ਰਾਜਸੀ ਰਾਮ ਰੌਲੇ ਤੋਂ ਮੁਕਤ ਹੋਇਆ ਸ਼ਹੀਦੀ ਜੋੜ ਮੇਲਾ ਕਾਂਗਰਸ ਤੇ ਅਕਾਲੀ ਦਲ ਨੂੰ ਰੱਦ ਕਰਨੀਆਂ ਪਈਆਂ ਸਿਆਸੀ ਕਾਨਫਰੰਸਾਂ

ਰਾਜਸੀ ਰਾਮ ਰੌਲੇ ਤੋਂ ਮੁਕਤ ਹੋਇਆ ਸ਼ਹੀਦੀ ਜੋੜ ਮੇਲਾ ਕਾਂਗਰਸ ਤੇ ਅਕਾਲੀ ਦਲ ਨੂੰ ਰੱਦ ਕਰਨੀਆਂ ਪਈਆਂ ਸਿਆਸੀ ਕਾਨਫਰੰਸਾਂ

ਚੰਡੀਗੜ੍ਹ/ਬਿਊਰੋ ਨਿਊਜ਼:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਏ ਜਾਂਦੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਮੌਕੇ ਸਿਆਸੀ ਕਾਨਫਰੰਸ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਸਲਾਹ ਤੋਂ ਬਾਅਦ ਲਿਆ ਹੈ। ਉਨ੍ਹਾਂ ਦੂਜੀਆਂ ਰਾਜਸੀ ਪਾਰਟੀਆਂ ਨੂੰ ਵੀ ਕਾਨਫਰੰਸਾਂ ਨਾ ਕਰਨ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਅੱਜ ਸਵੇਰੇ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ  ਨਾਲ ਮੁਲਾਕਾਤ ਕੀਤੀ ਸੀ ਅਤੇ ਸ਼ਹੀਦੀ ਜੋੜ ਮੇਲ ਮੌਕੇ ਸਿਆਸੀ ਕਾਨਫਰੰਸ ਨਾ ਕਰਨ ਸਬੰਧੀ ਲੋਕਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਜਾਖੜ ਨੇ ਲੋਕਾਂ ਤੇ ਖਾਸ ਕਰਕੇ ਰਾਜਸੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਕਾਨਫਰੰਸਾਂ ਕਰਨ ਦੀ ਥਾਂ ਨਿਮਾਣੇ ਸ਼ਰਧਾਲੂਆਂ ਵਾਂਗ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਦੇ ਫੁੱਲ ਭੇਟ ਕਰਨ।
ਜਥੇਦਾਰ ਦਾ ਆਦੇਸ਼ ਮੰਨਿਆ:?ਸੁਖਬੀਰ
ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 26 ਦਸੰਬਰ ਨੂੰ ਕੀਤੀ ਜਾਣ ਵਾਲੀ ਸਿਆਸੀ ਕਾਨਫਰੰਸ ਰੱਦ ਕਰ ਦਿੱਤੀ ਗਈ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਦੌਰਾਨ ਸਾਰੀਆਂ ਪਾਰਟੀਆਂ ਵੱਲੋਂ ਸਿਆਸੀ ਕਾਨਫਰੰਸਾਂ ਕੀਤੀਆਂ ਜਾਂਦੀਆਂ ਸਨ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਆਦੇਸ਼ਾਂ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਅਕਾਲੀ ਕਾਨਫਰੰਸ ਰੱਦ ਕਰ ਦਿੱਤੀ ਗਈ ਹੈ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਤੁਰੰਤ ਜ਼ਿਲ੍ਹਾ ਜਥੇਬੰਦੀ ਨੂੰ ਹਦਾਇਤ ਕੀਤੀ ਗਈ ਹੈ ਕਿ 26 ਦਸੰਬਰ ਨੂੰ ਹੋਣ ਵਾਲੀ ਸਾਲਾਨਾ ਅਕਾਲੀ ਕਾਨਫਰੰਸ ਰੱਦ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਤਿਆਰੀ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਦਾ ਸਿਲਸਿਲਾ ਰੋਕ ਦਿੱਤਾ ਜਾਵੇ।
ਅਕਾਲ ਤਖ਼ਤ ਨੇ ਲਾਈ ਕਾਨਫਰੰਸਾਂ ‘ਤੇ ਰੋਕ
ਅੰਮ੍ਰਿਤਸਰ : ਸ਼ਹੀਦੀ ਜੋੜ ਮੇਲ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਹੁੰਦੀਆਂ ਸਿਆਸੀ ਕਾਨਫਰੰਸਾਂ ‘ਤੇ ਇਸ ਵਾਰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਰੋਕ ਲਾ ਦਿੱਤੀ ਗਈ ਹੈ। ਇਸ ਮੌਕੇ ਸਿਰਫ਼ ਧਾਰਮਿਕ ਮੰਚਾਂ ਤੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਉਣ ਦੀ ਹਦਾਇਤ ਕੀਤੀ ਗਈ ਹੈ। ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਮੌਕੇ ਰਾਜਨੀਤਕ ਸਟੇਜਾਂ ਨਾ ਲਾਉਣ ਅਤੇ ਕੇਵਲ ਧਾਰਮਿਕ ਸਟੇਜਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਤੋਂ ਜਾਣੂ ਕਰਾਉਣ। ਸਟੇਜਾਂ ਲਾਉਣ ਵਾਲਿਆਂ ਖ਼ਿਲਾਫ਼ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਹੇਠ ਕਾਰਵਾਈ ਹੋ ਸਕਦੀ ਹੈ। ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਬੀਬੀਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਵਾਂਗ ਸਿੱਖੀ ਪ੍ਰਤੀ ਦ੍ਰਿੜ ਕਰਾਉਣ।