ਪਾਕਿ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਰਹੱਦ ਉਤੇ ਹੋਰ ਵੱਡੀ ਟੈਲੀਸਕੋਪ ਲਗਾਉਣ ਦਾ ਐਲਾਨ

ਪਾਕਿ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਰਹੱਦ ਉਤੇ ਹੋਰ ਵੱਡੀ ਟੈਲੀਸਕੋਪ ਲਗਾਉਣ ਦਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼ :

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਇਕ ਬਿਆਨ ਵਿਚ ਦੱਸਿਆ ਗਿਆ ਹੈ ਕਿ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਵਲੋਂ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਪੱਛਮੀ ਪੰਜਾਬ ਵਿਚ ਪੈਂਦੇ ਗੁਰਦੁਆਰਾ ਡੇਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਉਚ ਸਮੱਰਥਾ ਵਾਲੀ ਟੈਲੀਸਕੋਪ ਲਾਈ ਜਾਵੇਗੀ। ਗੁਰਦਾਸਪੁਰ ਜ਼ਿਲੇ ਵਿਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਉਚ ਸਮਰੱਥਾ ਵਾਲੀ ਟੈਲੀਸਕੋਪ ਲੱਗਣ ਨਾਲ ਈ ਸਿੱਖ ਸ਼ਰਧਾਲੂ ਸਰਹੱਦ ਦੇ ਉਸ ਪਾਰ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਹੋਰ ਜ਼ਿਆਦਾ ਵਧੀਆ ਤਰੀਕੇ ਨਾਲ ਕਰ ਸਕਣਗੇ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਰੇਲਵੇ ਵਲੋਂ ਇਕ ਵਿਸ਼ੇਸ਼ ਰੇਲਗੱਡੀ ਚਲਾਈ ਜਾਵੇਗੀ ਜੋ ਗੁਰੂ ਸਾਹਿਬ ਨਾਲ ਸਬੰਧਤ ਥਾਵਾਂ ਤੋਂ ਹੋ ਕੇ ਲੰਘੇਗੀ।
ਜ਼ਿਕਰਯੋਗ ਹੈ ਕਿ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖੀਰਲੇ ਸਾਲ ਕਰਤਾਰਪੁਰ ਵਿਚ ਹੀ ਬਿਤਾਏ ਸਨ। ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਦੇਣ ਦਾ ਮੁੱਦਾ ਪਿੱਛੇ ਜਿਹੇ ਉਭਰ ਗਿਆ ਸੀ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਤੋਂ ਬਾਅਦ ਆਖਿਆ ਸੀ ਕਿ ਪਾਕਿਸਤਾਨ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਦੇਣ ਲਈ ਤਿਆਰ ਹੈ। ਸਿੱਖਾਂ ਦੀਆਂ ਵੱਖ ਵੱਖ ਜਥੇਬੰਦੀਆਂ ਲੰਮੇ ਸਮੇਂ ਤੋਂ ਲਾਂਘੇ ਲਈ ਭਾਰਤ ਸਰਕਾਰ ਵਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਮੰਗ ਕਰਦੀਆਂ ਆ ਰਹੀਆਂ ਹਨ। ਇਸ ਦੌਰਾਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਯਾਦਗਾਰੀ ਸਿੱਕਾ ਤੇ ਡਾਕ ਟਿਕਟਾਂ ਜਾਰੀ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।