ਕਰਜ਼ਾ ਮੁਆਫ਼ੀ ਸਕੀਮ ਦੀ ਹੋਈ ਸ਼ੁਰੂਆਤ

ਕਰਜ਼ਾ ਮੁਆਫ਼ੀ ਸਕੀਮ ਦੀ ਹੋਈ ਸ਼ੁਰੂਆਤ

ਕੈਪਟਨ ਵੱਲੋਂ ਪਹਿਲੇ ਗੇੜ ਵਿੱਚ 47000 ਕਿਸਾਨਾਂ ਨੂੰ ਰਾਹਤ ਦੇਣ ਦਾ ਦਾਅਵਾ;
ਵਿਰੋਧੀਆਂ ਨੂੰ ਲੰਮੇ ਹੱਥੀਂ ਲਿਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਨਸਾ ਤੋਂ ਕਰਜ਼ਾ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰਦੇ ਹੋਏ.

ਮਾਨਸਾ/ਬਿਊਰੋ ਨਿਊਜ਼:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਢਾਈ ਏਕੜ ਜ਼ਮੀਨਾਂ ਦੇ ਮਾਲਕ ਕਰਜ਼ਦਾਰ ਕਿਸਾਨਾਂ  ਦੇ ਕਰਜ਼ੇ ਦੀ ਮੁਆਫੀ ਦੀ ਸ਼ੁਰੂਆਤ ਐਤਵਾਰ ਨੂੰ ਮਾਲਵੇ ਦੇ ਸ਼ਹਿਰ ਮਾਨਸਾ ਤੋਂ ਕੀਤੀ। ਇਸ ਸਬੰਧੀ ਸੂਬਾ ਪੱਧਰੀ ਸਮਾਗਮ ਵਿੱਚ ਪੰਜ ਜ਼ਿਲ੍ਹਿਆਂ ਦੇ ਤਕਰੀਬਨ 47 ਹਜ਼ਾਰ ਕਿਸਾਨਾਂ ਨੂੰ ਰਾਹਤ ਦੇਣ ਦਾ ਦਾਅਵਾ ਕੀਤਾ ਗਿਆ ਹੈ। ਸਮਾਗਮ ਵਿੱਚ ਮੁੱਖ ਮੰਤਰੀ ਨੇ ਸੰਕੇਤਕ ਤੌਰ ‘ਤੇ ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਜ਼ਿਲ੍ਹਿਆਂ ਦੇ 10-10 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ।
ਇਸ ਮੌਕੇ ਕੀਤੀ ਤਕਰੀਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ੁਰੂਆਤ ਨਾਲ 47 ਹਜ਼ਾਰ ਕਿਸਾਨਾਂ ਦੇ ਖਾਤਿਆਂ ਵਿਚ ਪੈਸਾ ਪਹੁੰਚ ਗਿਆ ਹੈ। ਪੰਜਾਬ ਸਰਕਾਰ ਛੇਹੀ ਹੀ ਅਜਿਹੇ ਹੋਰ ਸਮਾਗਮ ਕਰੇਗੀ ਤਾਂ ਜੋ ਰਾਜ ਦੇ ਹਰੇਕ ਜ਼ਿਲ੍ਹੇ ਨੂੰ ਇਸ ਵਿਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਛੇਤੀ ਹੀ ਸਰਕਾਰ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦਾ ਵੀ ਉਪਰਾਲਾ ਕਰੇਗੀ ਅਤੇ ਵੱਡਿਆਂ ਦੀ ਥਾਂ ਛੋਟੇ ਅਤੇ ਲੋੜਵੰਦ ਕਿਸਾਨਾਂ ਦੇ ਸਹਿਕਾਰੀ ਅਦਾਰਿਆਂ ਤੋਂ ਇਲਾਵਾ ਕਮਰਸ਼ੀਅਲ ਬੈਂਕਾਂ ਦੇ ਕਰਜ਼ੇ ਵੀ ਆਰਥਿਕ ਹਾਲਤ ਠੀਕ ਹੋਣ ਤੋਂ ਬਾਅਦ ਮੁਆਫ਼ ਕਰ ਦਿੱਤੇ  ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਦੀ ਅਕਾਲੀਆਂ, ਆਮ ਆਦਮੀ ਪਾਰਟੀ ਅਤੇ ਕੁਝ ਕਿਸਾਨ ਯੂਨੀਅਨਾਂ ਵੱਲੋਂ ਕੀਤੇ ਜਾ ਰਹੇ ਭੰਡੀ ਪ੍ਰਚਾਰ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਬਰਨਾਲਾ ਦੇ ਇਕ ਕਿਸਾਨ ਵੱਲੋਂ ਕੱਲ੍ਹ ਕੀਤੀ ਗਈ ਖੁਦਕੁਸ਼ੀ ਦਾ ਜ਼ਿਕਰ ਕਰਦਿਆਂ ਇਸ ਗੱਲੋਂ ਇਨਕਾਰ ਕੀਤਾ ਹੈ ਕਿ ਉਸ ਕਿਸਾਨ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚ ਆਪਣਾ ਨਾਂ ਨਾ ਆਉਣ ਕਾਰਨ ਆਤਮ ਹੱਤਿਆ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ 701 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਕੋਲੋਂ ਤਕਰੀਬਨ 47,000 ਕਿਸਾਨਾਂ ਨੇ ਕਰਜ਼ਾ ਲਿਆ ਹੈ ਅਤੇ ਪਹਿਲੇ ਪੜਾਅ ਦੌਰਾਨ 5.63 ਲੱਖ ਕਿਸਾਨਾਂ ਨੂੰ ਲਾਭ ਪਹੁੰਚੇਗਾ, ਜਿਨ੍ਹਾਂ ਨੂੰ 2700 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਤਕਨੀਕੀ ਨੁਕਸਾਂ ਕਾਰਨ ਕੁਝ ਕਿਸਾਨ ਇਸ ਸਕੀਮ ‘ਚੋਂ ਬਾਹਰ ਰਹਿ ਗਏ ਹਨ। ਇਸ ਦਾ ਵੀ ਹੱਲ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਸਬੰਧਤ ਐਸ.ਡੀ.ਐਮ. ਜਾਂ ਡੀ.ਸੀ. ਕੋਲ ਪਹੁੰਚ ਕਰ ਸਕਦੇ ਹਨ।  ਕਰਜ਼ਾ ਮੁਆਫੀ ਦੀ ਸਮੁੱਚੀ ਪ੍ਰਕਿਰਿਆ ਚਾਰ ਪੜਾਵਾਂ ਵਿੱਚ ਮੁਕੰਮਲ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਸਬੰਧ ਵਿੱਚ ਮਾੜੀ ਸਿਆਸਤ ਖੇਡਦੇ ਰਹੇ ਹਨ ਜਦੋਂ ਕਿ ਕੈਪਟਨ ਸਰਕਾਰ ਨੇ ਇਸ ਪ੍ਰਤੀ ਆਪਣੀ ਪੂਰੀ ਵਚਨਬੱਧਤਾ ਅਤੇ ਸੰਜੀਦਗੀ ਨੂੰ ਪ੍ਰਗਟਾਇਆ ਹੈ। ਜਾਖੜ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ।
ਸਵਾਗਤੀ ਭਾਸ਼ਣ ਵਿੱਚ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਦੀ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਅਮਰਿੰਦਰ ਸਰਕਾਰ ਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਦੀ ਕੀਤੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਧੰਨਵਾਦ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੀ ਵਿੱਤੀ ਸਥਿਤੀ ਨੂੰ ਮੁੜ ਪੈਰਾਂ ‘ਤੇ ਲਿਆਉਣ ਲਈ ਯਤਨ ਕਰ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਨੇ 16,000 ਕਿਲੋਮੀਟਰ ਲੰਮੀਆਂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਪੱਧਰ ਉੱਚਾ ਚੁੱਕਣ ਵਾਲੇ ਪ੍ਰਾਜੈਕਟ ਦੀ ਵੀ ਸ਼ੁਰੂਆਤ ਕੀਤੀ।  ਹੋਰਨਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸਾਧੂ ਸਿੰਘ ਧਰਮਸੋਤ, ਅਰੁਨਾ ਚੌਧਰੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਅਜੀਤਇੰਦਰ ਸਿੰਘ ਮੋਫਰ ਆਦਿ ਇਸ ਮੌਕੇ ਹਾਜ਼ਰ ਸੀ।