ਦਿੱਲੀ ਹਿੰਸਾ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਇਆ ਹੁਕਮ; ਪੀੜਤਾਂ ਨੂੰ ਗੁਰਦੁਆਰਿਆਂ ਵਿਚ ਦਵੋ ਸ਼ਰਨ

ਦਿੱਲੀ ਹਿੰਸਾ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਇਆ ਹੁਕਮ; ਪੀੜਤਾਂ ਨੂੰ ਗੁਰਦੁਆਰਿਆਂ ਵਿਚ ਦਵੋ ਸ਼ਰਨ

ਅੰਮ੍ਰਿਤਸਰ: ਬੀਤੇ ਐਤਵਾਰ ਤੋਂ ਭਾਰਤ ਦੀ ਰਾਜਧਾਨੀ ਦਿੱਲੀ ਵਿਚ ਹੋ ਰਹੀ ਹਿੰਸਾ ਵਿਚ ਮਰ ਰਹੀ ਇਨਸਾਨੀਅਤ ਨੂੰ ਬਚਾਉਣ ਲਈ ਅਕਾਲ ਤਖ਼ਤ ਸਾਹਿਬ ਵੱਲੋਂ ਹੁਕਮ ਜਾਰੀ ਕਰਕੇ ਸਿੱਖਾਂ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਹਿੰਸਾ ਦੇ ਪੀੜਤ ਲੋਕਾਂ ਨੂੰ ਗੁਰਦੁਆਰਾ ਸਾਹਿਬਾਨ ਵਿਚ ਸ਼ਰਨ ਦਿੱਤੀ ਜਾਵੇ। 

ਗਿਆਨੀ ਹਰਪ੍ਰੀਤ ਸਿੰਘ, ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿਚ ਜੋ ਹਿੰਸਾਂ ਦੀਆਂ ਬਹੁਤ ਹੀ ਮੰਦਭਾਗੀਆਂ ਘਟਨਾਵਾਂ ਵਾਪਰੀਆ ਹਨ, ਜਿਸ ਵਿਚ ਕਈ ਵਿਅਕਤੀਆਂ ਦੇ ਜਖਮੀ ਅਤੇ ਮਾਰੇ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਜਿਸ ਸਬੰਧੀ ਸਿੰਘ ਸਾਹਿਬ ਜੀ ਨੇ ਕਿਹਾ ਹੈ ਕਿ ਜੋ ਸ਼ਰਨ ਆਉਂਦਾ ਹੈ ਉਸ ਨੂੰ ਗਲੇ ਨਾਲ ਲਗਾਉਣਾ ਸਾਡਾ ਸਿੱਖੀ ਦਾ ਸਿਧਾਂਤ ਹੈ। ਇਸ ਵਕਤ ਦਿੱਲੀ ਵਿਚ ਹਾਲਾਤ ਬਹੁਤ ਹੀ ਨਾਜੁਕ ਬਣੇ ਹੋਏ ਹਨ, ਜਿਸ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਹੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਇਸ ਦੁੱਖ ਦੀ ਘੜੀ ਵਿਚ ਇਨ੍ਹਾਂ ਪੀੜਤਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ, ਭਾਵੇਂ ਉਹ ਪੀੜਤ ਹਿੰਦੂ / ਮੁਸਲਮਾਨ ਜਾਂ ਕੋਈ ਵੀ ਹੋਵੇ।

ਉਹਨਾਂ ਕਿਹਾ ਕਿ ਜਿਹੜੇ ਵੀ ਹਿੰਸਾ ਦਾ ਸ਼ਿਕਾਰ ਹੋਏ ਲੋਕ ਨੇ ਉਨ੍ਹਾਂ ਦੀ ਗੁਰਦੁਆਰਾ ਸਾਹਿਬਾਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇ।ਸਿੰਘ ਸਾਹਿਬ ਨੇ ਖਾਸ ਤੌਰ 'ਤੇ ਇਹ ਵੀ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਪੀੜਤਾਂ ਨੂੰ ਸ਼ਰਨ ਵੀ ਦੇਣ ਅਤੇ ਲੰਗਰ ਆਦਿ ਦਾ ਪ੍ਰਬੰਧ ਵੀ ਕਰਨ।ਇਸ ਤੋਂ ਇਲਾਵਾ ਬੱਚਿਆਂ ਤੇ ਔਰਤਾਂ ਦੀ ਸੁਰੱਖਿਆ ਦਾ ਵਿਸ਼ੇਸ਼ ਤੌਰ 'ਤੇ ਧਿਆਨ ਰੱਖਿਆ ਜਾਵੇ।