ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਨੇ ਕਿਤਾਬ ਲਿਖ ਕੇ ਸੰਸਥਾ ਵਿਚ ਆਏ ਨਿਘਾਰ ਦਾ ਸੱਚ ਸਾਹਮਣੇ ਲਿਆਂਦਾ

 ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਨੇ ਕਿਤਾਬ ਲਿਖ ਕੇ ਸੰਸਥਾ ਵਿਚ ਆਏ ਨਿਘਾਰ ਦਾ ਸੱਚ ਸਾਹਮਣੇ ਲਿਆਂਦਾ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਵੱਲੋਂ ਲਿਖੀ ਪੁਸਤਕ ‘ਸਚੁ ਸੁਣਾਇਸੀ ਸਚ ਕੀ ਬੇਲਾ’ ਅੱਜ ਜਾਰੀ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜ ਪ੍ਰਣਾਲੀ ਵਿੱਚ ਨਿਘਾਰ ਆਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਸਿਆਸੀ ਦਖਲ ਅੰਦਾਜ਼ੀ ਹੋਣ ਦਾ ਵੀ ਖੁਲਾਸਾ ਕੀਤਾ ਹੈ। ਉਹ 1956 ਵਿੱਚ ਸ਼੍ਰੋਮਣੀ ਕਮੇਟੀ ਵਿਚ ਬਤੌਰ ਕਲਰਕ ਭਰਤੀ ਹੋਏ ਸਨ ਅਤੇ ਲਗਪਗ 44 ਸਾਲ ਦੀ ਸੇਵਾ ਮਗਰੋਂ ਸਕੱਤਰ ਵਜੋਂ ਸੇਵਾ ਮੁਕਤ ਹੋਏ। ਇਹ ਪੁਸਤਕ ਸਿੰਘ ਬ੍ਰਦਰਜ਼ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਪੁਸਤਕ ਨੂੰ ਉਨ੍ਹਾਂ ਗੁਰਦੁਆਰਾ ਸੁਧਾਰ ਲਹਿਰ ਵਿਚ ਹਿੱਸਾ ਲੈਣ ਵਾਲੇ ਗੁਰਮੁਖਾਂ ਨੂੰ ਸਮਰਪਿਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ‘ਜੂਨ 84: ਸ਼੍ਰੋਮਣੀ ਕਮੇਟੀ ਨੂੰ ਗ੍ਰਹਿਣ’ ਨਾਂ ਦੀ ਪੁਸਤਕ ਵੀ ਲਿਖ ਚੁੱਕੇ ਹਨ।

ਇਸ ਪੁਸਤਕ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਵਿੱਚ ਭ੍ਰਿਸ਼ਟਾਚਾਰ ਦਾ ਜ਼ਿਕਰ ਕਰਦਿਆਂ ਲਿਖਿਆ ਕਿ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਮੁਤਾਬਕ ਇਸ ਦੇ ਮੁਲਾਜ਼ਮ ਅਤੇ ਮੈਂਬਰਾਂ ਦੇ ਰਿਸ਼ਤੇਦਾਰਾਂ ਨੂੰ ਇਸ ਵਿੱਚ ਮੁਲਾਜ਼ਮਤ ਨਹੀਂ ਮਿਲ ਸਕਦੀ ਹੈ ਪਰ 12 ਨਵੰਬਰ 2002 ਨੂੰ ਇਕ ਮਤੇ ਰਾਹੀਂ ਇਸ ਨਿਯਮ ਵਿੱਚ ਤਰਮੀਮ ਕਰਕੇ ਗੁਰਦੁਆਰਾ ਪ੍ਰਬੰਧ ਨੂੰ ਭ੍ਰਿਸ਼ਟ ਕਰਨ ਦੀ ਨੀਂਹ ਰੱਖ ਦਿੱਤੀ ਗਈ ਸੀ। ਉਨ੍ਹਾਂ ਪਿਛਲੇ ਤੇ ਮੌਜੂਦਾ ਪ੍ਰਬੰਧ ਦੀ ਤੁਲਨਾ ਕਰਦਿਆਂ ਦੱਸਿਆ ਕਿ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਸੰਸਥਾ ਦੇ ਵਾਹਨ ਦੀ ਵਰਤੋਂ ਕਰਨ ਸਮੇਂ ਸੰਕੋਚ ਕੀਤਾ ਜਾਂਦਾ ਸੀ ਪਰ ਅੱਜ ਸੰਸਥਾ ਦਾ ਛੋਟਾ ਅਧਿਕਾਰੀ ਵੀ ਖੁੱਲ੍ਹੇਆਮ ਸੰਸਥਾ ਦੇ ਵਾਹਨਾਂ ਦੀ ਦੁਰਵਰਤੋਂ ਕਰ ਰਿਹਾ ਹੈ। 

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਦਖਲ ਅੰਦਾਜ਼ੀ ਦਾ ਜ਼ਿਕਰ ਕਰਦਿਆਂ ਦੱਸਿਆ ਕਿ 1999 ਤੋਂ ਬਾਅਦ ਕਿਵੇਂ ਜਥੇਦਾਰਾਂ ਨੂੰ ਬਦਲਿਆ ਗਿਆ ਅਤੇ ਉਨ੍ਹਾਂ ਦੀ ਅਹਿਮੀਅਤ ਨੂੰ ਘੱਟ ਕਰ ਦਿੱਤਾ ਗਿਆ। ਉਨ੍ਹਾਂ ਇਸ ਮਾਮਲੇ ਵਿਚ ਭਾਈ ਰਣਜੀਤ ਸਿੰਘ, ਗਿਆਨੀ ਪੂਰਨ ਸਿੰਘ ਅਤੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੀਆਂ ਸੇਵਾਵਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚੋਂ ਧਾਰਮਿਕ ਧਰੋਹਰਾਂ ਦੇ ਖਾਤਮੇ ਦਾ ਵੀ ਜ਼ਿਕਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਬਣੇ ਇਤਿਹਾਸਕ ਭੋਰੇ ਨੂੰ ਖਤਮ ਕਰਨ ਬਾਰੇ ਦੱਸਿਆ ਹੈ। 

ਪੁਸਤਕ ਦੇ ਰਿਲੀਜ਼ ਸਮੇਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ, ਪੰਜ ਪਿਆਰਿਆਂ ਵਿਚੋਂ ਭਾਈ ਮੇਜਰ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਹੋਰ ਪਤਵੰਤੇ ਹਾਜ਼ਰ ਸਨ।