ਇਜ਼ਰਾਈਲ ਦੇ ਸਿੱਖਾਂ ਵੱਲੋਂ ਗੁਰਦੁਆਰਾ ਸਾਹਿਬ ਬਣਾਉਣ ਲਈ ਅਮਰਿੰਦਰ ਤੋਂ ਚਾਰਾਜੋਈ ਦੀ ਮੰਗ

ਇਜ਼ਰਾਈਲ ਦੇ ਸਿੱਖਾਂ ਵੱਲੋਂ ਗੁਰਦੁਆਰਾ ਸਾਹਿਬ ਬਣਾਉਣ ਲਈ ਅਮਰਿੰਦਰ ਤੋਂ ਚਾਰਾਜੋਈ ਦੀ ਮੰਗ

ਇਜ਼ਰਾਈਲ ਵਿਚ ਡੇਅਰੀ ਫਾਰਮ ਦਾ ਦੌਰਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ।

ਯੇਰੂਸ਼ਲਮ/ਬਿਊਰੋ ਨਿਊਜ਼ :

ਇਜ਼ਰਾਈਲ ਵਿਚ ਵਸਦੇ ਸਿੱਖਾਂ ਨੇ ਇਥੇ ਆਪਣਾ ਧਾਰਮਿਕ ਅਸਥਾਨ ਗੁਰਦੁਆਰਾ ਸਾਹਿਬ ਬਣਾਉਣ ਲਈ ਦੌਰੇ ਉਤੇ ਆਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੋਂ ਸਰਕਾਰੀ ਪੱਧਰ ਉਤੇ ਚਾਰਾਜੋਈ ਦੀ ਮੰਗ ਕੀਤੀ ਹੈ। ਇਜ਼ਰਾਈਲ ਦੇ ਪੰਜਾਬੀ ਭਾਈਚਾਰੇ ਦੇ ਵਫ਼ਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮ ਕਰਵਾਉਣ ਲਈ ਸਥਾਨਕ ਅਥਾਰਿਟੀਆਂ ਕੋਲੋਂ ਪ੍ਰਵਾਨਗੀ ਲੈਣ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਜ਼ਮੀਨ ਹਾਸਲ ਕਰਨ ਵਾਸਤੇ ਮਦਦ ਮੰਗੀ ਹੈ।
ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਬਾਰੇ ਇਜ਼ਰਾਈਲ ਵਿਚਲੇ ਭਾਰਤੀ ਸਫ਼ੀਰ ਪਵਨ ਕਪੂਰ ਨੂੰ ਆਖਣਗੇ। ਕੈਪਟਨ ਨੇ ਵਫ਼ਦ ਨੂੰ ਵੀ ਰਾਜਦੂਤ ਨਾਲ ਮਿਲਣ ਦੀ ਸਲਾਹ ਦਿੱਤੀ।
ਮੁੱਖ ਮੰਤਰੀ ਨੇ ਵਫ਼ਦ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਨ੍ਹਾਂ ਮੁੱਦਿਆਂ ‘ਤੇ ਸਥਾਨਕ ਪ੍ਰਸ਼ਾਸਨ ਦੇ ਬਹੁਤ ਸਖ਼ਤ ਦਿਸ਼ਾ-ਨਿਰਦੇਸ਼ ਹਨ ਤੇ ਇਸ ਬਾਰੇ ਦੂਤਾਵਾਸ ਦੇਖੇਗਾ ਕਿ ਕੀ ਕੀਤਾ ਜਾ ਸਕਦਾ ਹੈ। ਵਫ਼ਦ ਨੇ ਗ਼ੈਰਕਾਨੂੰਨੀ ਏਜੰਟਾਂ ਵੱਲੋਂ ਇਜ਼ਰਾਈਲ ਦੌਰੇ ਲਈ ਵੀਜ਼ਾ ਮੰਗਣ ਵਾਲੇ ਪੰਜਾਬੀ ਨੌਜਵਾਨਾਂ ਨਾਲ ਠੱਗੀਆਂ ਮਾਰਨ ਦਾ ਮਾਮਲਾ ਵੀ ਉਠਾਇਆ। ਇਸ ਸਬੰਧੀ ਕੈਪਟਨ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਅਜਿਹੇ ਏਜੰਟਾਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਹੋਈ ਹੈ ਅਤੇ ਸੂਬੇ ਵਿੱਚ ਇਸ ਦੇ ਪਾਸਾਰ ਨੂੰ ਠੱਲ੍ਹ ਪਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਸ ਮੌਕੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨੇ ਪਹਿਲੇ ਵਿਸ਼ਵ ਯੁੱਧ ਵਿੱਚ ਭਾਰਤੀ ਸੈਨਿਕਾਂ ਖ਼ਾਸ ਕਰਕੇ ਸਿੱਖਾਂ ਦੇ ਯੋਗਦਾਨ ਬਾਰੇ ਗੱਲਬਾਤ ਕੀਤੀ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਸੈਨਿਕਾਂ ਨੇ ਦੁਸ਼ਮਣ ਦੇ ਹਮਲਿਆਂ ਤੋਂ ਇਜ਼ਰਾਈਲ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਇਜ਼ਰਾਈਲ ਫੇਰੀ ਦੇ ਆਖ਼ਰੀ ਦਿਨ ਮੁੱਖ ਮੰਤਰੀ ਨੇ ਹੌਫ ਹਾਸ਼ਰੋਨ ਵਿਚ ਅਫਿਕਿਮ ਡੇਅਰੀ ਫਾਰਮ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਡੇਅਰੀ ਫਾਰਮਿੰਗ ਦੀ ਗੁਣਵੱਤਾ ਵਧਾਉਣ ਲਈ ਵਰਤੀਆਂ ਜਾ ਰਹੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ।