਂ ਸਿੱਖ ਇਤਿਹਾਸ ਬਾਰੇ ਸਿਲੇਬਸ ਗਾਇਬ ਨਹੀਂ ਕੀਤਾ, ਸਗੋਂ ਇਸ ਸਿਲੇਬਸ ਨੂੰ ਤਬਦੀਲ ਕਰਕੇ ਗਿਆਰਵੀਂ ਦੀ ਪੁਸਤਕ ਵਿੱਚ ਸ਼ਾਮਲ ਕੀਤਾ ਗਿਆ ਹੈ।