ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਅਥਾਹ ਸ਼ਾਂਤੀ ਮਿਲੀ-ਪੈਟ੍ਰਿਕ ਬਰਾਊਨ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਅਥਾਹ ਸ਼ਾਂਤੀ ਮਿਲੀ-ਪੈਟ੍ਰਿਕ ਬਰਾਊਨ

ਕੈਨੇਡਾ ਦੇ ਓਂਟਾਰੀਓ ਸੂਬੇ ‘ਚ ਵਿਰੋਧੀ ਧਿਰ ਦੇ ਆਗੂ 
ਨੇ ਅਪਣੀ ਪਾਰਟੀ ਦੀ ਸਫ਼ਲਤਾ ਲਈ ਕੀਤੀ ਅਰਦਾਸ
ਅੰਮ੍ਰਿਤਸਰ/ਬਿਊਰੋ ਨਿਊਜ਼ :
ਕੈਨੇਡਾ ਦੇ ਓਂਟਾਰੀਓ ਸੂਬੇ ਦੀ ਸਰਕਾਰ ਵਿੱਚ ਵਿਰੋਧੀ ਧਿਰ ਦੇ ਆਗੂ ਪੈਟ੍ਰਿਕ ਬਰਾਊਨ ਨੇ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੀ ਪਾਰਟੀ ਦੀ ਸਫਲਤਾ ਲਈ ਅਰਦਾਸ ਕੀਤੀ। ਉਨ੍ਹਾਂ ਨਾਲ ਪਾਰਟੀ ਦੇ 7 ਪੰਜਾਬੀ ਉਮੀਦਵਾਰ ਵੀ ਇੱਥੇ ਪੁੱਜੇ ਸਨ। ਇਸ ਮੌਕੇ ਸ੍ਰੀ ਬਰਾਊਨ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਉਨ੍ਹਾਂ ਨੂੰ ਅਥਾਹ ਸ਼ਾਂਤੀ ਪ੍ਰਾਪਤ ਹੋਈ ਹੈ। ਉਹ ਪਹਿਲਾਂ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਨੇ ਦੇਸ਼ ਦੀ ਤਰੱਕੀ ਲਈ ਵਿਸ਼ੇਸ਼ ਯੋਗਦਾਨ ਪਾਇਆ ਹੈ। ਉਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦਿਆਂ ਉਹ ਲੰਗਰ ਘਰ ਵੀ ਗਏ ਅਤੇ ਸੇਵਾ ਵੀ ਕੀਤੀ। ਇਸ ਮਗਰੋਂ ਉਨ੍ਹਾਂ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ੍ਰੀ ਬਰਾਊਨ ਦਾ ਸਵਾਗਤ ਕੀਤਾ। ਸੂਚਨਾ ਕੇਂਦਰ ਵਿੱਚ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਲੋਈ, ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।