ਮੀਰਾਂਕੋਟ ਵਿਚ ਦੋ ਪਾਵਨ ਸਰੂਪ ਅਤੇ ਇੱਕ ਪੋਥੀ ਅਗਨ ਭੇਟ

ਮੀਰਾਂਕੋਟ ਵਿਚ ਦੋ ਪਾਵਨ ਸਰੂਪ ਅਤੇ ਇੱਕ ਪੋਥੀ ਅਗਨ ਭੇਟ

ਸ਼੍ਰੋਮਣੀ ਕਮੇਟੀ ਤੇ ਅਕਾਲ ਤਖ਼ਤ ਨੇ ਕੀਤੀ ਨਿਖੇਧੀ
ਅੰਮ੍ਰਿਤਸਰ/ਬਿਊਰੋ ਨਿਊਜ਼ :
ਪਿੰਡ ਮੀਰਾਂਕੋਟ ਨੇੜੇ ਗੁਰਦੁਆਰਾ ਬਾਬਾ ਟਹਿਲ ਸਿੰਘ ਵਿੱਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਦੁੱਖ ਪ੍ਰਗਟਾਇਆ ਹੈ।
ਪ੍ਰਾਪਤ ਵੇਰਵਿਆਂ ਅਨੁਸਾਰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰਦੁਆਰੇ ਦੇ ਕਮਰੇ ਨੂੰ ਅੱਗ ਲੱਗ ਗਈ ਅਤੇ ਕਮਰੇ ਵਿੱਚ ਪਏ ਦੋ ਪਾਵਨ ਸਰੂਪ ਅਤੇ ਇੱਕ ਪੋਥੀ ਅਗਨ ਭੇਟ ਹੋ ਗਏ। ਮੌਕੇ ‘ਤੇ ਪੁੱਜੇ ਧਰਮ ਪ੍ਰਚਾਰ ਕਮੇਟੀ ਦੇ ਅਧਿਕਾਰੀਆਂ ਤੇ ਹੋਰਨਾਂ ਨੇ ਅਗਨ ਭੇਟ ਹੋਏ ਪਾਵਨ ਸਰੂਪ ਧਾਰਮਿਕ ਮਰਿਆਦਾ ਨਾਲ ਗੋਇੰਦਵਾਲ ਪਹੁੰਚਾਏ ਹਨ, ਜਿਥੇ ਸਸਕਾਰ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ  ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਕਾਲੀ ਮੰਤਰੀਆਂ, ਵਿਧਾਇਕਾਂ ਅਤੇ ਜ਼ਿਲ੍ਹਾ ਜਥੇਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਗੁਰਦੁਆਰਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਇਕੱਤਰਤਾਵਾਂ ਮੌਕੇ ਪ੍ਰਬੰਧਕਾਂ ਤੇ ਸੰਗਤਾਂ ਨੂੰ ਗੁਰਦੁਆਰਿਆਂ ਦੀ ਮਾਣ ਮਰਿਆਦਾ ਅਤੇ ਗੁਰੂ ਗ੍ਰੰਥ ਸਾਹਿਬ ਦੀ ਸਾਂਭ ਸੰਭਾਲ ਬਾਰੇ ਸੁਚੇਤ ਹੋਣ ਲਈ ਵੀ ਪ੍ਰੇਰਿਤ ਕਰਨ।
ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪੋ-ਆਪਣੇ ਇਲਾਕਿਆਂ ਵਿੱਚ ਗੁਰਦੁਆਰਾ ਕਮੇਟੀਆਂ ਅਤੇ ਗ੍ਰੰਥੀਆਂ ਨੂੰ ਅਪੀਲ ਕਰਨ ਕਿ ਸੁਖਆਸਨ ਅਤੇ ਪ੍ਰਕਾਸ਼ ਵਾਲੇ ਸਥਾਨ ‘ਤੇ ਬਿਜਲਈ ਉਪਕਰਨਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ।