”ਜਦ ਤਾਏ ਦੀ ਧੀ ਚੱਲੀ ਤਾਂ ਮੈਂ ਕਿਉਂ ਰਹਾਂ ‘ਕੱਲੀ” ਪੰਜਾਬ ਦੇ ਸਿਆਸਤਦਾਨਾਂ ਵਿਚ ਡੋਪ ਟੈਸਟ ਕਰਵਾਉਣ ਦੀ ਹੋੜ੍ਹ ਲੱਗੀ

”ਜਦ ਤਾਏ ਦੀ ਧੀ ਚੱਲੀ ਤਾਂ ਮੈਂ ਕਿਉਂ ਰਹਾਂ ‘ਕੱਲੀ” ਪੰਜਾਬ ਦੇ ਸਿਆਸਤਦਾਨਾਂ ਵਿਚ ਡੋਪ ਟੈਸਟ ਕਰਵਾਉਣ ਦੀ ਹੋੜ੍ਹ ਲੱਗੀ

ਮੋਹਾਲੀ/ਬਿਊਰੋ ਨਿਊਜ਼ :

ਪੰਜਾਬ ਸਰਕਾਰ ਵਲੋਂ ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਦੀ ਮੁਹਿੰਮ ਤਹਿਤ ਵੱਖ-ਵੱਖ ਆਗੂਆਂ ਵਲੋਂ ਡੋਪ ਟੈਸਟ ਕਰਵਾਉਣਾ ਜਾਰੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ. ਸਿੰਘ ਨੇ ਵੀ ਇੱਥੋਂ ਦੇ ਸਿਵਲ ਹਸਪਤਾਲ ਵਿਖੇ ਆਪਣਾ ਡੋਪ ਟੈਸਟ ਕਰਾਇਆ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਮੌਜੂਦਾ ਸਮੇਂ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ ਲਿਹਾਜ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਹਿਰਦ ਯਤਨਾਂ ਸਦਕਾ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਭਰਪੂਰ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਇਸ ਬੁਰਾਈ ਨੂੰ ਖ਼ਤਮ ਕਰਨ ਲਈ ਸਾਰੇ ਵਰਗ ਇਕਜੁੱਟ ਹੋ ਕੇ ਹੰਭਲਾ ਮਾਰਨ।
ਇਸੇ ਤਰ੍ਹਾਂ ਲੁਧਿਆਣਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ
ਨੇ ਸਿਵਲ ਹਸਪਤਾਲ ਵਿਖੇ ਜਾ ਕੇ ਆਪਣਾ ਡੋਪ ਟੈਸਟ ਕਰਵਾਇਆ ਅਤੇ ਉਹ ਡੋਪ ਟੈਸਟ ਕਰਵਾਉਣ ਵਾਲੇ ਪਹਿਲੇ ਪੰਜਾਬੀ ਲੋਕ ਸਭਾ ਮੈਂਬਰ ਬਣ ਗਏ ਹਨ। ‘ਆਪ’ ਵਿਧਾਇਕ ਜਗਦੇਵ ਕਮਾਲੂ ਨੇ ਵੀ ਡੋਪ ਟੈਸਟ ਕਰਵਾਇਆ
ਹੈ। ਵਿਧਾਨ ਸਭਾ ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਸਥਾਨਕ ਭਾਈ ਮਨੀ ਸਿੰਘ ਸਿਵਲ ਹਸਪਤਾਲ ‘ਚ ਪੁੱਜ ਕੇ ਆਪਣਾ ਡੋਪ ਟੈਸਟ ਕਰਵਾਇਆ ਅਤੇ ਖ਼ੁਦ ਨਸ਼ਾ ਮੁਕਤ ਹੋਣ ਦਾ ਦਾਅਵਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਸਿੰਘ, ਮੀਤ ਪ੍ਰਧਾਨ ਨਛੱਤਰ ਸਿੰਘ ਅਤੇ ਕੇਵਲ ਸਿੰਘ ਨੇ ਵੀ ਡੋਪ ਟੈਸਟ ਲਈ ਸੈਂਪਲ ਭਰਵਾਏ। ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ਵਿਧਾਇਕ ਅਮਨ ਅਰੋੜਾ ਦੇ ਡੋਪ ਟੈਸਟ ਕਰਵਾਉਣ ਨਾਲ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਡੋਪ ਟੈਸਟ ਕਰਵਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਨੂੰ ਡੋਪ ਟੈਸਟ ਲਈ ਅੱਗੇ ਆਉਣਾ ਚਾਹੀਦਾ ਹੈ।
ਹਲਕਾ ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਵੀ ਆਪਣਾ ਡੋਪ ਟੈਸਟ ਕਰਵਾਇਆ ਹੈ। ਵਿਧਾਇਕ ਗਿੱਲ ਨੇ ਸਿਵਲ ਹਸਪਤਾਲ ਪੱਟੀ ‘ਚ ਜਾ ਕੇ ਆਪਣਾ ਟੈਸਟ ਕਰਵਾਇਆ। ਉਨ੍ਹਾਂ ਕਿਹਾ ਨੇ ਜਿੱਥੇ ਮੁੱਖ ਮੰਤਰੀ ਪੰਜਾਬ ਨੇ ਨਸ਼ੇ ਨੂੰ ਸੂਬੇ ‘ਚੋਂ ਖ਼ਤਮ ਕਰਨ ਦਾ ਬੀੜ੍ਹਾ ਚੁੱਕਿਆ ਹੈ ਉੱਥੇ ਹੀ ਮੈਂ ਪੱਟੀ ਹਲਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਪੱਟੀ ਹਲਕੇ ਨੂੰ ਨਸ਼ਾ ਮੁਕਤ ਕਰ ਹੀ ਦਮ ਲਵਾਂਗਾ।
ਵਿਧਾਨ ਸਭਾ ਹਲਕਾ ਰਾਏਕੋਟ ਤੋਂ ‘ਆਪ’ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਸਰਕਾਰੀ ਹਸਪਤਾਲ ਰਾਏਕੋਟ ‘ਚ ਆਪਣਾ ਡੋਪ ਟੈਸਟ ਕਰਵਾਇਆ। ਇਸ ਮੌਕੇ ਗੱਲਬਾਤ ਕਰਦਿਆਂ ਜਗਤਾਰ ਸਿੰਘ ਹਿੱਸੋਵਾਲ ਨੇ ਆਖਿਆ ਕਿ ਨਸ਼ੇ ਦੀ ਰੋਕਥਾਮ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਅਤੇ ਆਗੂਆਂ ਦਾ ਡੋਪ ਟੈਸਟ ਲਾਜ਼ਮੀ ਹੋਣਾ ਚਾਹੀਦਾ ਹੈ, ਕਿਉਂਕਿ ਪੰਜਾਬ ਦੇ ਲੋਕ ਸਿਆਸੀ ਲੀਡਰਾਂ ਤੋਂ ਜੀਵਨ ਤੋਂ ਪ੍ਰਭਾਵਿਤ ਹੁੰਦੇ ਹਨ ਤੇ ਉਨ੍ਹਾਂ ਨੂੰ ਦੇਖ ਕੇ ਹੀ ਆਪਣਾ ਜੀਵਨ ਜਿਉਣ ਦੀ ਕੋਸ਼ਿਸ਼ ਕਰਦੇ ਹਨ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਈ ਉਚ ਆਗੁ ਆਪਣਾ ਡੋਪ ਟੈਸਟ ਕਰਵਾ ਚੁੱਕੇ ਹਨ ਪਰ ਅਕਾਲੀ ਆਗੂ ਅਜੇ ਤਕ ਇਸ ਮੁਹਿੰਮ ਵਿਚ ਸ਼ਾਮਲ ਨਹੀਂ ਹੋਏ ਹਨ।