ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ‘ਸੋਧਾ ਲਾਉਣ’ ਵਾਲੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਜੇਲ੍ਹ ‘ਚ ਭੁੱਖ ਹਡ਼ਤਾਲ ਸ਼ੁਰੂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ‘ਸੋਧਾ ਲਾਉਣ’ ਵਾਲੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਜੇਲ੍ਹ ‘ਚ ਭੁੱਖ ਹਡ਼ਤਾਲ ਸ਼ੁਰੂ

ਪਟਿਆਲਾ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ  ਰਹਿਮ ਦੀ ਅਪੀਲ ਦੇ ਨਿਪਟਾਰੇ ਵਿੱਚ ਦੇਰੀ ਤੋਂ ਖ਼ਫ਼ਾ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਭੁੱਖ ਹਡ਼ਤਾਲ ਸ਼ੁਰੂ ਕਰ ਦਿੱਤੀ ਹੈ। ਉਧਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗਡ਼੍ਹੀ ਦੀ ਅਗਵਾਈ ਹੇਠਲੇ ਇੱਕ ਵਫ਼ਦ ਨੇ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਕੀਤੀ ਤੇ ਦੱਸਿਆ ਕਿ ਲੀਡਰਸ਼ਿਪ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਰਾਜੋਆਣਾ ਦਾ ਕਹਿਣਾ ਸੀ ਕਿ ਉਹ ਅਰਦਾਸ ਕਰਕੇ ਭੁੱਖ ਹਡ਼ਤਾਲ ਸ਼ੁਰੂ ਕਰ ਚੁੱਕੇ ਹਨ। ਜੇਕਰ ਮੁਲਾਕਾਤ ਦੇ ਉਸਾਰੂ ਨਤੀਜੇ ਨਿਕਲਦੇ ਹਨ ਤਾਂ ਉਹ ਭੁੱਖ ਹਡ਼ਤਾਲ ਸਮਾਪਤ ਕਰ ਦੇਣਗੇ।
ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਰਾਜੋਆਣਾ ਨੂੰ ਸੈਸ਼ਨ ਕੋਰਟ, ਚੰਡੀਗਡ਼੍ਹ ਵੱਲੋਂ 31 ਜੁਲਾਈ 2007 ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਰਾਜੋਆਣਾ ਵੱਲੋਂ ਬਚਾਅ ਲਈ ਖ਼ੁਦ ਕਿਸੇ ਵੀ ਚਾਰਾਜੋਈ ਤੋਂ ਇਨਕਾਰ ਕਰਨ ’ਤੇ ਗੰਭੀਰ ਹੋਏ ਹਾਲਾਤ ਦੌਰਾਨ ਸ਼੍ਰੋਮਣੀ ਕਮੇਟੀ ਨੇ ਹੀ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਦਾਇਰ ਕਰਕੇ ਫਾਂਸੀ ਦੀ ਸਜ਼ਾ ਮੁਆਫ਼ ਕਰਨ ’ਤੇ ਜ਼ੋਰ ਦਿੱਤਾ ਸੀ, ਜਿਸ ਤਹਿਤ 28 ਮਾਰਚ 2012 ਨੂੰ ਫਾਂਸੀ ’ਤੇ ਰੋਕ ਲੱਗੀ ਸੀ, ਜੋ ਜਾਰੀ ਹੈ, ਪਰ ਰਾਜੋਆਣਾ ਦਾ ਕਹਿਣਾ ਹੈ ਕਿ  ਇਸ ਪਟੀਸ਼ਨ ਦੇ ਨਿਪਟਾਰੇ ਵਿੱਚ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਭੁੱਖ ਹਡ਼ਤਾਲ ਸ਼ੁਰੂ ਕੀਤੀ ਹੈ। ਜੇਲ੍ਹ ਸੁਪਰਡੈਂਟ ਰਾਜਨ ਕਪੂਰ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਤੇ ਸੀਨੀਅਰ ਅਕਾਲੀ ਆਗੂਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਰਾਜੋਆਣਾ ਮਾਮਲੇ ਵਿੱਚ ਪਹਿਲ ਦੇ ਆਧਾਰ ’ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਅਤੇ ਉਸ ਵੱਲੋਂ ਕੀਤੀ ਜਾ ਰਹੀ ਭੁੱਖ ਹਡ਼ਤਾਲ ਖਤਮ ਕਰਾਉਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਨਾਲ ਸਬੰਧਤ ਸੰਸਦ ਮੈਂਬਰ ਰਾਜਨਾਥ ਸਿੰਘ ਨੂੰ ਮਿਲਣਗੇ।
ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਭੁੱਖ ਹਡ਼ਤਾਲ ਨਾ ਕਰਨ ਦੀ ਅਪੀਲ ਨੂੰ ਵੀ ਦਰਕਿਨਾਰ ਕਰ ਦਿੱਤਾ ਹੈ| ਉਧਰ, ਇਹ ਗੱਲ ਵੀ ਸਾਹਮਣੇ ਆਈ ਹੈ ਕਿ ਭਾਈ ਰਾਜੋਆਣਾ ਸ਼੍ਰੋਮਣੀ ਕਮੇਟੀ ਤੋਂ ਖ਼ਫ਼ਾ ਹਨ, ਜਿਸ ਕਾਰਨ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭੇਜੇ ਵਫ਼ਦ ਦੀ ਗੱਲ ਨਹੀਂ ਮੰਨੀ ਤੇ ਭੁੱਖ ਹਡ਼ਤਾਲ ਜਾਰੀ ਰੱਖਣ ਲਈ ਬਜ਼ਿੱਦ ਹਨ।
ਦੱਸਿਆ ਜਾਂਦਾ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਭਾਈ ਰਾਜੋਆਣਾ ਨੂੰ ਫੋਨ ’ਤੇ ਕਿਹਾ ਸੀ ਕਿ ਉਹ ਭੁੱਖ ਹਡ਼ਤਾਲ ਨਾ ਰੱਖਣ| ਇਸ ਦੀ ਪੁਸ਼ਟੀ ਕਰਦਿਆਂ ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਮੰਨਿਆ ਕਿ ਗਿਆਨੀ ਗੁਰਬਚਨ ਸਿੰਘ ਨੇ ਭਾਈ ਰਾਜੋਆਣਾ ਨਾਲ ਫੋਨ ’ਤੇ ਗੱਲ ਕੀਤੀ ਸੀ।
ਉਧਰ, ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਈ ਰਾਜੋਆਣਾ ਦੀ ਸ਼੍ਰੋਮਣੀ ਕਮੇਟੀ ਨਾਲ ਕਥਿਤ ਤੌਰ ’ਤੇ ਸੁਰ ਨਹੀਂ ਮਿਲ ਰਹੀ।