ਗੁਰ ਪੁਰਬ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸੁਲਤਾਨਪੁਰ ਲੋਧੀ ਵਿਖੇ ਨਗਰ ਕੀਰਤਨ

ਗੁਰ ਪੁਰਬ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸੁਲਤਾਨਪੁਰ ਲੋਧੀ ਵਿਖੇ ਨਗਰ ਕੀਰਤਨ

ਸ੍ਰੀ ਅੰਮ੍ਰਿਤਸਰ ਸਾਹਿਬ  ਵਿਚ ਵੀਰਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਸਜਾਏ ਨਗਰ ਕੀਰਤਨ ‘ਚ ਸ਼ਾਮਲ ਸੰਗਤ।

ਅੰਮ੍ਰਿਤਸਰ/ਬਿਊਰੋ ਨਿਊਜ਼ :

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ-ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ‘ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਸੰਗਤ ਨੇ ਸ਼ਬਦ ਕੀਰਤਨ ਕਰਦਿਆਂ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿੱਚ ਸੰਗਤ ਵੱਲੋਂ ਥਾਂ-ਥਾਂ ਚਾਹ, ਮਠਿਆਈਆਂ, ਫਲ ਆਦਿ ਦੇ ਲੰਗਰ ਲਾਏ ਗਏ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀ, ਕਰਮਚਾਰੀ, ਸਕੂਲਾਂ, ਕਾਲਜਾਂ ਦੇ ਵਿਦਿਆਰਥੀ, ਸਕੂਲੀ ਬੈਂਡ, ਸਿੰਘ-ਸਭਾਵਾਂ, ਟਕਸਾਲਾਂ, ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਗਤਕਾ ਪਾਰਟੀਆਂ ਤੇ ਬੈਂਡ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਤੋਂ ਚੱਲ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਕ ਘੰਟਾ ਘਰ, ਬਾਜ਼ਾਰ ਮਾਈ ਸੇਵਾ, ਬਾਜ਼ਾਰ ਪਾਪੜਾਂ, ਬਾਜ਼ਾਰ ਬਾਸਾਂ ਵਾਲਾ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਲਛਮਣਸਰ ਚੌਕ ਤੇ ਮੋਨੀ ਚੌਕ ਆਦਿ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ।
ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਵਿਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਨੂੰ ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸੰਤਘਾਟ ਤੋਂ ਰਵਾਨਾ ਕੀਤਾ, ਜੋ ਦਾਣਾ ਮੰਡੀ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਜਾ ਕੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿਚ ਸ਼ਰਧਾਲੂਆਂ ਨੇ ਟਰੈਕਟਰਾਂ, ਕਾਰਾਂ, ਮੋਟਰਸਾਈਕਲਾਂ ਤੇ ਪੈਦਲ ਸ਼ਮੂਲੀਅਤ ਕੀਤੀ। ਸ਼ਰਧਾਲੂਆਂ ਵੱਲੋਂ ਸੰਗਤ ਲਈ ਥਾਂ-ਥਾਂ ਲੰਗਰ ਲਾਏ ਗਏ ਸਨ। ਗੁਰਦੁਆਰਾ ਬੇਰ ਸਾਹਿਬ ਵਿਚ ਕੇਵਲ ਧਾਲੀਵਾਲ ਵੱਲੋਂ ‘ਇਹ ਲਹੂ ਕਿਸ ਦਾ’ ਅਤੇ ‘ਮਿਟੀ ਧੁੰਦ ਜਗਿ ਚਾਨਣੁ ਹੋਆ’ ਸਮੇਦ ਹੋਰ ਧਾਰਮਿਕ ਨਾਟਕ ਖੇਡੇ ਗਏ। ਇਸ ਵਾਰ ਨਗਰ ਕੀਰਤਨ ਵਿਚ ਨੌਜਵਾਨਾਂ ਵੱਲੋਂ ਵਿਸ਼ੇਸ਼ ਯੋਗਦਾਨ ਪਾਏ ਜਾਣ ਕਰਕੇ ਸਫਾਈ ਅਤੇ ਅਨੁਸ਼ਾਸਨ ਦਾ ਖਾਸ ਖਿਆਲ ਰੱਖਿਆ ਗਿਆ।