ਸ਼ਹੀਦ ਭਾਈ ਸਤਵੰਤ ਸਿੰਘ ਤੇ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਸ਼ਹੀਦ ਭਾਈ ਸਤਵੰਤ ਸਿੰਘ ਤੇ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲੰਿੰਦਰ ਸਿੰਘ ਨੇ ਸ਼ਹੀਦ ਭਾਈ ਸਤਵੰਤ ਸਿੰਘ ਦੀ ਮਾਤਾ ਪਿਆਰ ਕੌਰ ਅਤੇ ਭਰਾਤਾ ਵਰਿਆਮ ਸਿੰਘ ਨੂੰ ਗੁਰੂ ਬਖਸ਼ਿਸ਼ ਸਿਰੋਪਾਉ ਭੇਟ ਕੀਤਾ।
ਅੰਮ੍ਰਿਤਸਰ/ਬਿਊਰੋ ਨਿਊਜ਼ :
ਜੂਨ-1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੋਧਾ ਲਾਉਣ ਵਾਲੇ ਕੌਮੀ ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਜੀ ਦਾ 30ਵਾਂ ਸ਼ਹੀਦੀ ਦਿਹਾੜਾ ਇਥੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
ਅਕਾਲ ਤਖਤ ਸਾਹਿਬ ਨੇੜੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਤਿੰਨ ਰੋਜ਼ ਤੋਂ ਆਰੰਭ ਕਰਵਾਏ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਸ਼ਹੀਦੀ ਸਮਾਗਮ ਵਿਚ ਹਾਜ਼ਰੀ ਭਰਨ ਲਈ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਦਰਬਾਰ ਸਾਹਿਬ ਦੇ ਪ੍ਰਬੰਧਕ (ਮੈਨੇਜਰ) ਜਸਵਿੰਦਰ ਸਿੰਘ ਦੀਨਪੁਰ ਹਾਜ਼ਰ ਸਨ, ਓਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਦਲ ਖਾਲਸਾ ਵਲੋਂ ਸ. ਕੰਵਰਪਾਲ ਸਿੰਘ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਪੁੱਜੇ ਹੋਏ ਸਨ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸ਼ਹੀਦ ਭਾਈ ਸਤਵੰਤ ਸਿੰਘ ਦੀ ਮਾਤਾ ਪਿਆਰ ਕੌਰ ਅਤੇ ਭਰਾਤਾ ਵਰਿਆਮ ਸਿੰਘ ਨੂੰ ਗੁਰੂ ਬਖਸ਼ਿਸ਼ ਸਿਰੋਪਾਉ ਭੇਟ ਕੀਤਾ।