ਸ਼ਾਹਕੋਟ ਜ਼ਿਮਨੀ ਚੋਣ ਵਿਚ ਕਾਂਗਰਸ ਦੀ ਵੱਡੀ ਜਿੱਤ

ਸ਼ਾਹਕੋਟ ਜ਼ਿਮਨੀ ਚੋਣ ਵਿਚ ਕਾਂਗਰਸ ਦੀ ਵੱਡੀ ਜਿੱਤ
Congress winner candidate Hardev Singh Laddi showing victory along with Punjab Minister Navjot Sidhu and PPCC chief Sunil Jakhar after win the Shahkot By-election in Jalandhar on Thursday. Tribune Photo Malkiat Singh

ਸ਼ਾਹਕੋਟ/ਬਿਊਰੋ ਨਿਉਜ਼ :
ਸ਼੍ਰੋਮਣੀ ਅਕਾਲੀ ਦਲ ਦੇ ਗੜ੍ਹ ਮੰਨੇ ਜਾਂਦੇ ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ 38,802 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੀ ਲਈ ਹੈ। ਲਾਡੀ ਨੇ 82,747 ਵੋਟਾਂ ਹਾਸਲ ਕੀਤੀਆਂ ਜਦਕਿ ਉਨ੍ਹਾਂ ਦੇ ਰਵਾਇਤੀ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਨੂੰ 43,995 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਉਮੀਦਵਾਰ ਐਨ.ਆਰ.ਆਈ. ਰਤਨ ਸਿੰਘ ਨੂੰ 1900 ਵੋਟਾਂ ਨਾਲ ਸਬਰ ਕਰਨਾ ਪਿਆ ਤੇ ਉਨ੍ਹਾਂ ਦੀ ਜ਼ਮਾਨਤ ਤੱਕ ਜ਼ਬਤ ਹੋ ਗਈ ਜਦਕਿ ਪਿਛਲੇ ਸਾਲ 2017 ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਇਸ ਹਲਕੇ ‘ਚੋਂ 40 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਸਨ। 1,268 ਲੋਕਾਂ ਨੇ ਨੋਟਾ ਦਾ ਬਟਨ ਦਬਾਇਆ।
ਸ਼ਾਹਕੋਟ ਦੀ ਉਪ ਚੋਣ ਜਿੱਤਣ ਨਾਲ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਕਾਂਗਰਸ ਨੇ 78 ਸੀਟਾਂ ‘ਤੇ ਜਿੱਤ ਹਾਸਲ ਕਰ ਲਈ ਹੈ ਤੇ ਉਸ ਨੂੰ ਦੋ ਤਿਹਾਈ ਬਹੁਮੱਤ ਮਿਲ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਾਹਕੋਟ ਹਲਕੇ ਵਿੱਚ ਲਗਾਤਾਰ 9 ਦਿਨ ਚੋਣ ਪ੍ਰਚਾਰ ਕੀਤਾ ਸੀ ਪਰ ਤਾਂ ਵੀ ਉਹ ਪਾਰਟੀ ਦੀ ਜਿੱਤੀ ਹੋਈ ਇਸ ਸੀਟ ਨੂੰ ਬਚਾਅ ਨਹੀਂ ਸਕੇ।
ਸ਼ਾਹਕੋਟ ਉਪ ਚੋਣ ਲਈ ਪਈਆਂ 1,32,381 ਕੁੱਲ ਵੋਟਾਂ ਵਿੱਚੋਂ ਹਰਦੇਵ ਸਿੰਘ ਲਾਡੀ ਨੇ 82,747 ਵੋਟਾਂ ਹਾਸਲ ਕਰ ਕੇ 62.50 ਫੀਸਦੀ ਵੋਟ ਹਿੱਸੇ ‘ਤੇ ਕਬਜ਼ਾ ਕੀਤਾ ਹੈ।
ਫਰਵਰੀ 2017 ਵਿਚ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਹਲਕਾ ਸ਼ਾਹਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਰਹੂਮ ਅਜੀਤ ਸਿੰਘ ਕੋਹਾੜ ਨੂੰ 46,913 ਵੋਟਾਂ ਮਿਲੀਆਂ ਸਨ ਤੇ ਉਨ੍ਹਾਂ ਦੇ ਵਿਰੋਧੀ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ 42,008 ਵੋਟਾਂ ਮਿਲੀਆਂ ਸਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਅਮਰਜੀਤ ਸਿੰਘ ਥਿੰਦ ਨੂੰ 40,010 ਵੋਟਾਂ ਮਿਲੀਆਂ ਸਨ। ਜ਼ਿਮਨੀ ਚੋਣ ਦੌਰਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਸੂਬੇ ਵਿਚ ਵਿਗੜੀ ਹੋਈ ਸਿਆਸੀ ਹਾਲਤ ਦਾ ਲਾਭ ਲੈਣ ਲਈ ਇਨ੍ਹਾਂ ਵੋਟਾਂ ‘ਤੇ ਟੇਕ ਰੱਖੀ ਹੋਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਪ ਚੋਣ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਡਾ. ਅਮਰਜੀਤ ਸਿੰਘ ਥਿੰਦ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਸੀ ਤੇ ਚੋਣਾਂ ਦੌਰਾਨ ਵੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਸੀਡੀ. ਕੰਬੋਜ, ਜਲੰਧਰ ਛਾਉਣੀ ਦੇ ਉਮੀਦਵਾਰ ਐਚਐਸ. ਵਾਲੀਆ ਅਤੇ ਆਦਮਪੁਰ ਤੋਂ ਉਮੀਦਵਾਰ ਰਹੇ ਹੰਸ ਰਾਜ ਰਾਣਾ ਨੂੰ ਅਕਾਲੀ ਦਲ ਵਿਚ ਸ਼ਾਮਲ ਕਰ ਕੇ ਆਮ ਆਦਮੀ ਪਾਰਟੀ ਦੀਆਂ ਵੋਟਾਂ ਨੂੰ ਸੰਨ੍ਹ ਲਾਉਣ ਦੀ ਰਣਨੀਤੀ ਬਣਾਈ ਸੀ ਜਿਸ ਨੂੰ ਹਲਕੇ ਦੇ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ।
ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਮਿਲੇ ਪਿਆਰ ਤੇ ਸਤਿਕਾਰ ਸਦਕਾ ਉਹ ਵੱਡੇ ਫਰਕ ਨਾਲ ਜਿੱਤੇ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਰਾਣਾ ਗੁਰਜੀਤ ਸਿੰਘ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਰਲ ਕੇ ਚੋਣ ਮੁਹਿੰਮ ਚਲਾਈ।