ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਨਹੀਂ ਰਹੇ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਨਹੀਂ ਰਹੇ

ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਦਿੱਲੀ ਦੇ ਏਮਜ਼ ‘ਚ ਦੇਹਾਂਤ ਹੋ ਗਿਆ ਜਿੱਥੇ ਉਨ੍ਹਾਂ ਨੂੰ ਸਾਹ ਦੀ ਬਿਮਾਰੀ ਦੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਪੰਜਾਬ ਸਰਕਾਰ ਵੱਲੋਂ ਸ੍ਰੀ ਸਿੰਗਲਾ ਦੀ ਮੌਤ ਦੇ ਸੋਗ ਵਜੋਂ 29 ਜੂਨ ਨੂੰ ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ, ਬੋਰਡਾਂ ਤੇ ਕਾਰਪੋਰੇਸ਼ਨਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 78 ਸਾਲਾ ਸ੍ਰੀ ਸਿੰਗਲਾ ਦੇ ਕਈ ਅੰਗਾਂ ਵਿਚ ਨੁਕਸ ਪੈਣ ਕਰਕੇ ਇੱਥੇ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਪਿਛਲੇ ਮਹੀਨੇ ਵੀ ਨਮੂਨੀਏ ਦੇ ਇਲਾਜ ਲਈ ਏਮਜ਼ ‘ਚ ਦਾਖ਼ਲ ਕਰਵਾਇਆ ਗਿਆ ਸੀ ਤੇ ਉਹ 15 ਕੁ ਦਿਨ ਪਹਿਲਾਂ ਹੀ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਘਰ ਪਰਤੇ ਸਨ। ਉਹ ਪਟਿਆਲਾ ਜ਼ਿਲ੍ਹੇ ਸਮਾਣਾ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਸਨ ਜੋ ਰਾਜ ਸਭਾ ਲਈ ਵੀ ਚੁਣੇ ਗਏ ਤੇ ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਵਿੱਤ ਮੰਤਰੀ ਰਹੇ ਸਨ। ਉਨ੍ਹਾਂ ਨੂੰ ਬਠਿੰਡਾ ‘ਚ ਪੁਲਾਂ ਦੀ ਸ਼ੁਰੂਆਤ ਕਰਨ ਵਾਲਾ ਮੰਨਿਆ ਜਾਂਦਾ ਹੈ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਤੇ ਧੀ ਨੂੰ ਛੱਡ ਗਏ ਹਨ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਥੀ ਮੌਤ ‘ਤੇ ਡੂੰਘਾ ਦੁਖ ਪ੍ਰਗਟ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਸ੍ਰੀ ਸਿੰਗਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।