ਬੰਦੀ ਸਿੱਖ ਕੈਦੀਆਂ ਦੀ ਰਿਹਾਈ ਲਈ ਬਡੂੰਗਰ ਨੇ ਰਾਜਨਾਥ ਨੂੰ ਲਿਖਿਆ ਪੱਤਰ

ਬੰਦੀ ਸਿੱਖ ਕੈਦੀਆਂ ਦੀ ਰਿਹਾਈ ਲਈ ਬਡੂੰਗਰ ਨੇ ਰਾਜਨਾਥ ਨੂੰ ਲਿਖਿਆ ਪੱਤਰ

ਅੰਮ੍ਰਿਤਸਰ/ਬਿਊਰੋ ਨਿਊਜ਼ :
ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਕਿਹਾ ਹੈ ਕਿ ਪਿਛਲੇ 20 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਮੁੜ ਵਿਚਾਰ ਕਰਨੀ ਚਾਹੀਦੀ ਹੈ। ਪੱਤਰ ਵਿਚ ਇਸ ਮਾਮਲੇ ‘ਤੇ ਗੱਲਬਾਤ ਲਈ ਉਨ੍ਹਾਂ ਰਾਜਨਾਥ ਸਿੰਘ ਪਾਸੋਂ ਮਿਲਣ ਲਈ ਸਮੇਂ ਦੀ ਮੰਗ ਵੀ ਕੀਤੀ ਹੈ। ਪ੍ਰੋ. ਬਡੂੰਗਰ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾਵਾਂ ਭੁਗਤ ਰਹੇ ਸਿੱਖਾਂ ਦੀ ਉਮਰ ਦਾ ਵੱਡਾ ਹਿੱਸਾ ਉਥੇ ਹੀ ਗੁਜ਼ਰ ਚੁੱਕਾ ਹੈ, ਜਿਸ ਨੂੰ ਮੁੱਖ ਰੱਖਦਿਆਂ ਮਨੁੱਖੀ ਹਮਦਰਦੀ ਵਜੋਂ ਇਨ੍ਹਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਵਿਚੋਂ ਬਹੁਤੇ ਲੋਕ ਸਰੀਰਕ ਤੇ ਮਾਨਸਿਕ ਤੌਰ ‘ਤੇ ਪ੍ਰਭਾਵਤ ਹੋ ਚੁੱਕੇ ਹਨ। ਇਸ ਲਈ ਇਹ ਮਾਮਲਾ ਉਚੇਚੇ ਵਿਚਾਰ ਦੀ ਮੰਗ ਕਰਦਾ ਹੈ। ਉਨ੍ਹਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਰਾਜਨਾਥ ਸਿੰਘ ਪਾਸੋਂ ਇਸ ਮਾਮਲੇ ਸਬੰਧੀ ਚੰਗੇ ਹੁੰਗਾਰੇ ਦੀ ਆਸ ਪ੍ਰਗਟ ਕੀਤੀ ਹੈ।