ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ‘ਤੇ ਲੱਗੀਆਂ ਰੌਣਕਾਂ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ‘ਤੇ ਲੱਗੀਆਂ ਰੌਣਕਾਂ

ਬਟਾਲਾ/ਬਿਊਰੋ ਨਿਊਜ਼ :
ਬਟਾਲਾ ਦੇ ਸਮੁੱਚੇ ਗੁਰਦੁਆਰਿਆਂ ਵਿਚ ਜਗਤ ਗੁਰੂ, ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ‘ਤੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ।  ਸਿੱਖ ਸੰਗਤਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਟਾਲਾ ‘ਚ ਸ਼ਰਧਾ, ਭਾਵਨਾ, ਚਾਅ ਤੇ ਉਤਸ਼ਾਹ ਨਾਲ ਵਿਆਹ ਪੁਰਬ ਦੀਆਂ ਖੁਸ਼ੀਆਂ ‘ਚ ਸਮੁੱਚੇ ਧਾਰਮਿਕ ਅਸਥਾਨਾਂ ਵਿਚ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਕੀਤਾ।
ਇਸ ਸਬੰਧੀ ਹੋਏ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਅਰਾ ਸ੍ਰੀ ਡੇਹਰਾ ਸਾਹਿਬ, ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਸਾਹਿਬ, ਗੁਰਦੁਆਰਾ ਅਚੱਲ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ (ਸਹੁਰਾ ਘਰ) ਸਥਾਨ ਤੋਂ ਜੁਗੋ-ਜੁਗ ਅਟੱਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਅਰਦਾਸ ਕਰਨ ਉਪਰੰਤ ਖਾਲਸਾਈ ਜੈਕਾਰਿਆਂ ਦੀ ਗੂੰਜ ‘ਚ ਪੂਰੇ ਸ਼ਾਨੋ-ਸ਼ੌਕਤ ਨਾਲ ਨਗਰ ਕੀਰਤਨ ਆਰੰਭ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ‘ਚ ਸੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੇ ਨਿਭਾਈ ਤੇ ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ ਤੇ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਵੀ ਉਚੇਚੇ ਤੌਰ ‘ਤੇ ਪਹੁੰਚੇ। ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ‘ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਸੰਤੋਸ਼ ਚੌਧਰੀ, ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਰਵੀਕਰਨ ਸਿੰਘ ਕਾਹਲੋਂ, ਦੇਸ਼ ਰਾਜ ਸਿੰਘ ਧੁੱਗਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਜਥੇ. ਸੱਜਣ ਸਿੰਘ ਬੱਜੂਮਾਨ, ਸ. ਗੁਰਨਾਮ ਸਿੰਘ ਜੱਸਲ, (ਤਿੰਨੇ ਸ਼੍ਰੋਮਣੀ ਕਮੇਟੀ ਮੈਂਬਰ) ਜਥੇਦਾਰ ਰਤਨ ਸਿੰਘ ਜਫਰਵਾਲ, ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਬਿੱਟੂ, ਲਖਵਿੰਦਰ ਸਿੰਘ ਘੁੰਮਣ, ਬਾਬਾ ਸ਼ਿਵ ਸਿੰਘ ਬੋਹੜੀਵਾਲੇ, ਡਾ: ਹਰਨੇਕ ਸਿੰਘ ਟੋਨੀ ਬਲਪੁਰੀਆਂ, ਕੰਵਲਪ੍ਰੀਤ ਸਿੰਘ ਕਾਕੀ, ਗੁਰਜੀਤ ਸਿੰਘ ਬਿਜਲੀਵਾਲ, ਮੰਗਲ ਸਿੰਘ ਬਟਾਲਾ, ਰੁਪਿੰਦਰ ਸਿੰਘ ਸ਼ਾਮਪੁਰਾ, ਹਰਮਨਜੀਤ ਸਿੰਘ ਗੁਰਾਇਆ ਨੇ ਭਰਵਾਂ ਸਵਾਗਤ ਕੀਤਾ। ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੀ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਦੇਰ ਸ਼ਾਮ ਆਰੰਭਿਕ ਸਥਾਨ ‘ਤੇ ਸੰਪੂਰਨਤਾ ਹੋਈ। ਵੱਖ-ਵੱਖ ਪੜਾਵਾਂ ‘ਤੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਾਰਾ ਦਿਨ ਅੰਮ੍ਰਿਤਮਈ ਬਾਣੀ ਤੇ ਗੁਰੂ ਕੇ ਲੰਗਰਾਂ ਦਾ ਪ੍ਰਵਾਹ ਅਤੁੱਟ ਵਰਤਿਆ। ਇਸ ਮੌਕੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀਆਂ ਵੱਖ-ਵੱਖ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ ਤੇ ਨੌਜਵਾਨਾਂ ਵਲੋਂ ਤਿਆਰ ਕੀਤੇ ਛੋਟੇ ਹੈਲੀਕਾਪਟਰ ਨੇ ਪਾਲਕੀ ਸਾਹਿਬ ‘ਤੇ ਫੁੱਲਾਂ ਦੀ ਵਰਖਾ ਕੀਤੀ। ਪੁਲਿਸ ਪ੍ਰਸ਼ਾਸਨ ਵਲੋਂ ਨਗਰ ਕੀਰਤਨ ਦੇ ਸਵਾਗਤ ‘ਚ ਸਲਾਮੀ ਵੀ ਦਿੱਤੀ ਗਈ।