ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਸਮਾਪਤ

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਸਮਾਪਤ

ਇਸ ਵਾਰ ਨਾ ਮਘੀਆਂ ਸਿਆਸੀ ਕਾਨਫਰੰਸਾਂ, ਸ਼ਰਧਾਲੂਆਂ ਦੀ ਗਿਣਤੀ ਘਟੀ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ :
ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਇਤਿਹਾਸਕ ਮਾਘੀ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਨਗਰ ਕੀਰਤਨ ਉਪਰੰਤ ਭਾਵੇਂ ਰਵਾਇਤੀ ਤੌਰ ‘ਤੇ ਸਮਾਪਤ ਹੋ ਗਿਆ ਹੈ ਪਰ ਮਾਘੀ ਮੇਲੇ ‘ਤੇ ਸ਼ਹਿਰ ਵਿਚ ਲੋਕਾਂ ਦੀ ਆਮਦ ਅਗਲੇ 25 ਦਿਨਾਂ ਤੱਕ ਜਾਰੀ ਰਹੇਗੀ। ਮਾਘੀ ਮੇਲੇ ਦੇ ਆਗਾਜ਼ ਮੌਕੇ ਚੋਣ ਜ਼ਾਬਤੇ ਕਾਰਨ ਜਿੱਥੇ ਕੋਈ ਸਿਆਸੀ ਕਾਨਫ਼ਰੰਸ ਨਹੀਂ ਹੋਈ, ਉਥੇ ਕੋਈ ਸਿਆਸੀ ਆਗੂ ਚਾਲ੍ਹੀ ਮੁਕਤਿਆਂ ਨੂੰ ਨਤਮਸਤਕ ਹੋਣ ਵਾਸਤੇ ਵੀ ਨਹੀਂ ਪੁੱਜਿਆ।
ਸ਼ਰਧਾਲੂਆਂ ਨੇ ਗੁਰਦੁਆਰਾ ਟੁੱਟੀ ਗੰਢੀ ਦੇ ਸਰੋਵਰ ਵਿੱਚ ਇਸ਼ਨਾਨ ਕੀਤਾ ਪਰ ਇਸ ਵਾਰ ਗਿਣਤੀ ਪਿਛਲੇ ਵਰ੍ਹਿਆਂ ਨਾਲੋਂ ਘੱਟ ਰਹੀ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਘੱਟ ਗਿਣਤੀ ਦਾ ਕਾਰਨ ਸਿਆਸੀ ਕਾਨਫ਼ਰੰਸਾਂ ਦਾ ਨਾ ਹੋਣਾ ਵੀ ਹੈ। ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਸ੍ਰੀ ਦਰਬਾਰ ਸਾਹਿਬ ਦੇ ਕਿਵਾੜ ਸਾਰੀ ਰਾਤ ਬੰਦ ਨਹੀਂ    ਕੀਤੇ ਗਏ।
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪਾਠ ਦਾ ਭੋਗ ਪਾਇਆ ਗਿਆ।
ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸ਼ੁਰੂ ਹੋਇਆ। ਰਵਾਨਗੀ ਤੋਂ ਪਹਿਲਾਂ ਹੈੱਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਹ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਪਹੁੰਚਿਆ। ਇਸ ਅੱਗੇ ਬੈਂਡ ਟੀਮ ਧਾਰਮਿਕ ਧੁਨਾਂ ਰਾਹੀਂ ਵਿਲੱਖਣ ਨਜ਼ਾਰਾ ਪੇਸ਼ ਕਰ ਰਹੀ ਸੀ। ਇਸ ਤੋਂ ਇਲਾਵਾ ਗੱਤਕਾ ਟੀਮ ਨੇ ਆਪਣੀ ਕਲਾ ਦੇ ਜੌਹਰ ਵਿਖਾਏ। ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਵਿਖੇ ਵਿਸ਼ੇਸ਼ ਢਾਡੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪ੍ਰਸਿੱਧ ਢਾਡੀ ਜਥਿਆਂ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੰਗ ਤੋਂ ਇਲਾਵਾ ਹੋਰ ਇਤਿਹਾਸਕ ਵਾਰਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ, ਗੁਰਦੁਆਰਾ ਗੁਰੂ ਕਾ ਖੂਹ ਪਾਤਸ਼ਾਹੀ ਦਸਵੀਂ ਵਿਖੇ ਸੰਗਤਾਂ ਨੇ ਮੱਥਾ ਟੇਕਿਆ ਤੇ ਕਥਾ ਕੀਰਤਨ ਸਰਵਣ ਕੀਤਾ। ਇਹ ਅਸਥਾਨ ਸ਼ਹਿਰ ਤੋਂ 2 ਕਿਲੋਮੀਟਰ ਦੂਰ ਹਨ ਤੇ ਗੁਰਦੁਆਰਾ ਟਿੱਬੀ ਸਾਹਿਬ ਉਹ ਇਤਿਹਾਸਕ ਅਸਥਾਨ ਹੈ, ਜਿਥੇ ਕਿ ਰੇਤਲਾ ਉਚਾ ਟਿੱਬਾ ਤੇ ਜੰਗਲ ਸਨ, ਇਥੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗ਼ਲ ਸੈਨਾ, ਜੋ ਨਵਾਬ ਵਜ਼ੀਰ ਖ਼ਾਨ ਸੂਬਾ ਸਰਹਿੰਦ ਦੇ ਅਧੀਨ ਗੁਰੂ ਸਾਹਿਬ ਦਾ ਪਿੱਛਾ ਕਰਦੀ ਹੋਈ ਆਈ ਤੇ ਖਿਦਰਾਣੇ ਦੇ ਅਸਥਾਨ ‘ਤੇ 40 ਮੁਕਤਿਆਂ ਨਾਲ ਲੜ ਰਹੀ ਸੀ, ‘ਤੇ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਉਚੀ ਟਿੱਬੀ ਤੋਂ ਤੀਰ ਚਲਾਉਂਦੇ ਰਹੇ ਤੇ ਮੁਗ਼ਲ ਸੈਨਾ ਨੂੰ ਚਿੱਤ ਕਰ ਦਿੱਤਾ। ਇਸ ਮੌਕੇ ਹੈੱਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਸਮਾਜਿਕ ਕੁਰੀਤੀਆਂ ਵਿਰੁੱਧ ਲਾਮਬੰਦ ਹੋਣਾ ਚਾਹੀਦਾ ਹੈ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨ ਦੀ ਲੋੜ ਹੈ ਤੇ ਅੰਮ੍ਰਿਤਪਾਨ ਕਰਕੇ ਗੁਰੂ ਲੜ ਲੱਗਣਾ ਚਾਹੀਦਾ ਹੈ। ਰਸਤੇ ਵਿਚ ਵੱਖ-ਵੱਖ ਪਕਵਾਨਾਂ ਦੇ ਲੰਗਰ ਰਾਹੀਂ ਸੰਗਤ ਦੀ ਸੇਵਾ ਕੀਤੀ ਗਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ, ਕਰਨ ਸਿੰਘ, ਮੁੱਖ ਗ੍ਰੰਥੀ ਭਾਈ ਹਰਪ੍ਰੀਤ ਸਿੰਘ, ਬਾਬਾ ਹਰਭਜਨ ਸਿੰਘ ਕਾਰਸੇਵਾ ਵਾਲੇ ਵੀ ਹਾਜ਼ਰ ਸਨ। ਮਾਘੀ ਦੇ ਦਿਹਾੜੇ ਤੇ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕੀਤੇ ਤੇ ਸ਼ਹੀਦਾਂ ਦੀ ਧਰਤੀ ਨੂੰ ਨਤਮਸਤਕ ਹੁੰਦਿਆਂ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕੀਤਾ।