ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਫੂਲਕਾ ਵੱਲੋਂ ਅਸਤੀਫ਼ਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਫੂਲਕਾ ਵੱਲੋਂ ਅਸਤੀਫ਼ਾ

ਕੇਜਰੀਵਾਲ ਵੱਲੋਂ ਪੰਜਾਬ ਲੀਡਰਸ਼ਿਪ ਨੂੰ ਆਪਸੀ ਗੁੱਸੇ-ਗਿਲੇ ਭੁਲਾਉਣ ਦਾ ਸੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਦਾਖ਼ਾ ਹਲਕੇ ਤੋਂ ਵਿਧਾਇਕ ਐੱਚ.ਐੱਸ ਫੂਲਕਾ ਨੇ ਵਿਧਾਨ ਸਭਾ ਦੀ ਮੈਂਬਰੀ ਤੋਂ ਬਾਅਦ ਹੁਣ ਪਾਰਟੀ ‘ਚੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਸ੍ਰੀ ਫੂਲਕਾ ਨੇ ਕਦੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਹੁਣ ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪਿਆ ਹੈ।
ਇਸ ਦੌਰਾਨ ‘ਆਪ’ ਦੀ ਪੰਜਾਬ ਇਕਾਈ ਦੇ ਮੁੱਖ ਆਗੂਆਂ ਨੇ ਦਿੱਲੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਬਾਰੇ ਰਣਨੀਤੀ ਵਿਚਾਰੀ ਗਈ।
ਸੂਤਰਾਂ ਮੁਤਾਬਕ ਬੈਠਕ ਦੌਰਾਨ ਕਾਂਗਰਸ ਨਾਲ ਕਿਸੇ ਤਰ੍ਹਾਂ ਦੇ ਚੋਣ ਗੱਠਜੋੜ ਬਾਰੇ ਕੋਈ ਚਰਚਾ ਨਹੀਂ ਹੋਈ। ਉਂਝ ਪਾਰਟੀ ਨੇ ਪੰਜ ਲੋਕ ਸਭਾ ਉਮੀਦਵਾਰਾਂ ਦੇ ਨਾਂ ਤੈਅ ਕਰ ਲਏ ਹਨ। ਬਾਗ਼ੀ ਵਿਧਾਇਕਾਂ ਬਾਰੇ ਖ਼ਾਸ ਕਰਕੇ ਸ੍ਰੀ ਖਹਿਰਾ ਬਾਰੇ ਪਹਿਲਾਂ ਵਾਲਾ ਹੀ ਪੈਂਤੜਾ ਰਹੇਗਾ।
ਇਸ ਤੋਂ ਪਹਿਲਾਂ ਸ੍ਰੀ ਫੂਲਕਾ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ। ਸ੍ਰੀ ਫੂਲਕਾ ਨੇ ਕਿਹਾ ਕਿ ਉਹ ਅਸਤੀਫ਼ੇ ਦੇ ਕਾਰਨਾਂ ਬਾਰੇ ਦਿੱਲੀ ਦੇ ਪ੍ਰੈਸ ਕਲੱਬ ਆਫ ਇੰਡੀਆ ਵਿਚ ਖੁਲਾਸਾ ਕਰਨਗੇ ਤੇ ਆਪਣੀਆਂ ਭਵਿੱਖੀ ਯੋਜਨਾਵਾਂ ਬਾਰੇ ਦੱਸਣਗੇ। ਚੇਤੇ ਰਹੇ ਕਿ ਸ੍ਰੀ ਫੂਲਕਾ ਦਾਖ਼ਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ। ਸ੍ਰੀ ਫੂਲਕਾ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਸਰਗਰਮੀਆਂ ਤੋਂ ਦੂਰ ਸਨ ਤੇ ਉਨ੍ਹਾਂ ’84 ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ਜਿਸ ਵਿਚ ਸੱਜਣ ਕੁਮਾਰ ਨੂੰ ਤਾ-ਉਮਰ ਕੈਦ ਦੀ ਸਜ਼ਾ ਹੋਈ ਹੈ, ਵਿਚ ਅਹਿਮ ਭੂਮਿਕਾ ਨਿਭਾਈ ਸੀ। ਉਂਝ ਸ੍ਰੀ ਫੂਲਕਾ ਦੇ ਅਸਤੀਫ਼ੇ ਨਾਲ ‘ਆਪ’ ਦੇ ਕਾਂਗਰਸ ਨਾਲ ਗੱਠਜੋੜ ਬਾਰੇ ਚੱਲ ਰਹੇ ਕਿਆਸਾਂ ਨੂੰ ਬਲ ਮਿਲਿਆ ਹੈ। ਦੂਜੇ ਪਾਸੇ ‘ਆਪ’ ਆਗੂ ਨਵਦੀਪ ਸੰਘਾ ਨੇ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਮੈਂਬਰ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸ੍ਰੀ ਫੂਲਕਾ ਨਾਲ ਇਸ ਬਾਰੇ ਗੱਲ ਕਰਨਗੇ।
ਉਧਰ ਸ੍ਰੀ ਕੇਜਰੀਵਾਲ ਨੇ ਪੰਜਾਬ ਦੀ ਲੀਡਰਸ਼ਿਪ ਨਾਲ ਮੁਲਾਕਾਤ ਦੌਰਾਨ ਪਾਰਟੀ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਗੁੱਸੇ-ਗਿਲੇ ਭੁੱਲ ਕੇ ਲੋਕਾਂ ਦੇ ਮੁੱਦਿਆਂ ਉਪਰ ਡਟ ਕੇ ਲੜਾਈ ਲੜਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਦਿੱਲੀ ਸਰਕਾਰ ਦੀ ਸਿਹਤ, ਸਿੱਖਿਆ, ਬਿਜਲੀ, ਪਾਣੀ ਤੇ ਲੋਕ ਭਲਾਈ ਯੋਜਨਾਵਾਂ ਦੀ ਹੋਮ ਡਲਿਵਰੀ ਵਰਗੇ ਕੰਮ ਖ਼ੁਦ ਅੱਖੀਂ ਦੇਖਣ। ਉਨ੍ਹਾਂ ਹਰ ਸਮੱਸਿਆ ਲਈ ਦੇਸ਼ ਦੇ ਭ੍ਰਿਸ਼ਟ ਸਿਆਸੀ ਤੰਤਰ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚੋਂ ਅਕਾਲੀ ਦਲ ਅਤੇ ਭਾਜਪਾ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ। ਕੈਪਟਨ ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਲੋਕਾਂ ‘ਚ ਇਸ ਧੋਖੇ ਖ਼ਿਲਾਫ਼ ਬੇਹੱਦ ਗ਼ੁੱਸਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਹੀ ਉਮੀਦ ਹੈ। ਮੀਟਿੰਗ ਵਿੱਚ ‘ਆਪ’ ਦੇ ਸਥਾਨਕ ਤੇ ਸੂਬਾ ਪੱਧਰੀ ਕਰੀਬ ਦੋ ਸੌ ਆਗੂਆਂ ਨੇ ਸ਼ਿਰਕਤ ਕੀਤੀ।

ਇਸੇ ਤਰ੍ਹਾਂ ਲੋਕ ਸਭਾ ਚੋਣਾਂ ਲਈ ਮਹਾਂਗੱਠਜੋੜ ਵਿਚ ਸ਼ਾਮਲ ਹੋਣ ਦੀਆਂ ਸਾਰੀਆਂ ਅਟਕਲਾਂ ‘ਤੇ ਵਿਰਾਮ ਲਾਉਂਦਿਆਂ ਇਕ ਟੈਲੀਵੀਜ਼ਨ ਚੈਨਲ ਨਾਲ ਗੱਲਬਾਤ ਦੌਰਾਨ ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਦਿੱਲੀ, ਪੰਜਾਬ, ਗੋਆ ਤੇ ਹਰਿਆਣਾ ਵਿਚ ਪਾਰਟੀ ਇਕੱਲੇ ਹੀ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ‘ਆਪ’ ਕਾਫ਼ੀ ਮਜ਼ਬੂਤ ਹੈ। ਇਹ ਚਰਚਾ ਸੀ ਕਿ ਸੰਨ 2019 ਦੀਆਂ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਮਿਲਕੇ ਲੜ ਸਕਦੀ ਹੈ। ‘ਆਪ’ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ ਦੱਸਿਆ ਕਿ ‘ਆਪ’ ਦਿੱਲੀ (7), ਹਰਿਆਣਾ (10), ਪੰਜਾਬ (13), ਗੋਆ (2) ਅਤੇ ਚੰਡੀਗੜ੍ਹ (1) ਦੀਆਂ ਸੀਟਾਂ ‘ਤੇ ਮਜ਼ਬੂਤੀ ਨਾਲ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।