ਕੀਰਤਪੁਰ ਸਾਹਿਬ ‘ਚ ਖਾਲਸਈ ਜਾਹੋ-ਜਲਾਲ ਨਾਲ ਸ਼ੁਰੂ ਹੋਇਆ ਹੋਲਾ ਮਹੱਲਾ

ਕੀਰਤਪੁਰ ਸਾਹਿਬ ‘ਚ ਖਾਲਸਈ ਜਾਹੋ-ਜਲਾਲ ਨਾਲ ਸ਼ੁਰੂ ਹੋਇਆ ਹੋਲਾ ਮਹੱਲਾ

ਗੁਰਦੁਆਰਾ ਪਤਾਲਪੁਰੀ ਸਾਹਿਬ ਵਿੱਚ ਮੇਲੇ ਦੀ ਆਰੰਭਤਾ ਮੌਕੇ ਅਰਦਾਸ ਕਰਦੇ ਹੋਏ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਅਤੇ ਹੋਰ।
ਕੀਰਤਪੁਰ ਸਾਹਿਬ/ਬਿਊਰੋ ਨਿਊਜ਼ :
ਛੇ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਵਿੱਚ ਹੋਲੇ ਮਹੱਲੇ ਦਾ ਪਹਿਲਾ ਪੜਾਅ ਖਾਲਸਈ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਇਸ ਮੌਕੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਨਤਮਸਤਕ ਹੋਣ ਲਈ ਪੁੱਜੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿੱਚ ਅਖੰਡ ਪਾਠ ਆਰੰਭ ਕਰਵਾਇਆ। ਮੇਲੇ ਦੀ ਆਰੰਭਤਾ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ, ਮੈਨੇਜਰ ਰੇਸ਼ਮ ਸਿੰਘ ਸਣੇ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਅਮਲਾ ਹਾਜ਼ਰ ਸੀ। ਜ਼ਿਕਰਯੋਗ ਹੈ ਕਿ ਮੇਲੇ ਦਾ ਪਹਿਲਾ ਪੜਾਅ 10 ਮਾਰਚ ਤੱਕ ਕੀਰਤਪੁਰ ਸਾਹਿਬ ਵਿੱਚ ਹੋਵੇਗਾ, ਜਦੋਂ ਕਿ ਦੂਜਾ ਪੜਾਅ 11 ਤੋਂ 13 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ। ਮੇਲੇ ਦੇ ਪਹਿਲੇ ਦਿਨ ਵੱਡੀ ਗਿਣਤੀ ਸੰਗਤ ਨੇ ਕੀਰਤਪੁਰ ਸਾਹਿਬ ਦੇ ਵੱਖ ਵੱਖ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ ਅਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਸਰੋਵਰ ਵਿੱਚ ਇਸ਼ਨਾਨ ਕੀਤਾ।
ਮੇਲੇ ਦੌਰਾਨ ਕੀਰਤਪੁਰ ਸਾਹਿਬ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ। ਗੁਰਦੁਆਰਾ ਪਤਾਲਪੁਰੀ ਸਾਹਿਬ ਵਿੱਚ ਸੰਗਤ ਲਈ 11 ਹਜ਼ਾਰ ਸਕੁਏਅਰ ਫੁੱਟ ਵਿੱਚ ਟੈਂਟ ਸਿਟੀ ਦਾ ਨਿਰਮਾਣ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਸੰਗਤ ਲਈ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਹੋਰ ਬਾਹਰੀ ਸੰਗਤ ਵੱਲੋਂ ਕੀਰਤਪੁਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਦਰਮਿਆਨ 200 ਦੇ ਕਰੀਬ ਲੰਗਰ ਲਾਏ ਗਏ ਹਨ। ਇਸ ਦੌਰਾਨ ਸਮਾਜ ਵਿਰੋਧੀ ਅਨਸਰਾਂ ਉੱਪਰ ਨਜ਼ਰ ਰੱਖਣ ਲਈ ਗੁਰਦੁਆਰਾ ਪਤਾਲਪੁਰੀ ਸਾਹਿਬ ਵਿੱਚ 24 ਅਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿੱਚ 15 ਸੀਸੀਟੀਵੀ ਕੈਮਰੇ ਲਾਏ ਗਏ ਹਨ। ਮੇਲੇ ਦੌਰਾਨ ਆਉਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਬੀਮਾ ਕਰਵਾਇਆ ਹੈ। ਵੱਖ ਵੱਖ ਥਾਵਾਂ ‘ਤੇ ਕਮੇਟੀ ਵੱਲੋਂ 15 ਦੇ ਕਰੀਬ ਆਰਜ਼ੀ ਡਿਸਪੈਂਸਰੀਆਂ ਬਣਾਈਆਂ ਗਈਆਂ ਹਨ।