ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਦਮਦਮਾ ਸਾਹਿਬ ਦੀ ਸੇਵਾ ਸੰਭਾਲੀ

ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਦਮਦਮਾ ਸਾਹਿਬ ਦੀ ਸੇਵਾ ਸੰਭਾਲੀ

ਕੈਪਸ਼ਨ-ਤਖ਼ਤ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੇਵਾ ਸੰਭਾਲਣ ਮੌਕੇ ਉਨ੍ਹਾਂ ਨੂੰ ਦਸਤਾਰਾਂ ਭੇਟ ਕਰਦੇ ਹੋਏ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਧਾਰਮਿਕ ਸ਼ਖਸੀਅਤਾਂ।    
ਤਲਵੰਡੀ ਸਾਬੋ/ਬਿਊਰੋ ਨਿਊਜ਼ :
ਸਿੱਖ ਕੌਮ ਦੇ ਚੌਥੇ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਨਵ-ਨਿਯੁਕਤ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੇਵਾ ਸੰਭਾਲ ਲਈ। ਸਮਾਗਮ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੰਤ੍ਰਿੰਗ ਕਮੇਟੀ ਦੇ ਮਤੇ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਤਖ਼ਤ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਐਲਾਨ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੌਮ ਨੂੰ ਨਸ਼ੇ, ਭਰੂਣ ਹੱਤਿਆ ਤੇ ਪਤਿੱਤਪੁਣੇ ਦਾ ਮੁਕਾਬਲਾ ਇਕਜੁੱਟ ਹੋ ਕੇ ਕਰਨਾ ਚਾਹੀਦਾ ਹੈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਤਖ਼ਤ ਦਮਦਮਾ ਸਾਹਿਬ ਦੇ ਸ਼ਾਨਾਮੱਤੇ ਇਤਿਹਾਸ ਦਾ ਜ਼ਿਕਰ ਕੀਤਾ। ਇਸ ਤੋਂ ਪਹਿਲਾਂ ਭਾਈ ਜਗਸੀਰ ਸਿੰਘ ਦੇ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਅਰਦਾਸ ਭਾਈ ਜਗਤਾਰ ਸਿੰਘ ਮੁੱਖ ਗ੍ਰੰਥੀ ਤਖ਼ਤ ਦਮਦਮਾ ਸਾਹਿਬ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਸਟੇਜ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਨਿਭਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।