ਚੀਫ਼ ਚੋਣ ਕਮਿਸ਼ਨਰ ਦੀ ਨਿਯੁਕਤੀ ਨਾਲ ਪੰਜਾਬ ‘ਚ ਸ਼੍ਰੋਮਣੀ ਕਮੇਟੀ ਚੋਣਾਂ ਦੀ ਆਹਟ

ਚੀਫ਼ ਚੋਣ ਕਮਿਸ਼ਨਰ ਦੀ ਨਿਯੁਕਤੀ ਨਾਲ ਪੰਜਾਬ ‘ਚ ਸ਼੍ਰੋਮਣੀ ਕਮੇਟੀ ਚੋਣਾਂ ਦੀ ਆਹਟ

ਚੰਡੀਗੜ੍ਹ/ਬਿਊਰੋ ਨਿਊਜ਼ :

ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਸਿਰਸਾ ਦੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ‘ਚ ਦੇਰੀ ਦਾ ਦੋਸ਼ ਲਗਾਉਂਦੀ ਇਕ ਪਟੀਸ਼ਨ ਦੀ ਸੁਣਵਾਈ ਦੌਰਾਨ ਇਹ ਸਾਹਮਣੇ ਆਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੇ ਚੀਫ਼ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ ਕਰ ਦਿੱਤਾ ਹੈ। ਕੇਂਦਰ ਸਰਕਾਰ ਵਲੋਂ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ ਤੇ ਇਸ ਨੋਟੀਫ਼ਿਕੇਸ਼ਨ ਤਹਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾ-ਮੁਕਤ ਜੱਜ ਜਸਟਿਸ ਦਰਸ਼ਨ ਸਿੰਘ ਨੂੰ ਚੀਫ਼ ਗੁਰਦੁਆਰਾ ਚੋਣ ਕਮਿਸ਼ਨਰ ਲਗਾਇਆ ਗਿਆ ਹੈ। ਪਟੀਸ਼ਨ ਦੀ ਸੁਣਵਾਈ ਦੌਰਾਨ ਇਹ ਜਾਣਕਾਰੀ ਵਧੀਕ ਸੋਲੀਸਿਟਰ ਜਨਰਲ ਸਤਿਆਪਾਲ ਜੈਨ ਨੇ ਹਾਈਕੋਰਟ ਬੈਂਚ ਨੂੰ ਦਿੱਤੀ। ਹਾਈਕੋਰਟ ਨੇ ਹਾਲਾਂਕਿ ਸੁਣਵਾਈ ਚਾਰ ਦਸੰਬਰ ‘ਤੇ ਪਾ ਦਿੱਤੀ ਹੈ ਤੇ ਕਿਹਾ ਹੈ ਕਿ ਇਸ ਪਟੀਸ਼ਨ ਵਿਚ ਕਿਸੇ ਵੀ ਧਿਰ ਨੇ ਜੋ ਕੁਝ ਕਹਿਣਾ ਹੈ ਉਹ ਲਿਖਤੀ ਦਾਖ਼ਲ ਕਰ ਦਿੱਤਾ ਜਾਵੇ ਪਰ ਚੋਣ ਕਮਿਸ਼ਨਰ ਲੱਗਣ ਨਾਲ ਪਟੀਸ਼ਨਰ ਦੇ ਵਕੀਲ ਈਸ਼ ਪੁਨੀਤ ਸਿੰਘ ਨੇ ਆਸ ਪ੍ਰਗਟਾਈ ਹੈ ਕਿ ਚੋਣ ਕਮਿਸ਼ਨਰ ਕੰਮ ਸੰਭਾਲਣ ਉਪਰੰਤ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਕਾਰਵਾਈ ਸ਼ੁਰੂ ਕਰ ਦੇਣਗੇ। ਉਨ੍ਹਾਂ ਕਿਹਾ ਕਿ ਉਹ ਛੇਤੀ ਹੀ ਗੁਰਦੁਆਰਾ ਚੋਣ ਕਮਿਸ਼ਨ ਨੂੰ ਮੰਗ ਪੱਤਰ ਦੇ ਕੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕਰਨਗੇ। ਪਟੀਸ਼ਨ ਵਿਚ ਕੇਂਦਰ ਸਰਕਾਰ ਨੂੰ ਧਿਰ ਬਣਾਇਆ ਗਿਆ ਸੀ ਤੇ ਕੇਂਦਰ ਨੇ ਆਪਣੇ ਜਵਾਬ ‘ਚ ਹਾਈਕੋਰਟ ਨੂੰ ਜਾਣੂੰ ਕਰਵਾਇਆ ਸੀ ਕਿ ਸ਼੍ਰੋਮਣੀ ਕਮੇਟੀ ਚੋਣਾਂ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਦੀ ਨਿਯੁਕਤੀ ਉਪਰੰਤ ਹੀ ਸੰਭਵ ਹਨ। ਮੁੱਖ ਕਮਿਸ਼ਨਰ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਤੇ ਇਸ ਉਪਰੰਤ ਹੀ ਸ਼੍ਰੋਮਣੀ ਕਮੇਟੀ ਦੀ ਨਵੀਂ ਬਾਡੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋ ਸਕੇਗੀ, ਕਿਉਂਕਿ ਸਿੱਖ ਗੁਰਦੁਆਰਾ ਬੋਰਡ ਇਲੈੱਕਸ਼ਨ ਰੂਲਜ਼ 1959 ਦੀ ਤਜਵੀਜ਼ ਤਹਿਤ ਚੀਫ਼ ਕਮਿਸ਼ਨਰ ਹੀ ਚੋਣਾਂ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਸਕਦੇ ਹਨ।