ਜਥੇਦਾਰ ਸ੍ਰੀ ਅਕਾਲ ਤਖ਼ਤ ਦਾ ਸੱਦਾ : ਸਿੱਖ ਬੈਂਕ ਤੇ ਸਿੱਖ ਸਿੱਖਿਆ ਬੋਰਡ ਬਣਾਉਣ ਦੀ ਲੋੜ

ਜਥੇਦਾਰ ਸ੍ਰੀ ਅਕਾਲ ਤਖ਼ਤ ਦਾ ਸੱਦਾ : ਸਿੱਖ ਬੈਂਕ ਤੇ ਸਿੱਖ ਸਿੱਖਿਆ ਬੋਰਡ ਬਣਾਉਣ ਦੀ ਲੋੜ

ਸ੍ਰੀ ਆਨੰਦਪੁਰ ਸਾਹਿਬ/ਏਟੀ ਨਿਊਜ਼ :
ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਅਤੇ ਪੰਥਕ ਏਕਤਾ ਸਬੰਧੀ ਸਿੱਖ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਘੱਟੋ-ਘੱਟ 550 ਕਰੋੜ ਰੁਪਏ ਦੀ ਲਾਗਤ ਨਾਲ ਸਿੱਖ ਬੈਂਕ ਸਥਾਪਿਤ ਕਰਨਾ ਚਾਹੀਦਾ ਹੈ, ਜੋ ਬੇਰੁਜ਼ਗਾਰ ਸਿੱਖ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਕਰਜ਼ੇ ਮੁਹੱਈਆ ਕਰਵਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਸਿੱਖਿਆ ਬੋਰਡ ਬਣਾਉਣ 'ਤੇ ਵੀ ਜ਼ੋਰ ਦਿੱਤਾ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਪ੍ਰਗਟਾਵਾ ਵੀ ਕੀਤਾ ਕਿ ਦੇਸ਼-ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਸਿੱਖ ਸੰਸਥਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਲਈ ਜਲਦੀ ਹੀ ਅਕਾਲ ਤਖ਼ਤ ਸਾਹਿਬ ਵਲੋਂ ਪੰਥਕ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਤਾਲਮੇਲ ਕਮੇਟੀ ਬਣਾਈ ਜਾਵੇਗੀ। ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿਚ ਸਿੱਖ ਜਥੇਬੰਦੀਆਂ ਦੀ ਹੋਈ ਇਕੱਤਰਤਾ ਦੌਰਾਨ ਦੇਸ਼-ਵਿਦੇਸ਼ ਤੋਂ ਇਕ ਸੌ ਸਿੱਖ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਾਨੂੰ ਵਿਚਾਰਧਾਰਕ, ਰਾਜਨੀਤਕ ਵਖਰੇਵਿਆਂ ਨੂੰ ਪਾਸੇ ਰੱਖ ਕੇ ਕੌਮੀ ਪੱਧਰ 'ਤੇ ਇਕਜੁੱਟ ਹੋਣ ਦੀ ਲੋੜ ਹੈ। ਇਕੱਤਰਤਾ 'ਚ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ. ਸੁਰਿੰਦਰ ਸਿੰਘ, ਦਲਜੀਤ ਸਿੰਘ ਭਿੰਡਰ, ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਜਤਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਯੂਕੇ ਅਤੇ ਹੋਰਨਾਂ ਬੁਲਾਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਸ ਕੀਤੀ ਕਿ ਉਹ ਵਿਸ਼ਵ ਵਿਆਪੀ ਪੰਥਕ ਸਾਰੋਕਾਰਾਂ ਪ੍ਰਤੀ ਨਵੀਂ ਭੂਮਿਕਾ ਨਿਭਾਉਣ ਲਈ ਅੱਗੇ ਆਵੇ