ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਆਗਾਮੀ ਵਰ੍ਹੇ ਲੋਕ ਸਭਾ ਚੋਣਾਂ ਤੋਂ ਬਾਅਦ ਹੋਣ ਦੀ ਸੰਭਾਵਨਾ
ਅੰਮ੍ਰਿਤਸਰ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਆਗਾਮੀ ਵਰ੍ਹੇ ਲੋਕ ਸਭਾ ਚੋਣਾਂ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ। ਦਸੰਬਰ-2011 ਵਿਚ ਬਣੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੀ ਮਿਆਦ ਦੋ ਸਾਲ ਪਹਿਲਾਂ ਦਸੰਬਰ-2016 ਵਿਚ ਹੀ ਮੁਕੰਮਲ ਹੋ ਚੁੱਕੀ ਹੈ। ਇਹ ਖੁਲਾਸਾ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੀਨੀਅਰ ਐਡਵੋਕੇਟ ਐੱਚ ਐੱਸ ਫੂਲਕਾ ਨੂੰ ਭੇਜੇ ਗਏ ਇੱਕ ਪੱਤਰ ਵਿਚ ਕੀਤਾ ਗਿਆ ਹੈ।
ਕੇਂਦਰ ਸਰਕਾਰ ਦੀ ਅੰਦਰੂਨੀ ਸੁਰੱਖਿਆ ਦੀ ਡਿਵੀਜ਼ਨ ਦੇ ਡਾਇਰੈਕਟਰ ਗੋਪੀ ਚੰਦਰ ਵੱਲੋਂ ਭੇਜੇ ਪੱਤਰ ਵਿਚ ਦੱਸਿਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੀ ਮਿਆਦ 16 ਦਸੰਬਰ-2016 ਨੂੰ ਪੂਰੀ ਹੋ ਚੁੱਕੀ ਹੈ। ਐਡਵੋਕੇਟ ਫੂਲਕਾ ਵੱਲੋਂ 9 ਅਕਤੂਬਰ 2018 ਨੂੰ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਭੇਜ ਕੇ ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ 51 ਹੇਠ ਇਸ ਸਬੰਧੀ ਜਾਣਕਾਰੀ ਮੰਗੀ ਗਈ ਸੀ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਹ ਪੱਤਰ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਗਲੀ ਕਾਰਵਾਈ ਲਈ ਭੇਜ ਦਿੱਤਾ ਗਿਆ ਸੀ, ਜਿਸ ਦਾ ਹੁਣ ਗ੍ਰਹਿ ਮੰਤਰਾਲੇ ਵੱਲੋਂ ਐਡਵੋਕੇਟ ਐੱਚਐੱਸ ਫੂਲਕਾ ਨੂੰ ਪੱਤਰ ਭੇਜ ਕੇ ਜਵਾਬ ਦਿੱਤਾ ਗਿਆ ਹੈ।
ਇਸ ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਮੌਜੂਦਾ ਹਾਊਸ 16 ਦਸੰਬਰ 2011 ਨੂੰ ਇਕ ਨੋਟੀਫਿਕੇਸ਼ਨ ਰਾਹੀਂ ਗਠਿਤ ਹੋ ਗਿਆ ਸੀ ਅਤੇ ਇਸ ਦੀ ਮਿਆਦ 16 ਦਸੰਬਰ 2016 ਨੂੰ ਪੂਰੀ ਹੋ ਚੁੱਕੀ ਹੈ।
ਗੁਰਦੁਆਰਾ ਚੋਣਾਂ ਵਾਸਤੇ ਚੀਫ਼ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ ਕਰਨ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਅਗਸਤ-2018 ਵਿਚ ਨਵਾਂ ਗੁਰਦੁਆਰਾ ਚੋਣ ਕਮਿਸ਼ਨਰ ਚੁਣਿਆ ਗਿਆ ਸੀ ਪਰ ਉਨ੍ਹਾਂ ਵੱਲੋਂ ਇਸ ਅਹੁਦੇ ਦਾ ਕਾਰਜਭਾਰ ਸਾਂਭਣ ਤੋਂ ਅਸਮਰੱਥਾ ਪ੍ਰਗਟਾਈ ਗਈ ਸੀ, ਜਿਸ ਕਾਰਨ ਇਸ ਮਾਮਲੇ ਵਿਚ ਦੇਰ ਹੋਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਵੀਂ ਨਿਯੁਕਤੀ ਲਈ ਪ੍ਰਕਿਰਿਆ ਜਾਰੀ ਹੈ।
ਸ੍ਰੀ ਫੂਲਕਾ ਨੇ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪੱਤਰ ਭੇਜਿਆ ਸੀ ਕਿ ਉਹ ਕੇਂਦਰ ਸਰਕਾਰ ਉਤੇ ਜ਼ੋਰ ਪਾ ਕੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਾਉਣ ਲਈ ਦਬਾਅ ਪਾਉਣ ਪਰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ ਹੈ ਜਦੋਂਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਸੰਨ 2011 ਵਿਚ ਚੁਣੇ ਹਾਊਸ ਦੀ ਮਿਆਦ ਦਸੰਬਰ-2016 ਵਿਚ ਪੂਰੀ ਹੋ ਚੁੱਕੀ ਹੈ।
Comments (0)