ਜੈਤੋ ਦੇ ਮੋਰਚੇ ਦੀ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਪ੍ਰਚਾਰਕਾਂ ਨਾਲ ਕੀਤੀ ਇਕੱਤਰਤਾ

ਜੈਤੋ ਦੇ ਮੋਰਚੇ ਦੀ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਪ੍ਰਚਾਰਕਾਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 8 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 21 ਫ਼ਰਵਰੀ ਨੂੰ ਮਨਾਈ ਜਾ ਰਹੀ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ ਇਸ ਇਕੱਤਰਤਾ ਵਿਚ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕੀਤੇ ਜਾ ਰਹੇ ਗੁਰਮਤਿ ਸਮਾਗਮਾਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਚਰਚਾ ਕੀਤੀ ਗਈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਪ੍ਰਚਾਰਕ ਸਿੰਘਾਂ ਨਾਲ ਵਿਚਾਰ ਸਾਂਝੇ ਕੀਤੇ।

ਇਕੱਤਰਤਾ ਮਗਰੋਂ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਜੈਤੋ ਦਾ ਮੋਰਚਾ ਸਿੱਖ ਇਤਿਹਾਸ ਦਾ ਇਕ ਗੌਰਵਸ਼ਾਲੀ ਅਧਿਆਇ ਹੈ। ਇਸ ਮੋਰਚੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ। ਭਾਈ ਮਹਿਤਾ ਨੇ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰਕ ਜਥਿਆਂ ਦਾ ਵੱਡਾ ਰੋਲ ਹੈ, ਜਿਸ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਜਥਿਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੈਤੋ ਦੇ ਮੋਰਚੇ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਜਿਥੇ ਅੱਜ ਸਮੀਖਿਆ ਕੀਤੀ ਗਈ ਹੈ, ਉਥੇ ਹੀ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ 19, 20 ਅਤੇ 21 ਫ਼ਰਵਰੀ, 2024 ਨੂੰ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ ਹਨ। ਸਮਾਗਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 19 ਫ਼ਰਵਰੀ ਨੂੰ ਜੈਤੋ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, 20 ਫ਼ਰਵਰੀ ਨੂੰ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀ ਜਾਵੇਗੀ। ਇਸੇ ਤਰ੍ਹਾਂ 21 ਫ਼ਰਵਰੀ ਨੂੰ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਸਬੰਧੀ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੀਆਂ। ਉਨ੍ਹਾਂ ਪ੍ਰਚਾਰਕਾਂ ਨੂੰ ਸਮਾਗਮਾਂ ਪ੍ਰਤੀ ਵੱਧ ਤੋਂ ਵੱਧ ਸੰਗਤਾਂ ਨੂੰ ਪ੍ਰੇਰਿਤ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ, ਸ. ਕਰਤਾਰ ਸਿੰਘ, ਸ. ਬਹਾਲ ਸਿੰਘ, ਅਨੰਦਪੁਰ ਜੋਨ ਦੇ ਇੰਚਾਰਜ ਸ. ਗੁਰਭਾਗ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਜੋਨ ਦੇ ਇੰਚਾਰਜ ਸ. ਜਗਪਾਲ ਸਿੰਘ, ਸਮੇਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਹਾਜ਼ਰ ਸਨ।