ਕੈਨੇਡੀਅਨ ਹਾਈ ਕਮਿਸ਼ਨਰ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਕੈਨੇਡੀਅਨ ਹਾਈ ਕਮਿਸ਼ਨਰ ਨੇ ਦਰਬਾਰ ਸਾਹਿਬ ਮੱਥਾ ਟੇਕਿਆ
ਪਰਿਵਾਰ ਸਮੇਤ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ।

ਅੰਮ੍ਰਿਤਸਰ/ਬਿਊਰੋ ਨਿਊਜ਼ :
ਸਿੱਖ ਧਰਮ ਦੇ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਮਹਿਮਾ ਕੁੱਲ ਦੁਨੀਆ ਵਿਚ ਫੈਲੀ ਹੈ। ਇਸ ਕਰਕੇ ਦੇਸ਼-ਵਿਦੇਸ਼ ਤੋਂ ਭਾਰਤ ਆਉਣ ਵਾਲੀ ਹਰ ਉੱਚ ਸ਼ਖਸੀਅਤ ਇਸ ਮੁਕੱਦਸ ਅਸਥਾਨ ਉਤੇ ਆਪਣਾ ਸੀਸ ਝੁਕਾਉਣ ਵਿਚ ਮਾਣ ਮਹਿਸੂਸ ਕਰਦੀ ਹੈ। ਹਾਲ ਹੀ ‘ਚ ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਐੱਚ.ਈ. ਨਾਦਿਰ ਪਟੇਲ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਗਰਾਹਮ ਪਟੇਲ ਤੇ ਬੇਟੀ ਵੀ ਨਾਲ ਸਨ।
ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਪਹਿਲਾਂ ਉਨ੍ਹਾਂ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਪ੍ਰਸ਼ਾਦਾ ਛਕਿਆ ਤੇ ਲੰਗਰ ਤਿਆਰ ਕਰਨ ਦੀ ਸੇਵਾ ਵੀ ਕੀਤੀ। ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਸਮੇਂ ਉਨ੍ਹਾਂ ਨੇ ਸੁੰਦਰ ਰੁਮਾਲਾ ਭੇਟ ਕੀਤਾ। ਇਸ ਮਗਰੋਂ ਸੂਚਨਾ ਕੇਂਦਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਹਰਿਮੰਦਰ ਸਾਹਿਬ ਦੇ ਸੁਨਿਹਰੀ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਸੈੱਟ ਨਾਲ ਸਨਮਾਨ ਕੀਤਾ।
ਇਸ ਮੌਕੇ ਸ੍ਰੀ ਪਟੇਲ ਨੇ ਕਿਹਾ ਕਿ ਹਰਿਮੰਦਰ ਸਾਹਿਬ ਆ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅਤੇ ਭਾਰਤ ਦੇ ਆਪਸ ਵਿਚ ਚੰਗੇ ਸਬੰਧ ਹਨ ਅਤੇ ਦੋਹਾਂ ਦੇਸ਼ਾਂ ਵਿਚ ਕਈ ਸਮਾਨਤਾਵਾਂ ਵੀ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਦੋਵੇਂ ਦੇਸ਼ ਖੇਤੀ ਅਤੇ ਵਿਦਿਅਕ ਖੇਤਰ ਵਿਚ ਇਕ-ਦੂਜੇ ਦੇ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਕੈਨੇਡਾ ‘ਚ ਪੜ੍ਹਨ ਲਈ ਵੱਡੀ ਗਿਣਤੀ ਭਾਰਤੀ ਵਿਦਿਆਰਥੀ ਉਥੇ ਜਾ ਰਹੇ ਹਨ, ਉਥੇ ਕੈਨੇਡਾ ਦੇ ਪਾੜ੍ਹੇ ਵੀ ਵਿਦਿਆ ਪ੍ਰਾਪਤ ਕਰਨ ਲਈ ਭਾਰਤ ਆਉਂਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਤੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਵੀ ਹਾਜ਼ਰ ਸਨ।