ਭਾਰਤੀ ਸਫਾਰਤਖਾਨੇ ਵਲੋਂ ਫਰਾਂਸ ਰਹਿੰਦੇ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਨਵੇਂ ਪਾਸਪੋਰਟ ਜਾਰੀ ਕਰਨ ਦਾ ਕੰਮ ਸ਼ੁਰੂ

ਭਾਰਤੀ ਸਫਾਰਤਖਾਨੇ ਵਲੋਂ ਫਰਾਂਸ ਰਹਿੰਦੇ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਨਵੇਂ ਪਾਸਪੋਰਟ ਜਾਰੀ ਕਰਨ ਦਾ ਕੰਮ ਸ਼ੁਰੂ

ਨਵੀਂ ਦਿੱਲੀ/ਬਿਊਰੋ ਨਿਊਜ਼:
ਭਾਰਤੀ ਸਫਾਰਤਖਾਨੇ ਨੇ ਫਰਾਂਸ ਵਿੱਚ ਰਹਿੰਦੇ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਨਵੇਂ ਪਾਸਪੋਰਟ ਜਾਰੀ ਕਰਨ ਦੀ ਪ੍ਰਕਿਰਿਆ  ਸ਼ੁਰੂ ਕਰ ਦਿੱਤੀ ਹੈ। ਇਹ ਮਾਮਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਚੁੱਕਿਆ ਗਿਆ ਸੀ, ਜਿਸ ਮਗਰੋਂ ਇਹ ਪ੍ਰਕਿਰਿਆ ਸ਼ੁਰੂ ਹੋਈ ਹੈ। ਫਰਾਂਸ ਵਿੱਚ ਰਹਿੰਦੇ ਸਿੱਖ ਭਾਈਚਾਰੇ ਦੇ ਆਗੂਆਂ ਇਕਬਾਲ ਸਿੰਘ ਭੱਟੀ, ਚੀਮਾ ਬੇਗੋਵਾਲ, ਸੁਰਜੀਤ ਸਿੰਘ ਮਾਨਾ ਤੇ ਹਰਿੰਦਰਪਾਲ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਇਹ ਮਾਮਲਾ  ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਚੁੱਕਿਆ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਮਾਮਲਾ ਪ੍ਰਧਾਨ ਮੰਤਰੀ ਦਫ਼ਤਰ ਦੇ ਧਿਆਨ ਵਿੱਚ ਲਿਆਂਦਾ, ਜਿਸ ਦੇ ਨਤੀਜੇ ਵਜੋਂ ਇਹ ਮਸਲਾ ਹੱਲ ਹੋ ਸਕਿਆ। ਹੁਣ ਸਿੱਖ ਭਾਈਚਾਰੇ ਦੇ ਬੱਚਿਆਂ ਨੂੰ  ਨਵੇਂ ਪਾਸਪੋਰਟ ਜਾਰੀ ਹੋ ਰਹੇ ਹਨ, ਬਲਕਿ ਸਫਾਰਤਖਾਨੇ ਨੇ ਇਹ ਵੀ ਭਰੋਸਾ ਦੁਆਇਆ ਹੈ ਕਿ ਉਨ੍ਹਾਂ ਪਰਿਵਾਰਾਂ ਨੂੰ ਵੀ ਨਵੇਂ ਪਾਸਪੋਰਟ ਜਾਰੀ ਕੀਤੇ ਜਾਣਗੇ, ਜਿਨ੍ਹਾਂ ਕੋਲ ਰਫਿਊਜੀ ਸਟੇਟਸ ਹੈ ਤੇ ਉਨ੍ਹਾਂ ਖ਼ਿਲਾਫ਼ ਭਾਰਤ ਵਿੱਚ ਕਿਸੇ ਵੀ ਤਰ੍ਹਾਂ ਦਾ ਕੇਸ ਦਰਜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚਾਰ ਅਣਪਛਾਤੇ ਮਾਮਲੇ ਜਿਨ੍ਹਾਂ ਵਿੱਚ ਵਿਅਕਤੀਆਂ ਨੇ ਭਾਰਤ ਵਿੱਚ ਵਾਪਸ ਆਪਣੇ ਪਰਿਵਾਰਾਂ ਕੋਲ ਪਰਤਣ ਦੀ ਇੱਛਾ ਪ੍ਰਗਟਾਈ ਹੈ, ਵਿੱਚੋਂ ਵੀ ਤਿੰਨ ਕੇਸ ਸਫਾਰਤਖਾਨੇ ਦੇ ਵਿਚਾਰ ਅਧੀਨ ਹਨ ਤੇ ਇਨ੍ਹਾਂ ਨੂੰ ਪ੍ਰਵਾਨਗੀ ਮਿਲਣ ਦੀ ਸੰਭਾਵਨਾ ਹੈ।