ਤਨਖਾਹੀਏ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਧਰਮ ਪ੍ਰਚਾਰ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਖਿਮਾ ਯਾਚਨਾ ਕੀਤੀ

ਤਨਖਾਹੀਏ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਧਰਮ ਪ੍ਰਚਾਰ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਖਿਮਾ ਯਾਚਨਾ ਕੀਤੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਧਰਮਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜਫ਼ਰਵਾਲ ਨੇ ਅੱਜ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ ਮੁਆਫੀ ਮੰਗੀ ਹੈ। ਇਸ ਸਬੰਧੀ ਇਹਨਾਂ ਦੋਵਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਪੱਤਰ ਸੌਂਪ ਕੇ ਖਿਮਾ ਯਾਚਨਾ ਕੀਤੀ ਹੈ। 

ਜ਼ਿਕਰਯੋਗ ਹੈ ਕਿ ਇਹਨਾਂ ਦੋਵਾਂ ਨੂੰ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵਲੋਂ ਪੰਥ ਵਿਚੋਂ ਛੇਕੇ ਹੋਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਦੇ ਦੋਸ਼ ਹੇਠ ਤਨਖਾਹੀਆ ਕਰਾਰ ਦਿੱਤਾ ਗਿਆ ਸੀ। 

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਸੀ ਕਿ ਇਨ੍ਹਾਂ ਦੋਵਾਂ ਨੂੰ ਸਾਰੀਆਂ ਕਮੇਟੀਆਂ ਅਤੇ ਸਬ ਕਮੇਟੀਆਂ ਵਿਚੋਂ ਵੀ ਬਾਹਰ ਕੱਢ ਦਿੱਤਾ ਜਾਵੇ। ਜਿਸ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਰਾ ਨੂੰ ਸਾਰੀਆਂ ਕਮੇਟੀਆਂ ਅਤੇ ਸਬ ਕਮੇਟੀਆਂ ਵਿਚੋਂ ਬਾਹਰ ਕਰ ਦਿੱਤਾ ਗਿਆ ਸੀ।

ਅੱਜ ਇਨ੍ਹਾਂ ਦੋਵਾਂ ਨੇ ਇਥੇ ਅਕਾਲ ਤਖ਼ਤ ਸਾਹਿਬ ਦੇ ਸਕਤਰੇਤ ਵਿਖੇ ਪਹੁੰਚ ਕੇ ਜਥੇਦਾਰ ਦੇ ਨਾਂ ’ਤੇ ਖਿਮਾ ਯਾਚਨਾ ਪੱਤਰ ਦਿੱਤੇ ਹਨ। ਪੱਤਰ ਵਿਚ ਉਨ੍ਹਾਂ ਲਿਖਿਆ ਕਿ ਮੀਡੀਆ ਅਤੇ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਹ ਹਮੇਸ਼ਾਂ ਹੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹੇ ਹਨ। ਉਨ੍ਹਾਂ ਕੋਲੋਂ ਜਾਣੇ ਅਣਜਾਣੇ ਵਿਚ ਜੇਕਰ ਕੋਈ ਗਲਤੀ ਹੋਈ ਹੈ ਤਾਂ ਉਹ ਉਸ ਦੀ ਖਿਮਾ ਯਾਚਨਾ ਕਰਦੇ ਹਨ। ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਵੀ ਹੁਕਮ ਕੀਤਾ ਜਾਵੇਗਾ, ਉਸ ਦੀ ਪਾਲਣਾ ਕਰਨਗੇ। 

ਮੀਡੀਆ ਨਾਲ ਗੱਲ ਕਰਦਿਆਂ ਗੋਰਾ ਅਤੇ ਜਫਰਵਾਲ ਦੋਵਾਂ ਨੇ ਹੀ ਆਖਿਆ ਕਿ ਉਹ ਸੁੱਚਾ ਸਿੰਘ ਲੰਗਾਹ ਨਾਲ ਅੰਮ੍ਰਿਤ ਸੰਚਾਰ ਸਮਾਗਮ ਵਿਚ ਸ਼ਾਮਲ ਨਹੀਂ ਹੋਏ ਹਨ। ਇਸ ਸਬੰਧ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਫੋਟੋਆਂ ਬਾਰੇ ਉਨ੍ਹਾਂ ਆਖਿਆ ਕਿ ਇਸ ਬਾਰੇ ਜਾਣਕਾਰੀ ਨਹੀਂ ਹੈ। ਇਹ ਪੁਰਾਣੀਆਂ ਫੋਟੋਆਂ ਵੀ ਹੋ ਸਕਦੀਆਂ ਹਨ, ਜਿਨ੍ਹਾਂ ਨਾਲ ਛੇੜਖਾਨੀ ਕਰਕੇ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ।