ਬਾਦਲਾਂ ਦੇ ਖਾਸਮਖਾਸ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਬਾਦਲਾਂ ਦੇ ਖਾਸਮਖਾਸ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਬਠਿੰਡਾ/ਬਿਊਰੋ ਨਿਊਜ਼ :
ਅਕਾਲੀ-ਭਾਜਪਾ ਰਾਜ ਦੌਰਾਨ ”ਮਲਾਈਆਂ ਖਾਣ” ਵਾਲੇ ਜਥੇਦਾਰ ਕੋਲਿਆਂਵਾਲੀ ਕਸੂਤੇ ਘਿਰਦੇ ਜਾ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਚੇਅਰਮੈਨ ਅਤੇ ਅਕਾਲੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਮਗਰੋਂ ਕੋਲਿਆਂਵਾਲੀ ਰੂਪੋਸ਼ ਹੋ ਗਏ ਹਨ। ਹਾਈ ਕੋਰਟ ਨੇ ਇਸ ਤੋਂ ਪਹਿਲਾਂ ਕੋਲਿਆਂਵਾਲੀ ਨੂੰ ਅਰਜ਼ੀ ਦੀ ਸੁਣਵਾਈ ਦੌਰਾਨ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਜਿਸ ਮਗਰੋਂ ਕੋਲਿਆਂਵਾਲੀ ਵਿਜੀਲੈਂਸ ਕੋਲ ਤਫ਼ਤੀਸ਼ ਲਈ ਸ਼ਾਮਲ ਹੋ ਗਏ ਸਨ।
ਦੱਸਣਯੋਗ ਹੈ ਕਿ ਵਿਜੀਲੈਂਸ ਨੇ ਕੋਲਿਆਂਵਾਲੀ ‘ਤੇ ਵਿਜੀਲੈਂਸ ਥਾਣਾ ਮੁਹਾਲੀ ਵਿੱਚ 30 ਜੂਨ 2018 ਨੂੰ ਵਸੀਲਿਆਂ ਤੋਂ ਜ਼ਿਆਦਾ ਜਾਇਦਾਦ ਬਣਾਏ ਜਾਣ ਦੇ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ। ਉਸ ਮਗਰੋਂ ਕੋਲਿਆਂਵਾਲੀ ਰੂਪੋਸ਼ ਹੋ ਗਏ ਸਨ ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ 25 ਜੁਲਾਈ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਉਸ ਮਗਰੋਂ ਉਹ ਤਿੰਨ-ਚਾਰ ਵਾਰ ਵਿਜੀਲੈਂਸ ਅਧਿਕਾਰੀ ਭੁਪਿੰਦਰ ਸਿੰਘ ਸਿੱਧੂ ਕੋਲ ਤਫ਼ਤੀਸ਼ ਵਿੱਚ ਸ਼ਾਮਿਲ ਵੀ ਹੋਏ ਸਨ। ਵਿਜੀਲੈਂਸ ਦੇ ਡੀਐੱਸਪੀ ਮਨਜੀਤ ਸਿੰਘ ਦਾ ਕਹਿਣਾ ਸੀ ਕਿ ਹਾਈ ਕੋਰਟ ਨੇ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ ਤੇ ਹੁਣ ਉਹ ਕਿਸੇ ਵਕਤ ਵੀ ਕੋਲਿਆਂਵਾਲੀ ਨੂੰ ਗ੍ਰਿਫ਼ਤਾਰ ਕਰ ਸਕਦੇ ਹਨ।