ਦਿੱਲੀ ਹਿੰਸਾ ਦੇ ਪੀੜਤਾਂ ਦੀ ਮਦਦ ਲਈ ਅਕਾਲ ਤਖ਼ਤ ਸਾਹਿਬ ਵੱਲੋਂ 6 ਮੈਂਬਰੀ ਕਮੇਟੀ ਬਣਾਈ ਗਈ

ਦਿੱਲੀ ਹਿੰਸਾ ਦੇ ਪੀੜਤਾਂ ਦੀ ਮਦਦ ਲਈ ਅਕਾਲ ਤਖ਼ਤ ਸਾਹਿਬ ਵੱਲੋਂ 6 ਮੈਂਬਰੀ ਕਮੇਟੀ ਬਣਾਈ ਗਈ

ਅੰਮ੍ਰਿਤਸਰ: ਦਿੱਲੀ ਹਿੰਸਾ ਦੇ ਪੀੜਤ ਲੋਕਾਂ ਦੀ ਮਦਦ ਕਰਨ ਲਈ ਅਤੇ ਲੋਕਾਂ ਵਿਚ ਆਪਸੀ ਭਾਈਚਾਰਾ ਸਥਾਪਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 6 ਸਿੱਖ ਨੁਮਾਂਇੰਦਿਆਂ ਦੀ ਇਕ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵੀਸੀ ਜਸਪਾਲ ਸਿੰਘ, ਘੱਟ ਗਿਣਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੂੰ ਸ਼ਾਮਲ ਕੀਤਾ ਗਿਆ ਹੈ।

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਕਮੇਟੀ ਨੂੰ ਦਿੱਲੀ ਹਿੰਸਾ ਦੇ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲੈ ਕੇ ਪੰਥਕ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਰੂਰੀ ਮਦਦ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਕਮੇਟੀ ਨੂੰ ਦੋਹਾਂ ਧਿਰਾਂ ਵਿਚ ਸ਼ਾਂਤੀ ਬਣਾਈ ਰੱਖਣ ਲਈ ਉਪਰਾਲਾ ਕਰਨ ਲਈ ਵੀ ਕਿਹਾ ਗਿਆ ਹੈ।

ਇਹ ਜਾਂਚ ਕਮੇਟੀ ਇਸ ਹਿੰਸਾ ਵਿਚ ਸਿੱਖਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਰਿਪੋਰਟ ਦਫਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ।