ਸ੍ਰੀ ਦਰਬਾਰ ਸਾਹਿਬ ਦੀਆਂ ਤਸਵੀਰਾਂ ਵਾਲੇ ਮੈਟ ਵੇਚਣ ਦੇ ਮਾਮਲੇ 'ਚ 'ਫਲਿਪਕਾਰਟ' ਖਿਲਾਫ ਪੁਲਿਸ ਸ਼ਿਕਾਇਤ ਦਰਜ ਕਰਵਾਈ

ਸ੍ਰੀ ਦਰਬਾਰ ਸਾਹਿਬ ਦੀਆਂ ਤਸਵੀਰਾਂ ਵਾਲੇ ਮੈਟ ਵੇਚਣ ਦੇ ਮਾਮਲੇ 'ਚ 'ਫਲਿਪਕਾਰਟ' ਖਿਲਾਫ ਪੁਲਿਸ ਸ਼ਿਕਾਇਤ ਦਰਜ ਕਰਵਾਈ

ਚੰਡੀਗੜ੍ਹ: ਐਮਾਜ਼ੋਨ ਤੋਂ ਬਾਅਦ ਹੁਣ ਫਲਿਪਕਾਰਟ ਵੈਬਸਾਈਟ ਰਾਹੀਂ ਦਰਬਾਰ ਸਾਹਿਬ ਦੀਆਂ ਤਸਵੀਰਾਂ ਵਾਲੇ ਮੈਟ ਅਤੇ ਹੋਰ ਸਮਾਨ ਵੇਚਣ ਦਾ ਮਾਮਲਾ ਸਾਹਮਣਾ ਆਇਆ ਹੈ। ਇਹਨਾਂ ਸਮਾਨ ਖਰੀਦਣ-ਵੇਚਣ ਵਾਲੀਆਂ ਵੈਬਸਾਈਟਾਂ ਵਲੋਂ ਗੈਰਜ਼ਿੰਮੇਵਾਰ ਤਰੀਕੇ ਨਾਲ ਕੀਤੇ ਜਾ ਰਹੇ ਇਸ ਕੰਮ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ। ਪਹਿਲਾਂ ਐਮਾਜ਼ੋਨ ਕੰਪਨੀ ਵਲੋਂ ਅਜਿਹੀਆਂ ਚੀਜ਼ਾਂ ਹਟਾ ਦਿੱਤੀਆਂ ਗਈਆਂ ਸਨ ਤੇ ਸਿੱਖ ਕੌਮ ਕੋਲੋਂ ਮੁਆਫੀ ਮੰਗੀ ਗਈ ਸੀ ਪਰ ਹੁਣ ਅਜਿਹਾ ਹੀ ਮਾਮਲਾ ਫਲਿਪਕਾਰਟ ਵੈਬਸਾਈਟ ਬਾਰੇ ਸਾਹਮਣੇ ਆਇਆ ਹੈ। 

ਫਲਿੱਪਕਾਰਟ ਵੱਲੋਂ ਮੈਟ 'ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਨੇ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਣ ਦਾ ਫ਼ੈਸਲਾ ਕੀਤਾ ਹੈ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਫਲਿੱਪਕਾਰਟ ਕੰਪਨੀ ਦੀ ਇਸ ਘਟੀਆ ਹਰਕਤ ਨਾਲ ਵਿਸ਼ਵ ਭਰ 'ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਆਖਿਆ ਕਿ ਫਲਿੱਪਕਾਰਟ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ ਅਤੇ ਜੇਕਰ ਲੋੜ ਪਈ ਤਾਂ ਕੰਪਨੀ ਖ਼ਿਲਾਫ਼ ਪਰਚਾ ਵੀ ਦਰਜ ਕਰਵਾਇਆ ਜਾਵੇਗਾ।

ਇਸੇ ਮਾਮਲੇ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਇਕ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਫਲਿੱਪਕਾਰਟ ਨੇ ਅਜਿਹਾ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਸ਼੍ਰੋਮਣੀ ਕਮੇਟੀ ਵਲੋਂ ਚੁਣੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਬਹੁਤ ਨਿੰਦਣਯੋਗ ਘਟਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਮਾਮਲੇ ਦੀ ਨਿਖੇਧੀ ਕਰਦਿਆ ਸ਼੍ਰੋਮਣੀ ਕਮੇਟੀ ਨੂੰ ਇਸ 'ਤੇ ਜਲਦ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।