ਜੇਤਲੀ ਵੱਲੋਂ ਕੈਪਟਨ ਨੂੰ ਭਰੋਸਾ, ਕਣਕ ਦੀ ਖਰੀਦ ਨਿਰਵਿਘਨ ਹੋਵੇਗੀ

ਜੇਤਲੀ ਵੱਲੋਂ ਕੈਪਟਨ ਨੂੰ ਭਰੋਸਾ, ਕਣਕ ਦੀ ਖਰੀਦ ਨਿਰਵਿਘਨ ਹੋਵੇਗੀ

ਕੈਪਸ਼ਨ-ਮੁੱਖ ਮੰਤਰੀ ਅਮਰਿੰਦਰ ਸਿੰਘ ਦਿੱਲੀ ਵਿੱਚ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਮਿਲਦੇ ਹੋਏ, ਨਾਲ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਹਨ।
ਨਵੀਂ ਦਿੱਲੀ/ਬਿਊਰੋ ਨਿਊਜ਼ :
ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਹੈ ਕਿ ਉਹ ਰਿਜ਼ਰਵ ਬੈਂਕ ਆਫ ਇੰਡੀਆ ਨੂੰ 25 ਮਾਰਚ ਤੋਂ ਪਹਿਲਾਂ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕਰਨਗੇ। ਵਿੱਤ ਮੰਤਰੀ ਦੇ ਨਿਵਾਸ ‘ਤੇ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਨੇ ਸੂਬੇ ਵਿੱਚ ਕਣਕ ਦੀ ਖਰੀਦ ਨਿਰਵਿਘਨ ਤੇ ਸਮੇਂ ਸਿਰ ਯਕੀਨੀ ਬਣਾਉਣ ਲਈ 20,683 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀਸੀਐਲ) ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਸੀਸੀਐਲ ਬਾਰੇ ਸੂਬਾਈ ਸਰਕਾਰ ਵੱਲੋਂ ਆਰਬੀਆਈ ਨੂੰ ਪਹਿਲਾਂ ਹੀ ਪ੍ਰਸਤਾਵ ਭੇਜਿਆ ਜਾ ਚੁੱਕਾ ਹੈ। ਪਹਿਲੀ ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣੀ ਹੈ।
ਮੀਟਿੰਗ ਬਾਅਦ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਸ੍ਰੀ ਜੇਤਲੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਹੈ ਕਿ ਕੇਂਦਰ ਸਰਕਾਰ ਕਣਕ ਦੀ ਖਰੀਦ ਦੌਰਾਨ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਾ ਆਵੇ। ਮੁੱਖ ਮੰਤਰੀ ਨੇ ਦੁਪਹਿਰ ਦੇ ਖਾਣੇ ਮੌਕੇ ਹੋਈ ਇਸ ਮੀਟਿੰਗ ਨੂੰ ਸਾਰਥਕ ਦੱਸਦਿਆਂ ਫੌਰੀ ਅਤੇ ਹਾਂ-ਪੱਖੀ ਹੁੰਗਾਰਾ ਦੇਣ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਅਜੇ ਤੱਕ ਬਕਾਇਆ ਪਈ ਸੀਸੀਐਲ ਸਮੇਂ ਸਿਰ ਸੂਬੇ ਨੂੰ ਅਧਿਕਾਰਤ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਅਪੀਲ ਕੀਤੀ।
ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਕੋਲ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੀ ਹੈ, ਨੇ ਅਕਾਲੀ-ਭਾਜਪਾ ਗੱਠਜੋੜ ਦੀ ਪਿਛਲੀ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਨੂੰ ਅੰਤਿਮ ਰੂਪ ਦੇਣ ਲਈ ਪ੍ਰਾਪਤ ਕੀਤੇ ਲੇਬਰ ਤੇ ਟਰਾਂਸਪੋਰਟ ਦੇ ਟੈਂਡਰ ਵੀ ਰੱਦ ਕਰ ਦਿੱਤੇ ਸਨ ਅਤੇ ਇਸ ਵਾਸਤੇ ਨਵੇਂ ਸਿਰਿਓਂ ਟੈਂਡਰ ਮੰਗੇ ਹਨ। ਮੁੱਖ ਮੰਤਰੀ ਨੇ ਮੰਡੀਆਂ ਵਿਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਵੀ ਸਮੱਸਿਆ ਨਾ ਆਉਣ ਦੇਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਪੰਜਾਬ ਮੰਡੀ ਬੋਰਡ ਨੂੰ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਸਾਨਾਂ ਨੂੰ ਨਿਰਵਿਘਨ ਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਵੀ ਆਖਿਆ ਗਿਆ ਹੈ। ਇਸ ਮੌਕੇ ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੀ ਹਾਜ਼ਰ ਸਨ।