ਪੰਜਾਬੀਆਂ ਨੂੰ ਸ਼ੌਕ ਹਥਿਆਰਾਂ ਦਾ…

ਪੰਜਾਬੀਆਂ ਨੂੰ ਸ਼ੌਕ ਹਥਿਆਰਾਂ ਦਾ…

ਬਠਿੰਡਾ/ਬਿਊਰੋ ਨਿਊਜ਼ :
ਪੰਜਾਬ ਵਿਚ ”ਮਿੱਤਰਾਂ ਨੂੰ ਸ਼ੌਕ ਹਥਿਆਰਾਂ ਦਾ..” ਗੀਤ ਕਦੇ ਖਾਸਾ ਵੱਜਿਆ ਸੀ। ਇਸ ਦਾ ਕਾਰਨ ਵੀ ਸ਼ਾਇਦ ਮੌਜੂਦਾ ਸਮੇਂ ਦੀ ਪੰਜਾਬੀਆਂ ਦੀ ਮਾਨਸਿਕਤਾ ਨਾਲ ਕਿਤੇ ਜੁੜਦਾ ਹੋਵੇ। ਪੰਜਾਬ ਹੁਣ ਹਥਿਆਰਾਂ ਦਾ ਖੂਹ ਬਣ ਗਿਆ ਜਾਪਦਾ ਹੈ। ਪੰਜਾਬੀ ਲੋਕ ਅਸਲੇ ਲਈ ਏਨੇ ਸ਼ੁਦਾਈ ਹੋਏ ਪਏ ਹਨ ਕਿ ‘ਚੋਂ ਸਭ ਨੂੰ ਪਿੱਛੇ ਛੱਡ ਗਏ ਹਨ। ਲੰਘੇ ਦੋ ਵਰ੍ਹਿਆਂ ‘ਚ ਪੰਜਾਬ ‘ਚ ਜਿੰਨੇ ਅਸਲਾ ਲਾਇਸੈਂਸ ਬਣੇ ਹਨ, ਓਨੇ ਜੰਮੂ-ਕਸ਼ਮੀਰ ਨੂੰ ਛੱਡ ਕੇ ਦੇਸ਼ ਦੇ ਹੋਰ ਕਿਸੇ ਸੂਬੇ ‘ਚ ਨਹੀਂ ਬਣੇ। ਉੱਤਰ ਪ੍ਰਦੇਸ਼ ‘ਚ ਦੇਸ਼ ਭਰ ‘ਚੋਂ ਸਭ ਤੋਂ ਵੱਧ 12.88 ਲੱਖ ਅਸਲਾ ਲਾਇਸੈਂਸ ਹਨ ਅਤੇ ਏਡੇ ਵੱਡੇ ਸੂਬੇ ਵਿਚ 1 ਜਨਵਰੀ 2017 ਤੋਂ ਹੁਣ ਤੱਕ ਸਿਰਫ਼ 11,459 ਨਵੇਂ ਅਸਲਾ ਲਾਇਸੈਂਸ ਬਣੇ ਹਨ ਜਦੋਂ ਕਿ ਪੰਜਾਬ ਵਿੱਚ ਇਨ੍ਹਾਂ ਦੋ ਵਰ੍ਹਿਆਂ ਦੌਰਾਨ 26,322 ਅਸਲਾ ਲਾਇਸੈਂਸ ਬਣੇ ਹਨ। ਇਨ੍ਹਾਂ ਦੋ ਸਾਲਾਂ ਦੌਰਾਨ ਹਰਿਆਣਾ ਵਿਚ ਸਿਰਫ਼ 10,238 ਅਤੇ ਰਾਜਸਥਾਨ ਵਿਚ ਸਿਰਫ਼ 6390 ਅਸਲਾ ਲਾਇਸੈਂਸ ਬਣੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੇ ਵੇਰਵਿਆਂ ਅਨੁਸਾਰ ਅਸਲਾ ਲਾਇਸੈਂਸਾਂ ਨੂੰ ਯੂਨੀਕ ਸ਼ਨਾਖ਼ਤ ਨੰਬਰ ਨਾਲ ਜੋੜਨ ਲਈ ‘ਨੈਸ਼ਨਲ ਡਾਟਾਬੇਸ ਆਫ਼ ਆਰਮਜ਼ ਲਾਇਸੈਂਸ’ ਤਿਆਰ ਕੀਤਾ ਗਿਆ ਹੈ। ਨਵੇਂ ਡਾਟਾਬੇਸ ਨੇ ਨਵੇਂ ਤੱਥ ਉਜਾਗਰ ਕੀਤੇ ਹਨ, ਜੋ ਚੌਕਸ ਕਰਨ ਵਾਲੇ ਹਨ। ਦੇਸ਼ ਭਰ ਵਿੱਚ 35.87 ਲੱਖ ਅਸਲਾ ਲਾਇਸੈਂਸ ਹਨ ਜਦੋਂ ਕਿ ਪੰਜਾਬ ਵਿਚ ਹੁਣ ਅਸਲਾ ਲਾਇਸੈਂਸਾਂ ਦੀ ਗਿਣਤੀ 3,85,671 ਹੋ ਗਈ ਹੈ ਜੋ ਕਿ ਪਹਿਲੀ ਜਨਵਰੀ 2017 ਨੂੰ 3,59,349 ਸੀ। ਇਹੋ ਗਿਣਤੀ ਪੰਜਾਬ ‘ਚ ਜੁਲਾਈ 2011 ਵਿੱਚ 3,23,492 ਸੀ। ਮਤਲਬ ਕਿ ਪੰਜਾਬ ਵਿਚ ਸਾਢੇ ਸੱਤ ਵਰ੍ਹਿਆਂ ਵਿੱਚ 62,179 ਨਵੇਂ ਅਸਲਾ ਲਾਇਸੈਂਸ ਬਣੇ ਹਨ। ਹਕੂਮਤ ਬਦਲੀ ਮਗਰੋਂ ਵੀ ਲਾਇਸੈਂਸਾਂ ਨੂੰ ਠੱਲ੍ਹ ਨਹੀਂ ਪਈ ਹੈ।
ਵੇਰਵਿਆਂ ਅਨੁਸਾਰ ਦੇਸ਼ ਵਿਚੋਂ ਪੰਜਾਬ ਅਸਲਾ ਲਾਇਸੈਂਸਾਂ ਦੇ ਮਾਮਲੇ ਵਿਚ ਤੀਸਰੇ ਸਥਾਨ ਹੈ ਜਦੋਂ ਕਿ ਜੰਮੂ ਕਸ਼ਮੀਰ 4.84 ਲੱਖ ਅਸਲਾ ਲਾਇਸੈਂਸਾਂ ਨਾਲ ਦੂਸਰੇ ਨੰਬਰ ‘ਤੇ ਹੈ। ਜੰਮੂ-ਕਸ਼ਮੀਰ ਅਜਿਹਾ ਸੂਬਾ ਹੈ ਜਿੱਥੇ ਲੰਘੇ ਦੋ ਵਰ੍ਹਿਆਂ ਦੌਰਾਨ ਦੇਸ਼ ਭਰ ‘ਚੋਂ ਸਭ ਤੋਂ ਜ਼ਿਆਦਾ 1.15 ਲੱਖ ਅਸਲਾ ਲਾਇਸੈਂਸ ਬਣੇ ਹਨ। ਜੰਮੂ ਕਸ਼ਮੀਰ ਤਾਂ ਗੜਬੜ ਵਾਲਾ ਖ਼ਿੱਤਾ ਕਰਾਰ ਦਿੱਤਾ ਹੋਇਆ ਹੈ। ਪੰਜਾਬ ਵਿੱਚ ਲੋਕ ਕਾਹਦੇ ਲਈ ਸਭ ਕੁੱਝ ਦਾਅ ‘ਤੇ ਲਾ ਦਿੰਦੇ ਹਨ। ਜਦੋਂ ਕਿ ਹਰਿਆਣਾ ਵਿਚ ਸਿਰਫ਼ 1.52 ਲੱਖ ਅਤੇ ਰਾਜਸਥਾਨ ਵਿਚ ਕੇਵਲ 1.40 ਲੱਖ ਅਸਲਾ ਲਾਇਸੈਂਸ ਹਨ। ਮੁਲਕ ਦੇ ਸਿਰਫ਼ ਸੱਤ ਸੂਬੇ ਹੀ ਹਨ ਜਿੱਥੇ ਅਸਲਾ ਲਾਇਸੈਂਸਾਂ ਦੀ ਗਿਣਤੀ ਇੱਕ ਲੱਖ ਤੋਂ ਟੱਪੀ ਹੈ। ਮੁਲਕ ਦੀ ਰਾਜਧਾਨੀ ਦਿੱਲੀ ਵਿਚ ਅਸਲਾ ਲਾਇਸੈਂਸਾਂ ਦੀ ਗਿਣਤੀ 40,620 ਅਤੇ ਚੰਡੀਗੜ੍ਹ ਵਿਚ ਇਹੋ ਗਿਣਤੀ 80,858 ਹੈ। ਕੇਰਲ ਵਿਚ ਸਿਰਫ਼ 10,600 ਅਸਲਾ ਲਾਇਸੈਂਸ ਹਨ ਜਦੋਂ ਕਿ ਗੁਜਰਾਤ ਵਿਚ 63,138 ਅਸਲਾ ਲਾਇਸੈਂਸ ਹਨ। ਪੰਜਾਬ ਵਿਚ ਇਸ ਵੇਲੇ ਕਰੀਬ 55 ਲੱਖ ਪਰਿਵਾਰ ਹਨ ਅਤੇ ਇਸ ਹਿਸਾਬ ਨਾਲ ਪੰਜਾਬ ਦੇ ਔਸਤਨ ਹਰ 14ਵੇਂ ਪਰਿਵਾਰ ਕੋਲ ਅਸਲਾ ਲਾਇਸੈਂਸ ਹਨ। ਪੰਜਾਬ ਵਿੱਚ ਔਸਤਨ 80 ਲੋਕਾਂ ਪਿੱਛੇ ਇੱਕ ਅਸਲਾ ਲਾਇਸੈਂਸ ਹੈ। ਬਠਿੰਡਾ ਜ਼ਿਲ੍ਹੇ ਵਿੱਚ ਲੋਕ ਅਸਲਾ ਲਾਇਸੈਂਸ ਲਈ ਵੱਡੀਆਂ ਵੱਡੀਆਂ ਸਿਫ਼ਾਰਸ਼ਾਂ ਵੀ ਲਾਉਂਦੇ ਹਨ। ਤਾਹੀਓਂ ਪਿਛਲੇ ਸਮੇਂ ਦੌਰਾਨ ਅਸਲਾ ਲਾਇਸੈਂਸ ਵਾਲੀ ਇਕੱਲੀ ਫਾਈਲ ਦੀ ਕੀਮਤ 20 ਹਜ਼ਾਰ ਕੀਤੀ ਗਈ ਸੀ, ਜੋ ਕਿ ਹੁਣ ਨਵੇਂ ਡਿਪਟੀ ਕਮਿਸ਼ਨਰ ਨੇ ਮੁਫ਼ਤ ਦੇਣੀ ਸ਼ੁਰੂ ਕਰ ਦਿੱਤੀ ਹੈ।
ਕਾਂਗਰਸ ਸਰਕਾਰ ਨੇ ਗੱਦੀ ਸੰਭਾਲਣ ਮਗਰੋਂ ਪੰਜਾਬ ਵਿੱਚ ਪਿਛਲੇ ਦਸ ਵਰ੍ਹਿਆਂ ਦੌਰਾਨ ਬਣੇ ਅਸਲਾ ਲਾਇਸੈਂਸਾਂ ਦੀ ਜਾਂਚ ਵੀ ਕਰਾਈ ਹੈ ਜਿਸ ਵਿਚ ਕੋਈ ਬਹੁਤਾ ਹੱਥ ਪੱਲੇ ਨਹੀਂ ਪਿਆ ਹੈ। ਕੈਪਟਨ ਸਰਕਾਰ ਨੇ ਦਾਅਵਾ ਕੀਤਾ ਕਿ ਗੱਠਜੋੜ ਸਰਕਾਰ ਦੇ ਦਸ ਵਰ੍ਹਿਆਂ ਦੇ ਰਾਜ ਦੌਰਾਨ ਪੰਜਾਬ ਵਿਚ ਕਰੀਬ ਦੋ ਲੱਖ ਅਸਲਾ ਲਾਇਸੈਂਸ ਨਵੇਂ ਬਣੇ ਹਨ। ਜਾਂਚ ਮਗਰੋਂ ਬਠਿੰਡਾ, ਰੋਪੜ ਤੇ ਫ਼ਾਜ਼ਿਲਕਾ ਜ਼ਿਲ੍ਹੇ ਹੀ ਸਿਰਫ਼ ਕੁਝ ਲਾਇਸੈਂਸ ਰੱਦ ਕੀਤੇ ਗਏ ਹਨ। ਪੰਜਾਬ ਦੇ ਕਾਲੇ ਦਿਨਾਂ ਦੌਰਾਨ ਵੀ ਪੰਜਾਬ ਵਿੱਚ ਅਸਲਾ ਲਾਇਸੈਂਸ ਕਾਫ਼ੀ ਬਣੇ ਸਨ। ਹੁਣ ਜਦੋਂ ਤੋਂ ਗੈਂਗਸਟਰਾਂ ਦੀ ਦਹਿਸ਼ਤ ਵਧੀ ਹੈ, ਉਦੋਂ ਤੋਂ ਮੁੜ ਅਸਲਾ ਲਾਇਸੈਂਸ ਤੇਜ਼ੀ ਨਾਲ ਬਣਨੇ ਸ਼ੁਰੂ ਹੋਏ ਹਨ। ਪੰਜਾਬ ਦੇ ਸਰਦੇ ਪੁੱਜਦੇ ਲੋਕ ਕਾਫ਼ੀ ਵੱਡੀ ਰਾਸ਼ੀ ਹਥਿਆਰ ਖ਼ਰੀਦਣ ‘ਤੇ ਖ਼ਰਚ ਕਰ ਰਹੇ ਹਨ। ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਕਈ ਕਤਲਾਂ ਵਿਚ ਲਾਇਸੈਂਸੀ ਹਥਿਆਰ ਹੀ ਵਰਤੇ ਗਏ ਹਨ। ਜੋ ਪੰਜਾਬ ਵਿਚ ਦੋ ਨੰਬਰ ਦਾ ਅਸਲਾ ਹੈ, ਉਸ ਦਾ ਕੋਈ ਹਿਸਾਬ ਕਿਤਾਬ ਹੀ ਨਹੀਂ।
ਹਥਿਆਰਾਂ ਦੇ ਨਾਮ ਵਾਲੀਆਂ ਐਲਬਮਾਂ ਮਾਰਕੀਟ ‘ਚ ਆਈਆਂ : ਪੰਜਾਬ ‘ਚ ਅਸਲੇ ਦੇ ਨਾਂ ਹੇਠ ਗਾਣਿਆਂ ਦੀਆਂ ਐਲਬਮਾਂ ਮਾਰਕੀਟ ‘ਚ ਆ ਚੁੱਕੀਆਂ ਤੇ ਅਸਲੇ ਵਾਲੇ ਗੀਤ ਵੀ ਆਮ ਪ੍ਰਚਲਿਤ ਹਨ। ਪੰਜਾਬੀ ਗਾਇਕੀ ਨੇ ਕਾਫੀ ਹੱਦ ਤੱਕ ਹਥਿਆਰਾਂ ਨੂੰ ਪ੍ਰਚਲਿਤ ਕੀਤਾ ਹੈ। ਇਨ੍ਹਾਂ ਗਾਣਿਆਂ ਕਰ ਕੇ ਕਈ ਵਿਆਹ ਸਮਾਰੋਹਾਂ ‘ਚ ਗੋਲੀਆਂ ਵੀ ਚੱਲੀਆਂ ਹਨ। ਇਸ ਤੋਂ ਇਲਾਵਾ ਲੋਕ ਸੋਸ਼ਲ ਮੀਡੀਆ ‘ਤੇ ਆਪਣੇ ਸਟੇਟਸ ਲਈ ਹਥਿਆਰਾਂ ਨਾਲ ਤਸਵੀਰਾਂ ਖਿੱਚ ਕੇ ਪਾਉਂਦੇ ਹਨ।