ਗਿਆਨੀ ਗੁਰਮੁਖ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗੰ੍ਰਥੀ ਨਿਯੁਕਤ

ਗਿਆਨੀ ਗੁਰਮੁਖ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗੰ੍ਰਥੀ ਨਿਯੁਕਤ

ਅੰਮ੍ਰਿਤਸਰ/ਬਿਊਰੋ ਨਿਊਜ਼ :

ਸਿਰਸੇ ਵਾਲੇ ਰਾਮ ਰਹੀਮ ਨੂੰ ਮੁਆਫੀ ਦੋਣ ਦੇ ਵਿਵਾਦ ਵਿਚ ਸ਼੍ਰੋਮਣੀ ਕਮੇਟੀ ਵਲੋਂ ਕੁਝ ਮਹੀਨੇ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਹਰਿਆਣਾ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਮੁੱਖ ਗੰ੍ਰਥੀ ਵਜੋਂ ਤਬਦੀਲ ਕਰ ਦਿੱਤਾ ਗਿਆ ਸੀ ਤੇ ਉਨ੍ਹਾਂ ਦੇ ਪਰਿਵਾਰ ਤੋਂ ਅੰਮ੍ਰਿਤਸਰ ਵਿਖੇ ਦਿੱਤਾ ਗਿਆ ਕੁਆਟਰ ਵੀ ਖਾਲੀ ਕਰਵਾ ਲਿਆ ਗਿਆ ਸੀ। ਹੁਣ ਸ਼੍ਰੋਮਣੀ ਕਮੇਟੀ ਵਲੋਂ ਅਚਾਨਕ ਫ਼ੈਸਲਾ ਵਾਪਸ ਲੈਂਦਿਆਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੁੜ ਮੁੱਖ ਗ੍ਰੰਥੀ ਨਿਯੁਕਤ ਕੀਤੇ ਜਾਣ ਨਾਲ ਪੰਥਕ ਗਲਿਆਰਿਆਂ ਵਿਚ ਹੈਰਾਨੀ ਪਾਈ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁਖ ਸਿੰਘ ਨੂੰ ਅਚਾਨਕ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੁੱਖ ਗੰ੍ਰਥੀ ਨਿਯੁਕਤ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਵੇਲੇ ਮੁੱਖ ਗੰ੍ਰਥੀ ਵਜੋਂ ਸੇਵਾਵਾਂ ਨਿਭਾਅ ਰਹੇ ਗਿਆਨੀ ਮਲਕੀਤ ਸਿੰਘ ਨੂੰ ਇਥੋਂ ਤਬਦੀਲ ਕਰਕੇ ਸ੍ਰੀ ਹਰਿਮੰਦਰ ਸਾਹਿਬ ਦਾ ਗੰ੍ਰਥੀ ਨਿਯੁਕਤ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗਿਆਨੀ ਗੁਰਮੁਖ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸ੍ਰੀ ਦਰਬਾਰ ਸਾਹਿਬ ਦੇ ਇਕ ਵਧੀਕ ਮੈਨੇਜਰ ਦੀ ਮੌਜੂਦਗੀ ਵਿਚ ਆਪਣੀ ਸੇਵਾ ਬਕਾਇਦਾ ਸੰਭਾਲ ਲਈ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਾਇਨਾਤ ਗੰ੍ਰਥੀ ਸਿੰਘ ਤੇ ਹੋਰਨਾਂ ਸੇਵਾਦਾਰਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਵੀ ਭੇਟ ਕੀਤਾ ਗਿਆ।