ਮੌਜੂਦਾ ਸਮਆਿਂ ਦੀਆਂ ਮੁਸ਼ਕਲਾਂ ‘ਚੋਂ ਬਚ ਨਿਕਲਣ ਲਈ ਗੁਰਮਤਿ ਜੁਗਤ ਨੂੰ ਅਪਣਾਇਆ ਜਾਵੇ-ਭਾਈ ਲੌਂਗੋਵਾਲ

ਮੌਜੂਦਾ ਸਮਆਿਂ ਦੀਆਂ ਮੁਸ਼ਕਲਾਂ ‘ਚੋਂ ਬਚ ਨਿਕਲਣ ਲਈ ਗੁਰਮਤਿ ਜੁਗਤ ਨੂੰ ਅਪਣਾਇਆ ਜਾਵੇ-ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਵੱਲੋਂ ਦੋਆਬਾ ਜ਼ੋਨ ਲਈ ਧਰਮ ਪ੍ਰਚਾਰ ਲਹਿਰ ਸ਼ੁਰੂ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਨਮਾਨਿਤ ਕਰਦੇ ਹੋਏ ਪਤਵੰਤੇ।
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੋਆਬਾ ਜ਼ੋਨ ਦੀ ਧਰਮ ਪ੍ਰਚਾਰ ਲਹਿਰ ਦਾ ਆਗਾਜ਼ ਕਰਨ ਲਈ ਕਰਵਾਏ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਮਾਜ ਨੂੰ ਨਸ਼ਿਆਂ, ਭਰੂਣ ਹੱਤਿਆ ਤੇ ਵਾਤਾਵਰਨ ਪ੍ਰਦੂਸ਼ਣ ਦੇ ਨਾਲ-ਨਾਲ ਕਈ ਮਾਨਸਿਕ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਵਿੱਚੋਂ ਨਿਕਲਣ ਲਈ ਗੁਰਮਤਿ ਜੁਗਤ ਨੂੰ ਅਪਣਾਉਣਾ ਪਵੇਗਾ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਸਦਾ ਹੀ ਸਿੱਖ ਧਰਮ ਦੇ ਪ੍ਰਚਾਰ ਦਾ ਕੇਂਦਰੀ ਧੁਰਾ ਰਹੀ ਹੈ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ  ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਈ ਪ੍ਰਿਤਪਾਲ ਸਿੰਘ ਲੁਧਿਆਣਾ ਅਤੇ . ਦਿਲਜੀਤ ਸਿੰਘ ਬੇਦੀ ਨੇ ਵੀ ਵਿਚਾਰ ਪ੍ਰਗਟ ਕੀਤੇ। ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ: ‘ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਾਲਾਨਾ ਕੌਮੀ ਤਿਉਹਾਰ ਹੋਲਾ ਮਹੱਲਾ 25 ਫਰਵਰੀ ਤੋਂ 2 ਮਾਰਚ 2018 ਤੱਕ ਮਨਾਇਆ ਜਾ ਰਿਹਾ ਹੈ। ਮੁੱਢ ਤੋਂ ਹੁਣ ਤੱਕ ਇਹ ਤਿਉਹਾਰ ਬਹੁਤ ਹੀ ਸ਼ਾਂਤਮਈ ਮਾਹੌਲ ਵਿੱਚ ਸੰਪੰਨ ਹੁੰਦਾ ਆ ਰਿਹਾ ਹੈ ਪਰ ਅਤਿ ਦੁੱਖਦਾਈ ਗੱਲ ਇਹ ਹੈ ਕਿ ਇਸ ਵਾਰ ਸ਼ਿਵ ਸੈਨਾ ਵੱਲੋਂ ਇਸ ਸਮੇਂ ਕਾਨਫਰੰਸ ਕਰਨ ਦਾ ਐਲਾਨ ਕਰਨ ਨਾਲ ਸਿੱਖ ਵਿਦਵਾਨ ਅਤੇ ਚਿੰਤਕ ਗੰਭੀਰ ਸੋਚ ਵਿੱਚ ਹਨ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤਾ। ਸਿੱਖ ਕੌਮ ਨੇ ਕਦੇ ਵੀ ਕਿਸੇ ਧਰਮ ਦੇ ਅਸਥਾਨ ਜਾਂ ਕਿਸੇ ਸਮਾਗਮ ਵਿੱਚ ਕਦੇ ਕੋਈ ਦਖ਼ਲਅੰਦਾਜ਼ੀ ਨਹੀਂ ਕੀਤੀ, ਪਰ ਇਸ ਐਲਾਨ ਨੇ ਸਮੁੱਚੀ ਕੌਮ ਨੂੰ ਸੋਚਾਂ ਵਿੱਚ ਪਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੇਸ਼ੱਕ ਅਸੀਂ ਕਿਸੇ ਦੇ ਸਿਆਸੀ ਮਸਲਿਆਂ ਵਿੱਚ ਦਖ਼ਲ ਨਹੀਂ ਦਿੰਦੇ ਪਰ ਨਿਰੋਲ ਧਾਰਮਿਕ ਤਿਉਹਾਰ ਹੋਲੇ ਮਹੱਲੇ ਮੌਕੇ ਸਿੱਖਾਂ ਦੇ ਮਸਲਿਆਂ ਵਿੱਚ ਜਾਣਬੁੱਝ ਕੇ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਪ੍ਰਧਾਨ ਸ੍ਰੀ ਲੌਂਗੋਵਾਲ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਐਲਾਨ ਦੀ ਤਹਿ ਤੱਕ ਜਾ ਕੇ ਮਾੜੇ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਦੀ ਲੋੜ ਹੈ ਤਾਂ ਕਿ ਇਸ ਦੌਰਾਨ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

ਦਲਿਤਾਂ ਅਤੇ ਲੋੜਵੰਦਾਂ ਦੀ ਮਦਦ
ਪਿੱਛੇ ਸਿਆਸਤ ਹੋਣ ਤੋਂ ਇਨਕਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲਿਤਾਂ ਅਤੇ ਗ਼ਰੀਬ ਲੋੜਵੰਦਾਂ ਦੀ ਮਦਦ ਕਰਨ ਦੇ ਫ਼ੈਸਲੇ ਪਿੱਛੇ ਕੋਈ ਕਿਸੇ ਵੀ ਤਰ੍ਹਾਂ ਦੀ ਕੋਈ ਸਿਆਸਤ ਨਹੀਂ ਹੈ ਬਲਕਿ ਇਹ ਤਾਂ ਧਰਮ ਪ੍ਰਚਾਰ ਦਾ ਹੀ ਹਿੱਸਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਨੀਤੀ ਤਹਿਤ ਸੁਹਿਰਦ ਯਤਨ ਕਰ ਕੇ ਗ਼ਰੀਬ ਅਤੇ ਦਲਿਤ ਵਰਗ ਨੂੰ ਆਪਣੇ ਨਾਲ ਜੋੜਨ ਲਈ ਮੁਹਿੰਮ ਵਿੱਢੀ ਗਈ ਹੈ।