ਆਓ, ਨਵੇਂ ਵਰ੍ਹੇ 'ਚ 'ਕਿਤਾਬ ਇਨਕਲਾਬ' ਲਿਆਈਏ

ਆਓ, ਨਵੇਂ ਵਰ੍ਹੇ 'ਚ 'ਕਿਤਾਬ ਇਨਕਲਾਬ' ਲਿਆਈਏ

'ਅੱਜ ਪਦਾਰਥਵਾਦ ਨੇ, ਕੀਤੀ ਸੋਚ ਖ਼ਰਾਬ।

ਐਯਾਸ਼ੀ ਵਿੱਚ ਆਦਮੀ,ਬੈਠਾ ਛੱਡ ਕਿਤਾਬ।'

ਅਸੀਂ 2022 ਵਰ੍ਹੇ ਦੀ ਦਹਿਲੀਜ਼ 'ਤੇ ਕਦਮ ਧਰਿਆ ਹੈ। ਮਨ ਵਿੱਚ ਨਵੀਆਂ ਸੋਚਾਂ ਅਤੇ ਸੰਕਲਪ ਕਰਵਟਾਂ ਲੈ ਰਹੇ ਹਨ। ਇਸ ਸਮੇਂ ਆਪਣੇ ਆਪ ਨਾਲ ਗੰਭੀਰ ਵਿਚਾਰ ਕਰਨਾ ਲਾਹੇਵੰਦ ਹੋਏਗਾ ਕਿ ਕਿਤਾਬ ਦੀ ਸਾਡੇ ਜੀਵਨ ਵਿਚ ਕੀ ਅਹਿਮੀਅਤ ਹੈ। ਦੋ ਦਹਾਕੇ ਪਹਿਲਾਂ ਵਾਪਰੀ ਇਕ ਘਟਨਾ ਅੱਜ ਪੂਰੀ ਤਰ੍ਹਾਂ ਚੇਤੇ ਹੈ, ਜਦੋਂ ਕੈਨੇਡਾ ਜਾਂਦਿਆਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ 'ਤੇ ਲੋੜੋਂ ਵੱਧ ਭਾਰ ਲਿਜਾ ਰਹੇ ਮੁਸਾਫਿਰਾਂ ਨੂੰ ਇਕ-ਇਕ ਕਰਕੇ ਰੋਕਿਆ ਜਾ ਰਿਹਾ ਸੀ। ਕਸਟਮ ਅਧਿਕਾਰੀਆਂ ਅਤੇ ਏਅਰ ਲਾਈਨਜ਼ ਸਟਾਫ਼ ਮੈਂਬਰਾਨ ਦੇ ਨਿਰਦੇਸ਼ ਅਨੁਸਾਰ ਸਮਾਨ ਨਿਸ਼ਚਿਤ ਵਜ਼ਨ ਤੋਂ ਵਧੇਰੇ ਹੋਣ ਦੀ ਸੂਰਤ 'ਚ ਹਜ਼ਾਰਾਂ ਰੁਪਏ ਦੇਣ ਦੀਆਂ ਸ਼ਰਤਾਂ ਸਨ। ਬੱਸ ਫੇਰ ਕੀ ਸੀ, ਜਿਵੇਂ ਏਅਰਪੋਰਟ 'ਤੇ 'ਮੋਤੀਆ ਬਾਜ਼ਾਰ' ਹੀ ਲੱਗ ਗਿਆ ਹੋਵੇ। ਬਹੁਤ ਸਾਰੇ ਮੁਸਾਫਿਰ ਆਪਣੇ ਅਟੈਚੀ ਖੋਲ ਰਹੇ ਸਨ ਤੇ ਵਾਧੂ ਸਮਾਨ ਕੱਢ ਰਹੇ ਸਨ। ਹੈਰਾਨੀ ਇਸ ਗੱਲ ਦੀ ਸੀ ਕਿ ਹਰ ਕਿਸੇ ਦੇ ਬੈਗ ਕੱਪੜਿਆਂ ਨਾਲ ਤੁੰਨੇ ਹੋਏ ਸਨ। ਆਦਮੀਆਂ ਦੇ ਕੋਟ-ਪੈਂਟਾਂ ਸਣੇ, ਇਸਤਰੀਆਂ ਦੇ ਸਿਉਂਤੇ ਸੂਟਾਂ ਦੀ ਗਿਣਤੀ ਦਰਜਨਾਂ ਤੋਂ ਵੱਧ ਜਾਪ ਰਹੀ ਸੀ। ਸਭ ਤੋਂ ਵੱਡਾਂ ਦੁਖਾਂਤ ਇਸ ਗੱਲ ਦਾ ਸੀ ਕਿ ਇਕ-ਅੱਧੇ ਨੂੰ ਛੱਡ ਕੇ, ਕਿਸੇ ਦੇ ਸਮਾਨ ''ਕਿਤਾਬ' ਨਾਂਅ ਦੀ ਸ਼ੈਅ ਸ਼ਾਮਿਲ ਨਹੀਂ ਸੀ। ਜੇਕਰ ਕਿਸੇ ਭਲੇ-ਪੁਰਖ ਨੇ ਜ਼ੋਰ ਪਾ ਕੇ, ਕੁਝ ਪੁਸਤਕਾਂ ਖ਼ਰੀਦੀਆਂ ਵੀ ਸਨ, ਤਾਂ ਸਮਾਨ ਵਧਣ ਦੀ ਸੂਰਤ ਵਿਚ, ਅਟੈਚੀਆਂ 'ਚੋਂ ਬਾਹਰ ਕੱਢਣ ਦੇ ਲਈ ਕਿਤਾਬਾਂ ਦੀ ਹੀ ਚੋਣ ਹੇ ਰਹੀ ਸੀ। ਕਿਤਾਬਾਂ ਤੋਂ ਸੱਖਣੇ ਕੱਪੜਿਆਂ ਲੱਦੇ ਅਟੈਚੀ, ਗਿਆਨ ਵਿਹੂਣੇ ਧੁੰਦਲੇ ਭਵਿੱਖ ਦੀ ਮੂੰਹ ਬੋਲਦੀ ਤਸਵੀਰ ਜਾਪ ਰਹੇ ਸਨ।

ਬਿਨਾਂ ਕਿਤਾਬੋਂ ਘੱਟ ਹੀ, ਹਾਸਲ ਹੋਏ ਗਿਆਨ।

ਘੁੱਪ ਹਨੇਰਾ ਹੋਏ ਜਿਓਂ, ਘਰ, ਬਿਨ ਰੌਸ਼ਨਦਾਨ।

ਸਿਆਣੇ ਆਖਦੇ ਹਨ ਕਿ ਕਿਤਾਬ ਮਨੁੱਖ ਦੀ ਸਭ ਤੋਂ ਚੰਗੀ ਮਿੱਤਰ ਹੈ ਅਤੇ ਗਿਆਨ ਨਾ- ਗੁਆਚਣ ਯੋਗ ਅਨਮੋਲ ਗਹਿਣਾ ਹੈ, ਪਰ ਅੱਜ ਪੰਜਾਬੀ ਕਿਤਾਬ ਅਤੇ ਗਿਆਨ ਤੋਂ ਵਿਹੂਣੇ ਹੁੰਦੇ ਜਾ ਰਹੇ ਹਨ। ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਦੀ ਗੱਲ ਵਿਸ਼ੇਸ਼ ਤੌਰ 'ਤੇ ਕੀਤੀ ਜਾਵੇ , ਤਾਂ ਹਰ ਵਰ੍ਹੇ ਵੱਖ- ਵੱਖ ਦੇਸ਼ਾਂ ਤੋਂ ਲੱਖਾਂ ਪੰਜਾਬੀ ਵਤਨ ਆ ਕੇ, ਕੁਝ ਹਫ਼ਤਿਆਂ ਤੱਕ ਪੰਜਾਬ ਰਹਿਣ ਦੌਰਾਨ, ਕਰੋੜਾਂ ਰੁਪਇਆ ਦੀ ਖਰੀਦੋ-ਫਰੋਖਤ ਕਰਦੇ ਹਨ। ਪਰਵਾਸੀ ਪੰਜਾਬੀਆਂ ਦਾ ਝੁਰਮਟ ਲੀੜੇ- ਲੱਤਿਆਂ ਦੀ ਮੰਡੀ 'ਚ ਤਾਂ ਠਾਠਾਂ ਮਾਰਦਾ ਨਜ਼ਰ ਆਵੇਗਾ, ਪਰ ਕਿਤਾਬਾਂ ਦੀਆਂ ਦੁਕਾਨਾਂ 'ਤੇ ਕੋਈ ਵਿਰਲਾ ਹੀ ਪੰਜਾਬੀ ਬੱਚਿਆਂ ਨੂੰ ਲੈ ਕੇ ਪੁੱਜੇਗਾ। ਇਹੀ ਕਾਰਨ ਹੈ ਕਿ ਵਿਦੇਸ਼ਾਂ 'ਚ ਵਸਦੇ ਬਹੁਤ ਸਾਰੇ ਪੰਜਾਬੀ ਪਰਿਵਾਰਾਂ ਦੇ ਬੱਚੇ ਪੰਜਾਬ ਦੀ ਵਿਰਾਸਤ, ਭਾਸ਼ਾ ਤੇ ਇਤਿਹਾਸ ਦੇ ਗਿਆਨ ਤੋਂ ਸੱਖਣੇ ਰਹਿ ਜਾਂਦੇ ਹਨ। ਸਮੱਸਿਆ ਦੇ ਹੱਲ ਲਈ ਕਾਰਨਾਂ ਦੀ ਪੜਚੋਲ ਜ਼ਰੂਰੀ ਹੁੰਦੀ ਹੈ। ਚਿੰਤਾ ਦੀ ਗੱਲ ਇਹ ਹੈ ਕਿ ਪੰਜਾਬੀ ਚਾਹੇ ਵਿਦੇਸ਼ਾਂ 'ਚੋਂ ਆਉਣ ਜਾਂ ਪੰਜਾਬ 'ਚ ਹੀ ਰਹਿੰਦੇ ਹੋਣ, ਉਨ੍ਹਾਂ ਦੇ ਘਰਾਂ ਅੰਦਰ 'ਬੀਅਰ ਬਾਰ' ਤਾਂ 'ਆਮ' ਮਿਲ ਜਾਵੇਗੀ, ਪਰ 'ਲਾਇਬਰੇਰੀ' ਕਿਸੇ 'ਖਾਸ' ਘਰ 'ਚ ਹੀ ਨਜ਼ਰ ਆਵੇਗੀ। 'ਪਿਆਓ- ਪੀਓ ਐਸ਼ ਕਰੋ ਮਿੱਤਰੋ' ਵਾਲਾ ਸੁਭਾਅ ਸਾਨੂੰ ਗੰਭੀਰਤਾ ਤੋਂ ਕੋਹਾਂ ਦੂਰ ਲਿਜਾ ਰਿਹਾ ਹੈ। ਹੋਰ ਫ਼ਿਕਰਮੰਦੀ ਦੀ ਗੱਲ ਬਾਜ਼ਾਰ ਦੀ ਇਸ਼ਤਿਹਾਰਬਾਜ਼ੀ ਦੀ ਵੀ ਹੈ। ਜਿੰਨਾ ਪ੍ਰਚਾਰ ਬਾਜ਼ਾਰ 'ਚ ਸ਼ਰਾਬ ਦਾ ਹੋ ਰਿਹਾ ਹੈ, ਉਨਾਂ ਕਿਤਾਬਾਂ ਦਾ ਨਹੀਂ। ਕਈ ਵਾਰ ਤਾਂ ਕਿਤਾਬਾਂ ਦੀਆਂ ਦੁਕਾਨਾਂ ਲੱਭਣੀਆਂ ਵੀ ਔਖੀਆਂ ਹੋ ਜਾਂਦੀਆਂ ਹਨ।ਅਤੇ ਇਉਂ ਜਾਪਦਾ ਹੈ ਜਿਵੇਂ ;

'ਬੌਧਿਕ ਗਿਆਨ ਵਧਾਉਣ ਨੂੰ, ਮਿਲਦੀ ਨਹੀਂ ਕਿਤਾਬ।

ਨਸ਼ਿਆਂ ਤਾਈਂ ਫੈਲਾਉਣ ਨੂੰ, ਘਰ ਘਰ ਮਿਲੇ ਸ਼ਰਾਬ।'

'ਪੁਸਤਕਾਂ ਸੱਭਿਆਚਾਰ' ਨੂੰ ਪ੍ਰਫੁਲਿਤ ਕਰਨ ਲਈ ਭਾਸ਼ਾਈ ਅਦਾਰਿਆਂ ਨੂੰ ਸਰਗਰਮੀ ਵਿਖਾਉਣੀ ਹੋਵੇਗੀ। ਇਸ ਸੰਦਰਭ ਵਿੱਚ ਅਦਾਰਾ ਭਾਸ਼ਾ ਵਿਭਾਗ, ਪੰਜਾਬ ਹੋਰ ਵੀ ਵਡਮੁੱਲਾ ਯੋਗਦਾਨ ਪਾ ਸਕਦਾ ਹੈ। ਮਿਸਾਲ ਵਜੋਂ ਪੰਜਾਬ ਦੀ ਹਰ ਜ਼ਿਲ੍ਹੇ ਅੰਦਰ ਭਾਸ਼ਾ ਮਹਿਕਮੇ ਦਾ ਦਫ਼ਤਰ ਹੈ ਤੇ ਜ਼ਿਲ੍ਹਾ ਭਾਸ਼ਾ ਅਫ਼ਸਰਾਂ ਦੀ ਜ਼ਿੰਮੇਵਾਰੀ ਹੋਵੇ ਕਿ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਤੇ ਹੋਰ ਜਨਤਕ ਥਾਂਵਾਂ 'ਤੇ ਬੋਰਡ ਲਾ ਕੇ, ਚੰਗੀਆਂ ਪੁਸਤਕਾਂ ਖਰੀਦਣ ਲਈ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਵੇ। ਪੰਜਾਬੀਆਂ ਦੀਆਂ ਲੋੜਾਂ ਮੁੱਖ ਰਖਦਿਆਂ ਜੇਕਰ ਇਹ ਅਦਾਰੇ ਸੇਵਾਵਾਂ ਦਾ ਪ੍ਰਬੰਧ ਕਰਨ, ਤਾਂ ਯਕੀਨਨ ਤੌਰ ਤੇ ਪਾਠਕਾਂ ਦੀ ਗਿਣਤੀ 'ਚ ਚੋਖਾ ਵਾਧਾ ਹੋਵੇਗਾ। ਅੱਜ ਪੰਜਾਬੀਆਂ ਨੂੰ ਪੰਜਾਬ ਅੰਦਰ ਹੋਰਨਾਂ ਬਾਜ਼ਾਰਾਂ ਨਾਲੋਂ 'ਮੋਬਾਇਲ ਲਾਇਬਰੇਰੀ' ਦੀ ਵੱਧ ਜ਼ਰੂਰਤ ਹੈ, ਤਾਂ ਕਿ ਅਗਲੀ ਪੀੜ੍ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਮੂਲ ਭਾਵਨਾ ਤੋਂ ਜਾਣੂੰ ਹੋ ਸਕੇ। ਕਿਤਾਬਾਂ ਖਰੀਦਣ ਲਈ ਉਤਸ਼ਾਹ ਵਧਾਉਣ ਵਾਸਤੇ ਚੰਗੇ 'ਪੈਕੇਜ' ਬਣਾਏ ਜਾਣ, ਜਿਸ ਅਧੀਨ ਕੀਮਤੀ ਸਾਹਿਤਕ ਰਚਨਾਵਾਂ ਖਰੀਦਣ 'ਤੇ ਕੁਝ ਗਿਆਨ-ਵਧਾਊ ਪੁਸਤਕਾਂ ਵੀ ਦਿੱਤੀਆਂ ਜਾਣ। ਪੁਸਤਕਾਂ ਵੱਧ ਤੋਂ ਵੱਧ ਵੰਡੀਆਂ ਜਾਣ, ਤਾਂ ਕਿ ਪਾਠਕ ਵਰਗ ਵਿਚ ਵਾਧਾ ਹੋ ਸਕੇ। ਜਿਹੜਾ ਜ਼ਿਲ੍ਹਾ, ਨਗਰ ਜਾਂ ਪਿੰਡ ਅਜਿਹਾ ਕਰਨ ਵਿਚ ਵਧੇਰੇ ਸਫ਼ਲ ਹੋਵੇ, ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇ, ਤਾਂ ਕਿ ਹੋਰਨਾਂ ਅੰਦਰ ਵੀ ਅਜਿਹਾ ਚਾਅ ਪੈਦਾ ਕੀਤਾ ਜਾ ਸਕੇ। ਅਜਿਹਾ ਕਾਰਜ ਹੀ ਯੂਨੀਵਰਸਿਟੀਆਂ ਤੇ ਕਾਲਜ ਵੀ ਕਰ ਸਕਦੇ ਹਨ। ਜੇਕਰ ਪੰਜਾਬੀ ਯੂਨੀਵਰਸਿਟੀ ਪਟਿਆਲਾ 'ਪਬਲੀਕੇਸ਼ਨ ਬਿਊਰੋ' ਰਾਹੀ ਅਥਾਹ ਪੁਸਤਕਾਂ ਛਾਪ ਕੇ ਵੰਡ ਸਕਦੀ ਹੈ ਅਤੇ ਆਪਣੀ ਵੈਬਸਾਈਟ 'ਤੇ ਪੰਜਾਬੀ ਵਿੱਚ ਜਾਣਕਾਰੀ ਦੇ ਸਕਦੀ ਹੈ, ਤਾਂ ਬਾਕੀ ਯੂਨੀਵਰਸਿਟੀਆਂ ਦੀਆਂ ਵੈਬਸਾਈਟਾਂ 'ਤੇ ਪੰਜਾਬੀ 'ਚ ਜਾਣਕਾਰੀ ਦੀ ਘਾਟ ਤੇ ਪੁਸਤਕਾਂ ਦੀ ਪ੍ਰਕਾਸ਼ਨਾਂ ਪ੍ਰਤੀ ਢਿੱਲ-ਮੱਠ ਕਿਉਂ ਹੈ?

ਕਿਤਾਬ ਵਰਗਾ ਤੋਹਫ਼ਾ ਹੋਰ ਕੋਈ ਨਹੀਂ ਹੋ ਸਕਦਾ। ਅਸੀਂ ਨਵੇਂ ਵਰ੍ਹੇ, ਜਨਮ ਦਿਨ, ਵਿਆਹ-ਸ਼ਾਦੀ, ਵਿਸ਼ੇਸ਼ ਦਿਹਾੜੇ ਅਤੇ ਸਨਮਾਨ ਆਦਿ ਮੌਕੇ ਖਾਣ - ਪੀਣ ਜਾਂ ਪਹਿਨਣ ਲਈ ਤਾਂ ਬਹੁਤ ਕੁਝ ਭੇਂਟ ਕਰਦੇ ਹਾਂ, ਪਰ ਪੜ੍ਹਨਯੋਗ ਭੇਟਾ ਵਿੱਚ ਹੱਥ ਤੰਗ ਰੱਖਦੇ ਹਾਂ, ਜਦ ਕਿ ਸਭ ਤੋਂ ਵੱਧ ਯਾਦਗਾਰੀ ਸੌਗਾਤ ਪੁਸਤਕ ਹੀ ਕਹੀ ਜਾ ਸਕਦੀ ਹੈ। ਆਪਣੇ ਜੀਵਨ ਸਫ਼ਰ 'ਚ ਉਹ ਘੜੀ ਮੇਰੇ ਲਈ ਅਭੁੱਲ ਰਹੀ ਹੈ , ਜਦੋਂ ਵਿਆਹ ਮੌਕੇ ਅਨੇਕਾਂ ਪਿਆਰਿਆਂ ਦੇ ਵੱਖ- ਵੱਖ ਤੋਹਫ਼ਿਆਂ ਨਾਲੋਂ , ਇਕ ਜਮਾਤੀ ਦੀ ਭੇਂਟ ਕੀਤੀ 'ਸ਼ਿਵ ਕੁਮਾਰ ਬਟਾਲਵੀਂ ਦੇ ਸੰਪੂਰਨ ਕਾਵਿ ਰਚਨਾ' ਵਧੇਰੇ ਕੀਮਤੀ ਹੋ ਨਿਬੜੀ। ਕੈਨੇਡਾ ਰਵਾਨਾ ਹੋਣ ਵੇਲੇ ਬੈਗ 'ਚ ਟਿਕਾਏ ਹੋਰ ਸਾਮਾਨ ਤੋਂ ਪਹਿਲਾਂ ਜਗ੍ਹਾ ਉਸ ਕਿਤਾਬ ਦੀ ਹੀ ਸੀ। ਮਗਰੋਂ ਪੰਜਾਬ ਤੋਂ ਕੈਨੇਡਾ ਪਰਤਦਿਆਂ ਹਰ ਗੇੜ੍ਹੇ ਦਰਜਨਾਂ ਕਿਤਾਬਾਂ ਨਾਲ ਲਿਆਉਣ ਦੇ ਸੁਭਾਅ ਕਾਰਨ , ਪੰਜਾਬ ਵਾਂਗ ਕੈਨੇਡਾ ਵਿਚਲੇ ਘਰ ਅੰਦਰ ਲਾਇਬਰੇਰੀ ਸ਼ਿੰਗਾਰ ਬਣ ਚੁੱਕੀ ਹੈ। ਵਿਦੇਸ਼ਾਂ ਤੋਂ ਪੰਜਾਬ ਆਉਂਦੇ ਪੰਜਾਬੀ ਜੇਕਰ ਆਪਣੀ ਜਨਮ- ਭੂਮੀ 'ਤੇ ਜਾ ਕੇ ਖ਼ਰੀਦੋ-ਫ਼ਰੋਖ਼ਤ ਕਰਦਿਆਂ, ਕਿਤਾਬਾਂ ਅਤੇ ਕੱਪੜਿਆਂ ਵਿਚਕਾਰ ਸੰਤੁਲਨ ਹੀ ਕਾਇਮ ਕਰ ਲੈਣ, ਤਾਂ ਵੀ ਗਿਆਨ ਦੀ ਲਹਿਰ ਪੈਦਾ ਹੋ ਸਕਦੀ ਹੈ। ਇਸ ਦਾ ਅਸਰ ਕਬੂਲਦਿਆਂ ਪੰਜਾਬ ਵਸਦੇ ਲੋਕਾਂ ਨੂੰ ਵੀ ਪੁਸਤਕਾਂ ਪੜ੍ਹਨ ਲਈ ਹਲੂਣਾ ਮਿਲੇਗਾ ਤੇ ਪੰਜਾਬੀਆਂ ਅੰਦਰ ਪੜ੍ਹਨ ਦੀ ਰੁਚੀ ਵਧੇਗੀ। ਜਿਸ ਦਿਨ ਪੰਜਾਬ ਅੰਦਰ 'ਕਿਤਾਬ ਸੱਭਿਆਚਾਰ' ਪੈਦਾ ਹੋ ਗਿਆ, ਉਸ ਦਿਨ ਗਿਆਨ ਦੇ ਸੂਰਜ ਦੇ ਮਘਣ ਨਾਲ, ਪੰਜਾਬੀਆਂ ਦਾ ਵਿਹੜਾ ਸਚਮੁੱਚ ਪ੍ਰਕਾਸ਼ਮਾਨ ਹੋ ਜਾਏਗਾ ਅਤੇ ਉਹ ਦਿਹਾੜਾ ਮਾਂ ਬੋਲੀ ਪੰਜਾਬੀ ਦਾ ਸੁਨਹਿਰੀ ਸਮਾਂ ਹੋਵੇਗਾ। ਆਓ! ਪੰਜਾਬੀਓ ਨਵੇ ਵਰ੍ਹੇ 'ਤੇ ਨਵਾਂ ਸੰਕਲਪ ਲੈ ਕੇ ਸ਼ਰਾਬ ਦਾ ਛੇਵਾਂ ਦਰਿਆ ਬੰਦ ਕਰਕੇ, ਕਿਤਾਬ ਦੇ ਗਿਆਨ ਰੂਪੀ ਦਰਿਆ ਦੇ ਵਹਿਣ ਦੇਸ਼- ਵਿਦੇਸ਼ਾਂ 'ਚ ਵਹਾ ਦਈਏ। ਕਿਤਾਬ ਇਨਕਲਾਬ ਲਿਆਉਣ ਲਈ ਵਾਰ-ਵਾਰ ਆਪਣੇ ਆਪ ਨੂੰ ਇਸ ਸਵਾਲ ਕਰੀਏ;

'ਘਰ-ਘਰ ਅੰਦਰ 'ਬਾਰ' ਕਿਉਂ, ਕਿਸਮੋਂ-ਕਿਸਮ ਸ਼ਰਾਬ।

ਆਪਾਂ ਕੌਮ ਹਾਂ ਸ਼ਬਦ ਦੀ, ਕਿੱਥੇ ਗਈ ਕਿਤਾਬ ?'

ਡਾ. ਗੁਰਵਿੰਦਰ ਸਿੰਘ

ਕੋਆਰਡੀਨੇਟਰ, ਪੰਜਾਬੀ ਸਾਹਿਤ ਸਭਾ ਮੁੱਢਲੀ (ਰਜਿ.)

ਐਬਟਸਫੋਰਡ, ਕੈਨੇਡਾ

singhnewscanada@gmail.com

001-604-825-1550