ਪਾਕਿਸਤਾਨ ਸਿੱਖ ਜਥਿਆਂ ਨੂੰ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਵੀਜ਼ੇ ਦੇਣ ‘ਤੇ ਅੜਿਆ

ਪਾਕਿਸਤਾਨ ਸਿੱਖ ਜਥਿਆਂ ਨੂੰ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਵੀਜ਼ੇ ਦੇਣ ‘ਤੇ ਅੜਿਆ

ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਉੱਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਫਾਈਲ ਫੋਟੋ।

ਅੰਮ੍ਰਿਤਸਰ/ਬਿਊਰੋ ਨਿਉਜ਼ :
ਨਾਨਕਸ਼ਾਹੀ ਕੈਲੰਡਰ ਦੇ ਚੱਲ ਰਹੇ ਵਿਵਾਦ ਕਾਰਨ ਸ਼੍ਰੋਮਣੀ ਕਮੇਟੀ ਨੇ ਪੰਜਵੀਂ ਪਾਤਸ਼ਾਹੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਇਕ ਵਾਰ ਫਿਰ ਪਾਕਿਸਤਾਨ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ। ਪਾਕਿਸਤਾਨ ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਨਿਰਧਾਰਤ ਕੀਤੇ ਪ੍ਰੋਗਰਾਮ ਮੁਤਾਬਕ ਵੀਜ਼ੇ ਦੇਣ ਤੋਂ ਨਾਂਹ ਕਰ ਦਿੱਤੀ ਹੈ ਜਿਸ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਲਿਆ। ਪਿਛਲੇ ਵਰ੍ਹੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਹ ਜਥਾ ਰੱਦ ਕੀਤਾ ਗਿਆ ਸੀ। ਦੂਜੇ ਪਾਸੇ ਕੁਝ ਸਿੱਖ ਜਥੇਬੰਦੀਆਂ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼ਹੀਦੀ ਦਿਹਾੜਾ ਮਨਾਉਣ ਲਈ ਪਾਕਿਸਤਾਨ ਵੱਲੋਂ ਵੀਜ਼ੇ ਦਿੱਤੇ ਵੀ ਗਏ ਹਨ। ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼ਹੀਦੀ ਪੁਰਬ 16 ਜੂਨ ਨੂੰ ਮਨਾਇਆ ਜਾਵੇਗਾ ਅਤੇ ਪਾਕਿਸਤਾਨ ਸਥਿਤ ਪੀਜੀਪੀਸੀ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹੀ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਗੁਰਦੁਆਰਾ ਡੇਰਾ ਸਾਹਿਬ ਲਾਹੌਰ ‘ਚ 16 ਜੂਨ ਨੂੰ ਅਖੰਡ ਪਾਠ ਦੇ ਭੋਗ ਪਾ ਕੇ ਸ਼ਹੀਦੀ ਦਿਵਸ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਉਧਰ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼ਹੀਦੀ ਪੁਰਬ 17 ਜੂਨ ਨੂੰ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ 17 ਜੂਨ ਨੂੰ ਹੀ ਮਨਾ ਰਹੀ ਹੈ। ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨੀ ਸਫ਼ਾਰਤਖ਼ਾਨੇ ਨੂੰ ਸਿੱਖ ਸ਼ਰਧਾਲੂਆਂ ਲਈ 9 ਤੋਂ 18 ਜੂਨ ਤਕ ਵੀਜ਼ੇ ਦੇਣ ਲਈ ਆਖਿਆ ਸੀ। ਸ਼੍ਰੋਮਣੀ ਕਮੇਟੀ ਨੇ ਜਥਾ ਭੇਜਣ ਲਈ 81 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖ਼ਾਨੇ ਕੋਲ ਭੇਜੇ ਗਏ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪਾਕਿਸਤਾਨੀ ਸਫ਼ਾਰਤਖ਼ਾਨੇ ਵੱਲੋਂ ਪ੍ਰੋਗਰਾਮ ਮੁਤਾਬਕ ਵੀਜ਼ੇ ਨਹੀਂ ਦਿੱਤੇ ਗਏ ਹਨ। ਇਸ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਦਾ ਜਥਾ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨੀ ਸਫ਼ਾਰਤਖ਼ਾਨੇ ਨੇ ਅਜਿਹਾ ਕਰਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਇਸ ਦੌਰਾਨ ਭਾਈ ਮਰਦਾਨਾ ਕੀਰਤਨ ਦਰਬਾਰ ਯਾਦਗਾਰ ਸੁਸਾਇਟੀ  ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਸਮੇਤ ਕੁਝ ਹੋਰ ਸਿੱਖ ਜਥੇਬੰਦੀਆਂ ਦੇ ਕਰੀਬ 100 ਸ਼ਰਧਾਲੂਆਂ ਨੂੰ ਪਾਕਿਸਤਾਨੀ ਸਫ਼ਾਰਤਖ਼ਾਨੇ ਵੱਲੋਂ 8 ਤੋਂ 17 ਜੂਨ ਵਾਸਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਵੀਜ਼ੇ ਦਿੱਤੇ ਗਏ ਹਨ। ਉਨ੍ਹਾਂ ਆਖਿਆ ਕਿ ਪੀਜੀਪੀਸੀ ਵੱਲੋਂ ਸ਼ਹੀਦੀ ਪੁਰਬ 16 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਸ਼ਮੂਲੀਅਤ ਮਗਰੋਂ ਸ਼ਰਧਾਲੂ ਅਗਲੇ ਦਿਨ 17 ਜੂਨ ਨੂੰ ਭਾਰਤ ਪਰਤ ਆਉਣਗੇ। ਇਹ ਸ਼ਰਧਾਲੂ ਭਲਕੇ 8 ਜੂਨ ਨੂੰ ਰੇਲ ਗੱਡੀ ਰਾਹੀਂ ਪਾਕਿਸਤਾਨ ਰਵਾਨਾ ਹੋ ਰਹੇ ਹਨ।
ਜ਼ਿਕਰਯੋਗ ਹੈ ਕਿ 2010 ਵਿੱਚ ਸੋਧਿਆ ਹੋਇਆ ਕੈਲੰਡਰ ਲਾਗੂ ਕੀਤਾ ਗਿਆ ਸੀ ਜਿਸ ਮਗਰੋਂ ਪੰਜਵੀਂ ਪਾਤਸ਼ਾਹੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਸਮੇਤ ਹੋਰ ਗੁਰਪੁਰਬਾਂ ਦੀਆਂ ਤਰੀਕਾਂ ਹਰ ਵਰ੍ਹੇ ਬਦਲ ਜਾਂਦੀਆਂ ਹਨ ਜਦਕਿ ਪਾਕਿਸਤਾਨ ਵਿੱਚ ਸਿੱਖਾਂ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹੀ ਮਾਨਤਾ ਦਿੱਤੀ ਹੋਈ ਹੈ।