ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਠੁਕਰਾਇਆ ਵਲਟੋਹਾ ਦੀ ‘ਅਪੀਲ’
ਕਿਹਾ ਕਿ ਅਕਾਲੀ ਦਲ ਅੰਮ੍ਰਿਤਪਾਲ ਲਈ ਸੀਟ ਛਡੇ
ਅੰਮ੍ਰਿਤਸਰ ਟਾਈਮਜ਼ ਬਿਊਰੋ
ਖਡੂਰ ਸਾਹਿਬ-ਲੋਕ ਸਭਾ ਚੋਣਾਂ 2024 ਦੀ ਹੌਟ ਸੀਟ ਖਡੂਰ ਸਾਹਿਬ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਸਮਰਥਨ ਨਹੀਂ ਦੇਵੇਗਾ।ਯਾਦ ਰਹੇ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਇਸੇ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨਾਲ ਵਿਰਾਸਤੀ ਮਾਰਗ ਵਿਖੇ ਸਵੇਰੇ ਪੁੱਜ ਕੇ ਮੁਲਾਕਾਤ ਕੀਤੀ ਸੀ। ਵਲਟੋਹਾ ਨੇ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਮੁਖੀ ਦੇ ਮਾਤਾ-ਪਿਤਾ ਨੂੰ ਅੰਮ੍ਰਿਤਪਾਲ ਸਿੰਘ ਨੂੰ ਵੱਖਰੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਸੀ।
ਪਰ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰ ਨੇ ਵਲਟੋਹਾ ਦੀ ਅਪੀਲ ਠੁਕਰਾ ਦਿਤੀ।ਉਹਨਾਂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਚਾਹੁੰਦੀ ਹੈ ਕਿ ਉਹਨਾਂ ਦੀ ਸਾਖ ਬਚੇ ਤਾਂ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਨਿੱਤਰਨਾ ਚਾਹੀਦਾ ਹੈ।
ਅੰਮ੍ਰਿਤ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦਾ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਇਆ ਹੈ ਤੇ ਉਨ੍ਹਾਂ ਦਾ ਪੁੱਤਰ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਚੋਣ ਜ਼ਰੂਰ ਲੜਨਗੇ। ਉਨ੍ਹਾਂ ਕਿਹਾ ਕਿ ਇਹ ਪੰਥ ਦੀ ਆਵਾਜ਼ ਹੈ। ਨਾਲ ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਕਿਸੇ ਵੀ ਤਰ੍ਹਾਂ ਦਾ ਸਮਰਥਨ ਨਹੀਂ ਦਿੱਤਾ ਗਿਆ।ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਨਾਰਾਜ਼ਗੀ ਵੀ ਜਤਾਈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਨਹੀਂ ਐਲਾਨਣਾ ਚਾਹੀਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਪਸ਼ਟ ਕਰ ਦਿੱਤਾ ਕਿ ਵਲਟੋਹਾ ਨੂੰ ਅਸੀਂ ਕੋਈ ਚੁਣੌਤੀ ਨਹੀਂ ਮੰਨਦੇ।ਉਨ੍ਹਾਂ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਾਖ ਬਚਾਉਣਾ ਚਾਹੁੰਦਾ ਹੈ ਤਾਂ 12 ਸੀਟਾਂ ਤੇ ਉਹ ਆਪ ਚੋਣ ਲੜ ਸਕਦਾ ਹੈ ਤੇ ਖਡੂਰ ਸਾਹਿਬ ਵਾਲੀ ਸੀਟ ਨੂੰ ਭਾਈ ਅੰਮ੍ਰਿਤ ਪਾਲ ਸਿੰਘ ਦੇ ਹੱਕ ਦੇ ਵਿੱਚ ਭੁਗਤਾ ਸਕਦਾ ਹੈ। ਪਰ ਸੱਤਾ ਦੇ ਲਾਲਚ ਵਿੱਚ ਵਿਰਸਾ ਸਿੰਘ ਵਲਟੋਹਾ ਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਪਾਰਟੀ ਦਾ ਹੋਰ ਨੁਕਸਾਨ ਕਰ ਰਹੇ ਹਨ।
Comments (0)