ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਸ਼ਹੀਦੀ ਦਿਹਾੜੇ ਮੌਕੇ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼।
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ :
ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਜੋ ਸ਼ਾਮ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਕੀਤੀ ਗਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਜਥੇਦਾਰ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ ਸਣੇ ਹੋਰ ਆਗੂਆਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਜਿਹੀ ਸ਼ਹਾਦਤ ਕਿਸੇ ਵੀ ਧਰਮ ਦੇ ਇਤਿਹਾਸ ਵਿਚ ਨਹੀਂ ਮਿਲਦੀ। ਉਨ੍ਹਾਂ ਦੱਸਿਆ ਕਿ ਜਿਸ ਸਥਾਨ ਤੋਂ ਨਗਰ ਕੀਰਤਨ ਰਵਾਨਾ ਕੀਤਾ ਗਿਆ, ਉੱਥੇ ਭਾਈ ਜੈਤਾ ਜੀ ਗੁਰੂ ਸਾਹਿਬ ਦਾ ਸੀਸ ਚਾਂਦਨੀ ਚੌਕ ਦਿੱਲੀ ਤੋਂ ਲੈ ਕੇ ਆਏ ਸਨ ਅਤੇ ਗੁਰੂ ਸਾਹਿਬ ਦੇ ਸੀਸ ਦਾ ਅੰਤਿਮ ਸੰਸਕਾਰ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਇਆ ਸੀ।
ਇਸੇ ਦੌਰਾਨ ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਅਰਦਾਸ ਭਾਈ ਫੂਲਾ ਸਿੰਘ ਹੈੱਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤੀ। ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਮੁੱਚੇ ਸੰਸਾਰ ਲਈ ਪ੍ਰੇਰਣਾ ਸਰੋਤ ਹੈ। ਕਵੀਸ਼ਰ ਭਾਈ ਸਤਨਾਮ ਸਿੰਘ ਦਰਦੀ ਦੇ ਜਥੇ ਨੇ ਸੰਗਤਾਂ ਨੂੰ ਵਾਰਾਂ ਸੁਣਾਈਆਂ।