ਕੈਪਟਨ ਨੇ ਕਿਹਾ, ਮੋਗਾ ਦੇ ਸਾਬਕਾ ਐਸਐਸਪੀ ਰਾਜਜੀਤ ਸਿੰਘ ਖ਼ਿਲਾਫ਼ ਹੋਵੇਗੀ ਸਖਤ ਕਾਰਵਾਈ

ਕੈਪਟਨ ਨੇ ਕਿਹਾ, ਮੋਗਾ ਦੇ ਸਾਬਕਾ ਐਸਐਸਪੀ ਰਾਜਜੀਤ ਸਿੰਘ ਖ਼ਿਲਾਫ਼ ਹੋਵੇਗੀ ਸਖਤ ਕਾਰਵਾਈ

ਚੰਡੀਗੜ੍ਹ/ਬਿਊਰੋ ਨਿਊਜ਼ :

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੋਗਾ ਦੇ ਸਾਬਕਾ ਐੱਸਐੱਸਪੀ ਰਾਜਜੀਤ ਸਿੰਘ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਉਸ ਵਿਰੁੱਧ ਕਈ ਤਰ੍ਹਾਂ ਮਾਮਲੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਵਜ਼ਾਰਤ ਦੀ ਪਿਛਲੀ ਮੀਟਿੰਗ ਵਿੱਚ ਉਸ ਵਿਰੁੱਧ ਕਾਰਵਾਈ ਕਰਨ ਦੇ ਮੁੱਦੇ ਨੂੰ ਲੈ ਕੇ ਚਰਚਾ ਹੋਈ ਸੀ।
ਇਕ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਜੀਤ ਦਾ ਕੋਈ ਪੱਖ ਨਹੀਂ ਲਿਆ ਜਾ ਰਿਹਾ ਤੇ ਜਿਹੜੇ ਮੁੱਦਿਆਂ ਨਾਲ ਉਸ ਦਾ ਨਾਂ ਜੁੜਿਆ ਹੈ, ਉਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਡੋਪ ਟੈਸਟ ਨਸ਼ਿਆਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੈ, ਪਰ ਇਸ ਨਾਲ ਲੋਕਾਂ ‘ਚ ਨਸ਼ਿਆਂ ਵਿਰੋਧੀ ਸੁਨੇਹਾ ਜਾਵੇਗਾ। ਉਨ੍ਹਾਂ ਕਿਹਾ ਕਿ ਡੋਪ ਟੈਸਟ ਕਰਵਾਉਣਾ ਹਰ ਇਕ ਦਾ ਨਿੱਜੀ ਫ਼ੈਸਲਾ ਹੈ ਤੇ ਕਿਸੇ ਸਿਆਸਤਦਾਨ ਨੂੰ ਜਬਰੀ ਟੈਸਟ ਕਰਵਾਉਣ ਲਈ ਨਹੀਂ ਕਿਹਾ ਜਾ ਸਕਦਾ, ਪਰ ਡੋਪ ਟੈਸਟ ਕਰਵਾਉਣ ਦਾ ਕੋਈ ਨੁਕਸਾਨ ਨਹੀਂ ਹੈ। ਪਿੰਡਾਂ ਦੇ ਲੋਕਾਂ ਵੱਲੋਂ ਨਸ਼ੇੜੀਆਂ ਨੂੰ ਕੁੱਟਣ ਦੇ ਮੁੱਦੇ ‘ਤੇ ਕੈਪਟਨ ਨੇ ਕਿਹਾ ਕਿ ਲੋਕਾਂ ਨੂੰ ਕਾਨੂੰਨ ਆਪਣੇ ਹੱਥਾਂ ਵਿੱਚ ਨਹੀਂ ਲੈਣਾ ਚਾਹੀਦਾ ਤੇ ਇਨ੍ਹਾਂ ਨੂੰ ਪੁਲੀਸ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਪੁਲੀਸ ਦੀ ਨਸ਼ਿਆਂ ਵਿੱਚ ਸ਼ਮੂਲੀਅਤ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਮੁਲਾਜ਼ਮਾਂ ਦਾ ਡੋਪ ਟੈਸਟ ਦੋ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ। ਪਹਿਲਾਂ ਭਰਤੀ ਵੇਲੇ ਤੇ ਦੂਜਾ ਤਰੱਕੀ ਦੇਣ ਸਮੇਂ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਪੰਜਾਬ ਪੁਲੀਸ ‘ਚ ਛੇ ਹਜ਼ਾਰ ਸਿਪਾਹੀ ਭਰਤੀ ਕੀਤੇ ਜਾਣਗੇ ਤੇ ਉਨ੍ਹਾਂ ਨੂੰ ਡੋਪ ਟੈਸਟ ਕਰਵਾਉਣ ਤੋਂ ਬਾਅਦ ਹੀ ਡਿਊਟੀ ‘ਤੇ ਹਾਜ਼ਰ ਕਰਵਾਇਆ ਜਾਵੇਗਾ।
ਦੱਸਣਯੋਗ ਹੈ ਕਿ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਦੋ ਜੁਲਾਈ ਨੂੰ  ਵਜ਼ਾਰਤ ਦੀ ਹੰਗਾਮੀ ਮੀਟਿੰਗ ਸੱਦੀ ਗਈ ਸੀ। ਇਸ  ਮੀਟਿੰਗ ਵਿੱਚ ਦੋ ਕਮੇਟੀਆਂ ਬਣਾਈਆਂ ਗਈਆਂ ਸਨ। ਇਸੇ ਮੀਟਿੰਗ ਵਿੱਚ ਰਾਜਜੀਤ ਦੀ ਫੌਰੀ  ਬਦਲੀ ਕਰਕੇ ਸਖਤ ਕਾਰਵਾਈ ਦਾ ਫ਼ੈਸਲਾ ਕੀਤਾ ਗਿਆ ਸੀ ਤੇ ਡੀਐੱਸਪੀ ਦਲਜੀਤ ਸਿੰਘ ਢਿੱਲੋਂ  ਨੂੰ ਬਰਤਰਫ ਕੀਤਾ ਗਿਆ ਸੀ।